Punjab News: ਪੰਜਾਬ 'ਚ AAP ਵੱਲੋਂ ਵੱਡਾ ਫੇਰਬਦਲ! ਅਮਨਦੀਪ ਨੂੰ ਸੌਂਪੀ ਗਈ 'ਮਹਿਲਾ ਵਿੰਗ' ਦੀ ਪ੍ਰਧਾਨਗੀ, ਪ੍ਰੀਤੀ ਮਲਹੋਤਰਾ ਦੀ ਹੋਈ ਛੁੱਟੀ, ਇਸ ਵਜ੍ਹਾ ਕਰਕੇ ਚੁੱਕਿਆ ਗਿਆ ਅਹਿਮ ਕਦਮ
ਪ੍ਰੀਤੀ ਮਲਹੋਤਰਾ ਨੂੰ ਆਪਣੀ ਪਾਰਟੀ ਦੇ ਖਿਲਾਫ ਆਵਾਜ਼ ਚੁੱਕਣਾ ਭਾਰੀ ਪੈ ਗਿਆ, ਜਿਸ ਕਰਕੇ ਉਨ੍ਹਾਂ ਦੀ ਛੁੱਟੀ ਕਰ ਦਿੱਤੀ ਗਈ ਹੈ। ਹੁਣ ਆਪ ਵੱਲੋਂ ਅਮਨਦੀਪ ਕੌਰ ਨੂੰ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਆਓ ਜਾਣਦੇ ਹਾਂ ਵਜ੍ਹਾ...

Punjab News: ਪੰਜਾਬ 'ਚ ਆਮ ਆਦਮੀ ਪਾਰਟੀ ਨੇ ਅਮਨਦੀਪ ਕੌਰ ਨੂੰ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਜਦਕਿ ਪ੍ਰੀਤੀ ਮਲਹੋਤਰਾ ਨੂੰ ਇਸ ਪਦ ਤੋਂ ਹਟਾ ਦਿੱਤਾ ਗਿਆ ਹੈ। ਉਹ ਆਪਣੀ ਹੀ ਸਰਕਾਰ ਦੇ ਖਿਲਾਫ ਧਰਨੇ 'ਤੇ ਬੈਠੀ ਹੋਈ ਸੀ। ਇਸ ਫੈਸਲੇ ਨੂੰ ਸਾਲ 2027 ਦੇ ਵਿਧਾਨ ਸਭਾ ਚੋਣਾਂ ਦੀ ਤਿਆਰੀ ਨਾਲ ਜੋੜਕੇ ਵੇਖਿਆ ਜਾ ਰਿਹਾ ਹੈ। ਪਾਰਟੀ ਹੁਣ ਕਿਸੇ ਵੀ ਤਰ੍ਹਾਂ ਦੀ ਗਲਤੀ ਬਰਦਾਸ਼ਤ ਕਰਨ ਦੇ ਮੂਡ ਵਿੱਚ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪਾਰਟੀ ਵੱਲੋਂ ਕਈ ਨਿਯੁਕਤੀਆਂ ਕੀਤੀਆਂ ਗਈਆਂ ਸਨ।
ਇਸ ਵਜ੍ਹਾ ਕਰਕੇ ਡਿੱਗੀ ਗਾਜ਼
ਅਸਲ ਵਿੱਚ, 1 ਜੂਨ ਨੂੰ ਪਟਿਆਲਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਧਰਨਾ ਦਿੱਤਾ, ਜਿਸ ਦੀ ਅਗਵਾਈ ਪ੍ਰੀਤੀ ਮਲਹੋਤਰਾ ਕਰ ਰਹੀ ਸੀ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਬਾਹਰੀ ਲੋਕਾਂ ਨੂੰ ਕਮਾਨ ਸੌਂਪੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਇਕ ਸੰਕੇਤਿਕ ਧਰਨਾ ਹੈ, ਜਿਸ ਤੋਂ ਬਾਅਦ ਪੂਰੇ ਪੰਜਾਬ 'ਚ ਧਰਨੇ ਹੋਣਗੇ, ਕਿਉਂਕਿ ਸਥਾਨਕ ਵਰਕਰਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ। ਉਨ੍ਹਾਂ 'ਤੇ ਇਹ ਵੀ ਦੋਸ਼ ਲਗਾਇਆ ਗਿਆ ਕਿ ਉਹ ਪੂਰੇ ਪੰਜਾਬ ਦੇ ਵਰਕਰਾਂ ਨੂੰ ਇਕਜੁੱਟ ਨਹੀਂ ਕਰ ਪਾਈਆਂ। ਦੂਜੇ ਪਾਸੇ, ਪਾਰਟੀ 2027 ਦੀਆਂ ਚੋਣਾਂ ਲਈ ਕਿਸੇ ਵੀ ਢਿੱਲ ਦੇਣ ਦੇ ਮੂਡ ਵਿੱਚ ਨਹੀਂ, ਜਿਸ ਕਰਕੇ ਉਨ੍ਹਾਂ ਨੂੰ ਪਦ ਤੋਂ ਹਟਾ ਦਿੱਤਾ ਗਿਆ ਹੈ।

ਹਰੇਕ ਹਲਕੇ ਤੋਂ ਲਿਆ ਜਾ ਰਿਹਾ ਫੀਡਬੈਕ
ਦਿੱਲੀ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਹੁਣ ਪੰਜਾਬ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਨਹੀਂ ਦੇ ਰਹੀ। ਨਤੀਜੇ ਆਉਣ ਤੁਰੰਤ ਬਾਅਦ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਉਸ ਤੋਂ ਬਾਅਦ ਉਹ ਲਗਾਤਾਰ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਜਾ ਕੇ ਫੀਡਬੈਕ ਲੈ ਰਹੇ ਹਨ। ਨਾਲ ਹੀ ਪਾਰਟੀ ਦੇ ਸੰਗਠਨ ਨੂੰ ਵੀ ਫੈਲਾਇਆ ਗਿਆ ਹੈ। ਇਸ ਦੌਰਾਨ ਬੋਰਡਾਂ ਅਤੇ ਨਿਗਮਾਂ ਵਿੱਚ ਚੇਅਰਮੈਨ ਤੇ ਵਾਈਸ ਚੇਅਰਮੈਨ ਲਗਾਏ ਗਏ ਹਨ। ਫਿਰ ਹਲਕਿਆਂ ਅੰਦਰ ਨਵੇਂ ਇੰਚਾਰਜ ਵੀ ਨਿਯੁਕਤ ਕੀਤੇ ਗਏ ਹਨ। ਪਾਰਟੀ ਵਲੋਂ ਹਰੇਕ ਹਲਕੇ ਤੋਂ ਫੀਡਬੈਕ ਲਿਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















