ਫਤਿਹਗੜ੍ਹ ਸਾਹਿਬ: ਬੀਤੇ ਕੱਲ੍ਹ ਮੰਡੀ ਗੋਬਿੰਦਗੜ੍ਹ ਦੇ ਮੁੱਖ ਲਾਲ ਬੱਤੀ ਚੌਕ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੋਰੋਨਾਵਾਇਰਸ ਨਿਯਮਾਂ ਨੂੰ ਛਿੱਕੇ ਟੰਗ ਪ੍ਰਦਰਸ਼ਨ ਕੀਤਾ। ਰੋਸ ਮੁਜ਼ਾਹਰਾ ਕਰਦੇ ਵਕਤ ਇਨ੍ਹਾਂ ਨੇ ਨਾ ਕੋਈ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਤੇ ਨਾ ਹੀ ਕਿਸੇ ਨੇ ਮਾਸਕ ਪਾਇਆ ਸੀ। ਇਸ ਤੋਂ ਬਾਅਦ ਹੁਣ ਪੁਲਿਸ ਨੇ ਵੱਖ ਵੱਖ ਧਾਰਾਵਾਂ ਲਾ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


ਯੂਥ ਅਕਾਲੀ ਦਲ ਮਾਲਵਾ ਜ਼ੋਨ 3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਪ੍ਰਧਾਨਗੀ ਹੇਠ ਇਹ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਪੁਲਿਸ ਨੇ ਰਾਜੂ ਖੰਨਾ ਸਮੇਤ 142 ਹੋਰਾਂ ਖਿਲਾਫ ਧਾਰਾ 144 ਦਾ ਉਲੰਘਣ ਕਰਨ ਤੇ ਆਪਦਾ ਪ੍ਰਬੰਧਨ ਐਕਟ 2005 ਦੇ ਤਹਿਤ ਮਾਮਲਾ ਧਰਜ ਕਰ ਲਿਆ ਹੈ।



ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸਐਚਓ ਮਹਿੰਦਰ ਸਿੰਘ ਨੇ ਦੱਸਿਆ ਕਿ ਅਕਾਲੀ ਦਲ ਦੀ ਤਰਫੋਂ ਹੋਏ ਇੱਕ ਪ੍ਰਦਰਸ਼ਨ ਦੌਰਾਨ ਸਰਕਾਰ ਵੱਲੋਂ ਜਾਰੀ ਕੋਵਿਡ ਦੇ ਦਿਸ਼ਾ-ਨਿਰਦੇਸ਼ਾਂ ਤੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ। ਉਸ ਮਾਮਲੇ ਵਿੱਚ ਯੂਥ ਅਕਾਲੀ ਦਲ ਦੇ ਮਾਲਵਾ ਜੌਨ 3 ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਸਮੇਤ 142 ਵਿਅਕਤੀਆਂ ਵਿਰੁੱਧ ਧਾਰਾ 259,270,504 ਤੇ 149 ਦੇ ਅਧੀਨ ਆਪਦਾ ਪ੍ਰਬੰਧਨ ਐਕਟ 2005 ਤਹਿਤ ਕੇਸ ਦਰਜ ਕੀਤਾ ਗਿਆ ਹੈ।