ਪਨਬਸ ਤੇ ਪੀਆਰਟੀਸੀ ਵੱਲੋਂ ਸਰਕਾਰ ਨੂੰ ਅਲਟੀਮੇਟਮ, 9 ਤੋਂ 11 ਅਗਸਤ ਨੂੰ ਹੋਵੇਗਾ ਚੱਕਾ ਜਾਮ
ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 9 ਤੋ 11 ਅਗਸਤ ਦੀ ਮੁਕੰਮਲ ਹੜਤਾਲ ਕਰਾਂਗੇ।
ਚੰਡੀਗੜ੍ਹ: ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪਟਿਆਲਾ ਡੀਪੂ ਵਲੋਂ ਪਟਿਆਲਾ ਬੱਸ ਸਟੈਂਡ ਬੰਦ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸਮੂੰਹ ਕੱਚੇ ਮੁਲਾਜ਼ਮਾਂ ਨੂੰ ਪਹਿਲੀ ਵਾਰ ਕੈਬਨਿਟ ਵਿੱਚ ਪੱਕਾ ਕਰਨ ਦਾ ਵਾਅਦਾ ਚੋਣਾਂ ਤੋਂ ਪਹਿਲਾਂ ਕੀਤਾ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਥਾਂ ਡਾਂਗਾਂ ਨਾਲ ਕੁੱਟਿਆ ਜਾ ਰਿਹਾ ਹੈ।
ਬਠਿੰਡੇ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਸ਼ਾਂਤ ਰੋਸ ਪ੍ਰਦਰਸ਼ਨ ਕਰਦੇ ਮੁਲਾਜ਼ਮਾਂ 'ਤੇ ਲਾਠੀਚਾਰਜ ਕਰਕੇ ਇਹ ਸਾਬਿਤ ਕੀਤਾ ਹੈ ਕਿ ਸਰਕਾਰ ਸਾਰੇ ਵਾਧਿਆਂ ਤੋਂ ਭੱਜੀ ਹੈ ਅਤੇ ਪੰਜਾਬ ਦੇ ਲੋਕਾਂ ਦਾ ਮਜੂਦਾ ਸਰਕਾਰ ਕੋਲ ਕੋਈ ਹੱਲ ਨਹੀਂ ਹੈ। ਸਰਕਾਰ ਸਾਰੇ ਪਾਸਿਓਂ ਫੇਲ ਹੋ ਚੁੱਕੀ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 9 ਤੋ 11 ਅਗਸਤ ਦੀ ਮੁਕੰਮਲ ਹੜਤਾਲ ਕਰਾਂਗੇ।
ਮੁਲਾਜ਼ਮਾਂ ਦੀਆਂ ਮੰਗਾਂ
1.ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਵਿੱਚ ਘੱਟੋ-ਘੱਟ 10 ਹਜ਼ਾਰ ਬੱਸਾਂ ਪਾਈਆਂ ਜਾਣ।
2.ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ।
3.ਮਾਨਯੋਗ ਸੁਪਰੀਮ ਕੋਰਟ ਦਾ ਫੈਸਲਾ ਬਰਾਬਰ ਕੰਮ ਬਰਾਬਰ ਤਨਖਾਹ ਲਾਗੂ ਕੀਤਾ ਜਾਵੇ।
4.ਰਿਪੋਰਟਾਂ ਦੀਆਂ ਕੰਡੀਸ਼ਨਾ ਰੱਦ ਕਰਕੇ ਮੁਲਾਜ਼ਮ ਬਹਾਲ ਕੀਤੇ ਜਾਣ।
ਉਨ੍ਹਾਂ ਦੱਸਿਆ ਕਿ ਇਹ ਮੰਗਾਂ ਮਨਵਾਉਣ ਲਈ ਕੀਤੀ ਹੜਤਾਲ ਦੇ ਸਬੰਧ ਵਿੱਚ 1 ਜੁਲਾਈ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਸੀ ਜਿਸ ਵਿੱਚ ਮੰਤਰੀ ਜੀ ਵਲੋਂ ਯੂਨੀਅਨ ਤੋਂ ਪ੍ਰਪੋਜਲ ਮੰਗੀ ਸੀ ਅਤੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ। ਪਰ ਹੁਣ 24 ਦਿਨ ਬੀਤ ਜਾਣ ਦੇ ਬਾਵਜੂਦ ਕੋਈ ਹੱਲ ਨਹੀਂ ਹੋਇਆ ਜਿਸ ਕਾਰਨ ਅੱਜ ਯੂਨੀਅਨ ਨੇ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਧਰਨੇ ਦਿੱਤੇ ਗਏ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਦਿੱਤੇ ਦੋ ਰੋਜ਼ਾ ਕੰਮ ਛੱਡੋ ਪ੍ਰੋਗਰਾਮ ਅਨੁਸਾਰ ਜੇਕਰ ਸਰਕਾਰ ਨੇ ਫੇਰ ਵੀ ਕੋਈ ਹੱਲ ਨਾ ਕੱਢਿਆ ਤਾਂ ਮਿਤੀ 9-10-11 ਅਗਸਤ ਨੂੰ ਤਿੰਨ ਰੋਜ਼ਾ ਮੁਕੰਮਲ ਬੱਸਾਂ ਦੀ ਹੜਤਾਲ ਕਰਕੇ ਕੈਪਟਨ ਅਮਰਿੰਦਰ ਸਿੰਘ ਜਾ ਨਵਜੋਤ ਸਿੰਘ ਸਿੱਧੂ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ। ਜੇਕਰ ਫੇਰ ਵੀ ਹੱਲ ਨਾ ਕੀਤਾ ਗਿਆ ਤਾਂ ਅਗਲਾ ਐਕਸ਼ਨ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਤਿੱਖਾ ਸੰਘਰਸ਼ ਹੋਵੇਗਾ।