ਚੰਡੀਗੜ੍ਹ: ਸੂਬੇ ਵਿੱਚ ਵਾਤਾਵਰਣ ਪ੍ਰਦੂਸ਼ਣ ਦੀ ਰੋਕਥਾਮ ਲਈ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚ ਪਿਛਲੇ ਸਾਲ ਦੇ ਮੁਕਾਬਲੇ 25 ਫੀਸਦ ਵੱਧ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ਦਾ ਵਿਚਾਰ  ਕੀਤਾ ਗਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਖਰੜਾ ਨੀਤੀ ਦਾ ਉਦੇਸ਼ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਦਿਆਂ ਦੂਸਰੇ ਵਾਹਨਾਂ ਤੋਂ ਹੁੰਦੀ ਕਾਰਬਨ ਨਿਕਾਸੀ 'ਤੇ ਲਗਾਮ ਲਗਾ ਕੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣਾ ਹੈ।


ਉਨ੍ਹਾਂ ਕਿਹਾ ਕਿ ਇਸ ਉਦੇਸ਼ ਨਾਲ ਸੂਬਾ ਸਰਕਾਰ ਨੇ ਇਸ ਨਵੀਂ ਇਲੈਕਟ੍ਰਿਕ ਵਾਹਨ ਨੀਤੀ ਦਾ ਖਰੜਾ ਤਿਆਰ ਕੀਤਾ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਖਰੜਾ ਨੀਤੀ ਤਹਿਤ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਬਠਿੰਡਾ ਵਰਗੇ ਸ਼ਹਿਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਕਿਉਂ ਕਿ ਸੂਬੇ ਦੇ 50 ਫੀਸਦੀ ਤੋਂ ਵੱਧ ਵਾਹਨ ਇਨ੍ਹਾਂ ਸ਼ਹਿਰਾਂ ਵਿੱਚ ਹਨ।


ਮੁੱਖ ਮੰਤਰੀ ਨੇ ਦੱਸਿਆ ਕਿ ਨਵੀਂ ਖਰੜਾ ਨੀਤੀ ਵਿੱਚ ਸ਼ਹਿਰਾਂ 'ਚ 25 ਫੀਸਦ  ਹੋਰ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ਦੀ ਕਲਪਨਾ ਕੀਤੀ ਗਈ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਖਰੜਾ ਨੀਤੀ ਅਨੁਸਾਰ ਸੂਬੇ ਭਰ ਵਿੱਚ ਨਿੱਜੀ ਅਤੇ ਜਨਤਕ ਇਲੈਕਟ੍ਰਿਕ ਵਾਹਨਾਂ ਲਈ ਇਲੈਕਟ੍ਰਿਕ ਚਾਰਜਿੰਗ ਪੁਆਇੰਟਾਂ ਦੇ ਰੂਪ ਵਿੱਚ ਬੁਨਿਆਦੀ ਢਾਂਚੇ ਦੀ ਸਥਾਪਨਾ ਕੀਤੀ ਜਾਵੇਗੀ।


ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਨੂੰ ਇਲੈਕਟ੍ਰਿਕ ਵਾਹਨਾਂ, ਪੁਰਜ਼ਿਆਂ ਅਤੇ ਇਲੈਕਟ੍ਰਿਕ ਬੈਟਰੀਆਂ ਦੇ ਨਿਰਮਾਣ ਦਾ ਧੁਰਾ ਬਣਾਉਣ 'ਤੇ ਵੀ ਪੂਰਾ ਧਿਆਨ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਖੇਤਰ ਵਿੱਚ ਖੋਜ ਅਤੇ ਵਿਕਾਸ ਲਈ ਸੈਂਟਰ ਆਫ ਐਕਸੀਲੈਂਸ ਵੀ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਕਰਨ ਲਈ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ।


ਭਗਵੰਤ ਮਾਨ ਨੇ ਕਿਹਾ ਕਿ ਖਰੜਾ ਨੀਤੀ ਵਿੱਚ ਸੂਬੇ 'ਚ ਇਲੈਕਟ੍ਰਿਕ ਵਾਹਨਾਂ ਦੀ ਚੋਣ ਕਰਨ ਵਾਲੇ ਲੋਕਾਂ ਲਈ ਨਕਦ ਰਿਆਇਤਾਂ ਦੀ ਵੀ ਵਿਵਸਥਾ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ 'ਤੇ ਲੱਗਣ ਵਾਲੀ ਰਜਿਸਟ੍ਰੇਸ਼ਨ ਫੀਸ ਅਤੇ ਰੋਡ ਟੈਕਸ ਵਿੱਚ ਛੋਟ ਦੀ ਵਿਵਸਥਾ ਵੀ ਕੀਤੀ ਗਈ ਹੈ।ਭਗਵੰਤ ਮਾਨ ਨੇ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਦੇ ਪਹਿਲੇ ਇੱਕ ਲੱਖ ਖਰੀਦਦਾਰਾਂ ਨੂੰ 10,000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ ਜਦਕਿ ਇਲੈਕਟ੍ਰਿਕ ਆਟੋਰਿਕਸ਼ਾ ਅਤੇ ਈ-ਰਿਕਸ਼ਾ ਦੇ ਪਹਿਲੇ 10,000 ਖਰੀਦਦਾਰਾਂ ਨੂੰ 30,000 ਰੁਪਏ ਤੱਕ ਦੀ ਵਿੱਤੀ ਰਿਆਇਤ ਮਿਲੇਗੀ।


ਉਨ੍ਹਾਂ ਕਿਹਾ ਕਿ ਪਹਿਲੇ 5000 ਈ-ਕਾਰਟ ਖਰੀਦਦਾਰਾਂ ਨੂੰ 30,000 ਰੁਪਏ ਤੱਕ ਦੀ ਰਿਆਇਤ ਮਿਲੇਗੀ ਅਤੇ ਹਲਕੇ ਵਪਾਰਕ ਵਾਹਨਾਂ ਦੇ ਪਹਿਲੇ 5000 ਖਰੀਦਦਾਰਾਂ ਨੂੰ 30000 ਤੋਂ 50000 ਰੁਪਏ ਤੱਕ ਦੀ ਰਿਆਇਤ ਮਿਲੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਨੀਤੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਲੋਕਾਂ ਦੇ ਵਿਚਾਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਖਰੜਾ ਨੀਤੀ ਪੰਜਾਬ ਨੂੰ ਇਲੈਕਟ੍ਰਿਕ ਵਾਹਨ ਨਿਰਮਾਣ ਇਕਾਈਆਂ ਦੇ ਧੁਰੇ ਵਿੱਚ ਬਦਲ ਦੇਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਸਵੱਛ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਇਹ ਸੂਬਾ ਸਰਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ।