Punjab School Renames: ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਤੀ ਅਤੇ ਭਾਈਚਾਰੇ ਦੇ ਆਧਾਰ 'ਤੇ ਰੱਖੇ ਗਏ ਸਰਕਾਰੀ ਸਕੂਲਾਂ ਦੇ ਨਾਂ ਬਦਲਣ ਦੇ ਹੁਕਮ ਜਾਰੀ ਕੀਤੇ ਜਾਣ ਤੋਂ ਕੁਝ ਹਫ਼ਤਿਆਂ ਬਾਅਦ ਪੰਜਾਬ ਸਰਕਾਰ ਨੇ 56 ਸਰਕਾਰੀ ਸਕੂਲਾਂ ਦੇ ਨਾਂ ਬਦਲ ਦਿੱਤੇ ਹਨ। ਸਕੂਲ ਸਿੱਖਿਆ ਵਿਭਾਗ ਨੇ ਪ੍ਰਾਇਮਰੀ ਅਤੇ ਹਾਈ ਸਕੂਲਾਂ ਸਮੇਤ 56 ਸਰਕਾਰੀ ਸਕੂਲਾਂ ਦੇ ਨਾਂ ਬਦਲ ਦਿੱਤੇ ਹਨ। ਇਨ੍ਹਾਂ ਸਕੂਲਾਂ ਦਾ ਨਾਂ ਹੁਣ ਉਸ ਪਿੰਡ ਦੇ ਨਾਂ 'ਤੇ ਰੱਖਿਆ ਗਿਆ ਹੈ ਜਿੱਥੇ ਇਹ ਸਥਿਤ ਹਨ, ਜਾਂ ਕਿਸੇ ਮਸ਼ਹੂਰ ਸ਼ਖਸੀਅਤ, ਸ਼ਹੀਦ ਜਾਂ ਸਥਾਨਕ ਨਾਇਕ ਦੇ ਨਾਂ 'ਤੇ ਰੱਖਿਆ ਗਿਆ ਹੈ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਮੁੱਢਲੀ ਸਿੱਖਿਆ ਵਿਭਾਗ ਤੋਂ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਚੱਲ ਰਹੇ ਜਾਤੀ ਆਧਾਰਿਤ ਸਕੂਲਾਂ ਬਾਰੇ ਰਿਪੋਰਟਾਂ ਮੰਗੀਆਂ ਸਨ।
ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਨੇ ਸ਼ੁੱਕਰਵਾਰ ਨੂੰ ਸਰਕਾਰ ਦੇ ਇਸ ਕਦਮ ਦਾ ਸਵਾਗਤ ਕੀਤਾ ਹੈ। ਸੱਤਾਧਾਰੀ ਪਾਰਟੀ ਦੀ ਸੂਬਾ ਇਕਾਈ ਨੇ ਇੱਕ ਟਵੀਟ ਵਿੱਚ ਕਿਹਾ, “ਸਕੂਲਾਂ ਦਾ ਨਾਂ ਪਿੰਡ ਦੇ ਨਾਂ ‘ਤੇ ਜਾਂ ਕਿਸੇ ਸਥਾਨਕ ਨਾਇਕ, ਸ਼ਹੀਦ ਜਾਂ ਕਿਸੇ ਜਾਣੀ-ਪਛਾਣੀ ਸ਼ਖਸੀਅਤ ਦੇ ਨਾਂ ‘ਤੇ ਰੱਖਿਆ ਗਿਆ ਹੈ।” ਜਿੰਨਾ ਸਕੂਲਾਂ ਦਾ ਨਾਅ ਬਦਲੇ ਗਏ ਹਨ ਉਨ੍ਹਾਂ ਵਿੱਚ ਪਟਿਆਲਾ ਜ਼ਿਲ੍ਹੇ ਦੇ 12, ਮਾਨਸਾ ਤੋਂ ਸੱਤ, ਨਵਾਂਸ਼ਹਿਰ ਤੋਂ ਛੇ ਅਤੇ ਸੰਗਰੂਰ ਤੇ ਗੁਰਦਾਸਪੁਰ ਤੋਂ ਚਾਰ-ਚਾਰ ਅਤੇ ਫਤਿਹਗੜ੍ਹ ਸਾਹਿਬ, ਬਠਿੰਡਾ, ਬਰਨਾਲਾ ਅਤੇ ਮੁਕਤਸਰ ਦੇ ਤਿੰਨ-ਤਿੰਨ ਸ਼ਾਮਲ ਹਨ।
ਇਹ ਹੁਕਮ ਦਸੰਬਰ 'ਚ ਜਾਰੀ ਕੀਤਾ ਗਿਆ ਸੀ
ਬੈਂਸ ਨੇ 1 ਦਸੰਬਰ ਨੂੰ ਸੂਬੇ ਦੇ ਉਨ੍ਹਾਂ ਸਾਰੇ ਸਰਕਾਰੀ ਸਕੂਲਾਂ ਦੇ ਨਾਂ ਬਦਲਣ ਦੇ ਹੁਕਮ ਜਾਰੀ ਕੀਤੇ ਸਨ, ਜਿਨ੍ਹਾਂ ਦੇ ਨਾਂ ਕਿਸੇ ਜਾਤੀ ਅਤੇ ਭਾਈਚਾਰੇ ਦੇ ਆਧਾਰ 'ਤੇ ਰੱਖੇ ਗਏ ਹਨ। ਬੈਂਸ ਨੇ ਕਿਹਾ ਸੀ, “ਸੂਬੇ ਦੇ ਕਈ ਸਰਕਾਰੀ ਸਕੂਲਾਂ ਦੇ ਨਾਮ ਇੱਕ ਜਾਤੀ ਨਾਲ ਜੁੜੇ ਹੋਣ ਦੇ ਕਈ ਮਾਮਲੇ ਸਾਹਮਣੇ ਆਏ ਹਨ।” ਉਨ੍ਹਾਂ ਕਿਹਾ ਸੀ ਕਿ ਇਸ ਨਾਲ ਸਮਾਜ ਵਿੱਚ ਜਾਤੀ ਭੇਦਭਾਵ ਵਧਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਾਰੇ ਵਿਦਿਆਰਥੀਆਂ ਨੂੰ ਬਰਾਬਰਤਾ ਦੇ ਆਧਾਰ ’ਤੇ ਸਿੱਖਿਆ ਦਿੱਤੀ ਜਾ ਰਹੀ ਹੈ, ਇਸ ਲਈ ਸਰਕਾਰੀ ਸਕੂਲਾਂ ਦੇ ਨਾਂ ਕਿਸੇ ਵਿਸ਼ੇਸ਼ ਵਰਗ ਜਾਂ ਜਾਤ ਨਾਲ ਸਬੰਧਤ ਨਹੀਂ ਹੋ ਸਕਦੇ।