ਚੰਡੀਗੜ੍ਹ: ਬੀਤੇ ਸਾਲ ਦੁਸਹਿਰੇ ਵਾਲੇ ਦਿਨ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਲਈ ਐਲਾਨੀਆਂ ਸਰਕਾਰੀ ਨੌਕਰੀਆਂ ਤੇ ਹੋਰ ਸਹੂਲਤਾਂ ਨਾ ਮਿਲਣ ਦਾ ਦੋਸ਼ ਲਾ ਕੇ ਅਕਾਲੀ ਦਲ ਨੇ ਸੋਮਵਾਰ ਨੂੰ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਇੱਥੇ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਆਪਣੇ ਨਾਲ ਲੈ ਕੇ ਪਹੁੰਚੇ।
ਪ੍ਰਦਰਸ਼ਨਕਾਰੀ ਰੇਲ ਹਾਦਸਾ ਪੀੜਤ ਪਰਿਵਾਰਾਂ ਨੇ ਨਵਜੋਤ ਸਿੱਧੂ ਤੇ ਨਵਜੋਤ ਕੌਰ ਸਿੱਧੂ 'ਤੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਪਰਿਵਾਰਾਂ ਨਾਲ ਧੋਖਾ ਕੀਤਾ ਗਿਆ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਵੱਲੋਂ ਵੱਡੇ ਦਾਅਵੇ ਕੀਤੇ ਗਏ ਸੀ, ਪਰ ਨਾ ਉਨ੍ਹਾਂ ਨੂੰ ਨੌਕਰੀਆਂ ਮਿਲੀਆਂ ਤੇ ਨਾ ਹੀ ਪਰਿਵਾਰਾਂ ਦੀ ਜ਼ਿੰਮੇਵਾਰੀ ਸਾਂਭੀ ਗਈ।
ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਦਾ ਅੱਜ ਸਦਨ ਦੇ ਵਿੱਚ ਖੜ੍ਹਾ ਕੀਤਾ ਜਾਵੇਗਾ ਕਿਉਂਕਿ ਪਰਿਵਾਰ ਖ਼ੁਦ ਸਿੱਧੂ ਦੇ ਖਿਲਾਫ ਖੜ੍ਹੇ ਹੋਏ ਹਨ। ਪਰਿਵਾਰਾਂ ਨੇ ਦਾਅਵਾ ਕੀਤਾ ਕਿ ਵਾਰ ਵਾਰ ਨਵਜੋਤ ਸਿੰਘ ਸਿੱਧੂ ਨਾਲ ਮੀਟਿੰਗ ਕਰਨ ਦੇ ਬਾਵਜੂਦ ਵੀ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ।