Punjab News: ਮੋਹਾਲੀ ਪੁਲਿਸ ਨੇ ਸੋਮਵਾਰ ਰਾਤ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ (Navjot Sidhu) ਦੇ ਸਾਬਕਾ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ (Malvinder singh mali) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮਾਲਵਿੰਦਰ ਮਾਲੀ ਖ਼ਿਲਾਫ਼ ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਮਾਲੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਵਿਰੋਧ ਸ਼ੁਰੂ ਹੋ ਗਿਆ ਹੈ। ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਦਾ ਵਿਰੋਧ ਕੀਤਾ ਹੈ ਤੇ ਇਸ ਨੂੰ ਡਿਜੀਟਲ ਐਮਰਜੈਂਸੀ ਕਰਾਰ ਦਿੱਤਾ ਹੈ। ਹਾਲਾਂਕਿ ਆਮ ਆਦਮੀ ਪਾਰਟੀ ਨੇ ਅਜੇ ਤੱਕ ਇਸ 'ਤੇ ਕੋਈ ਬਿਆਨ ਨਹੀਂ ਦਿੱਤਾ ਹੈ ਤੇ ਨਾ ਹੀ ਪੁਲਿਸ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਮਾਲਵਿੰਦਰ ਮਾਲੀ ਨੂੰ ਕਿਸ ਧਾਰਾ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਕੀ ਕਿਹਾ ?
ਕਾਂਗਰਸੀ ਸਾਂਸਦ ਸੁਖਜਿੰਦਰ ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਲਿਖਿਆ- ਸੋਸ਼ਲ ਮੀਡੀਆ 'ਤੇ ਬਦਲਾਅ ਦੀ ਗੱਲ ਕਰਕੇ ਸੱਤਾ 'ਚ ਆਈ ਸਰਕਾਰ ਵੱਲੋਂ ਡਿਜੀਟਲ ਐਮਰਜੈਂਸੀ ਦੀ ਸਥਿਤੀ ਪੈਦਾ ਕੀਤੀ ਜਾ ਰਹੀ ਹੈ। ਮਾਲਵਿੰਦਰ ਮਾਲੀ ਵਰਗੇ ਪੱਤਰਕਾਰ ਤੇ ਹਰ ਉਹ ਵਿਅਕਤੀ ਜੋ ਪੰਜਾਬੀਆਂ ਦੇ ਹੱਕਾਂ ਦੀ ਗੱਲ ਕਰਦਾ ਹੈ ਤੇ ਹਰ ਸਮੇਂ ਸਰਕਾਰ ਦੀ ਆਲੋਚਨਾ ਕਰਦਾ ਰਿਹਾ ਹੈ, ਇਹ ਲੋਕ ਉਨ੍ਹਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਦੇ ਹਨ।
ਰਾਜਾ ਵੜਿੰਗ ਨੇ ਕੀ ਕਿਹਾ ?
ਲੁਧਿਆਣਾ ਦੇ ਸੰਸਦ ਮੈਂਬਰ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਹੈ ਕਿ ਸਿਆਸੀ ਵਿਸ਼ਲੇਸ਼ਕ ਮਾਲਵਿੰਦਰ ਮਾਲੀ ਨੂੰ ਪੰਜਾਬ ਪੁਲਿਸ ਨੇ ਬਿਨਾਂ ਕਿਸੇ ਵਾਰੰਟ ਜਾਂ ਐਫਆਈਆਰ ਦੀ ਕਾਪੀ ਤੋਂ ਗ੍ਰਿਫਤਾਰ ਕੀਤਾ ਹੈ। ਆਪ ਦੀ ਤਾਨਾਸ਼ਾਹੀ ਦਾ ਪਰਦਾਫਾਸ਼ !