ਮੁਕਤਸਰ: ਮੁਲਾਜ਼ਮਾਂ ਜਥੇਬੰਦੀਆਂ ਦਾ ਸੰਘਰਸ਼ ਬਾਦਲਾਂ ਦੇ ਗੜ੍ਹ ਤੱਕ ਪਹੁੰਚ ਗਿਆ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਦਾ ਘਿਰਾਓ ਕਰਨ ਜਾ ਰਹੀਆਂ 25 ਮੁਲਾਜ਼ਮ ਜਥੇਬੰਦੀਆਂ ਨੇ ਗਿੱਦੜਬਾਹਾ ਵਿੱਚ ਧਰਨਾ ਲਾ ਕੇ ਬਠਿੰਡਾ-ਮਲੋਟ ਹਾਈਵੇ ਨੂੰ ਜਾਮ ਕਰ ਦਿੱਤਾ।
ਅਸਲ ਵਿੱਚ ਇਨ੍ਹਾਂ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਜਥੇਬੰਦੀਆਂ ਨੂੰ ਵੱਖ-ਵੱਖ ਥਾਵਾਂ ਉੱਤੇ ਪੁਲਿਸ ਨੇ ਰੋਕ ਲਿਆ।
ਹਾਈਵੇ ਜਾਮ ਕਰਕੇ ਬੈਠੇ ਠੇਕਾ ਸੰਘਰਸ਼ ਕਮੇਟੀ ਦੇ ਕਰਮੀਆਂ ਨੇ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦੋਂ ਤੱਕ ਉਨ੍ਹਾਂ ਦੀ ਰਿਹਾਈ ਨਹੀਂ ਹੁੰਦੀ, ਹਾਈਵੇ ਉੱਤੇ ਜਾਮ ਜਾਰੀ ਰਹੇਗਾ। ਧਰਨਾਕਾਰੀਆਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ 11 ਥਾਵਾਂ ਉੱਤੇ ਸੜਕਾਂ ਜਾਮ ਕੀਤੀਆਂ ਹਨ। ਜਾਮ ਲੱਗਣ ਦੇ ਕਾਰਨ ਹਾਈਵੇ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗ ਗਈਆਂ।