Punjab and Chandigarh Weather Update: ਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪਠਾਨਕੋਟ ਅਤੇ ਰੂਪਨਗਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੇ ਆਸਾਰ ਬਣੇ ਹੋਏ ਹਨ।

Continues below advertisement

ਇਸੇ ਤਰ੍ਹਾਂ ਚੰਡੀਗੜ੍ਹ ਵਿੱਚ ਵੀ ਅਸਮਾਨ ਵਿੱਚ ਆਮ ਤੌਰ ‘ਤੇ ਬੱਦਲ ਛਾਏ ਰਹਿਣਗੇ ਅਤੇ ਗਰਜ-ਚਮਕ ਨਾਲ ਇੱਕ ਜਾਂ ਦੋ ਵਾਰ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

Continues below advertisement

ਸੂਬੇ ਭਰ ਵਿੱਚ ਹੋਈ ਤਾਜ਼ਾ ਬਾਰਿਸ਼ ਕਾਰਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 3.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਹਾਲਾਂਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫ਼ਿਰੋਜ਼ਪੁਰ ਵਿਖੇ 34.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਕੇਂਦਰ ਤੋਂ ਪ੍ਰਾਪਤ ਅੰਕੜਿਆਂ ਮੁਤਾਬਕ 14 ਅਗਸਤ ਨੂੰ ਪੰਜਾਬ ਦੇ ਘੱਟੋ-ਘੱਟ 8 ਜ਼ਿਲ੍ਹਿਆਂ ਵਿੱਚ ਬਾਰਿਸ਼ ਰਿਕਾਰਡ ਕੀਤੀ ਗਈ ਸੀ। ਇਸ ਦੌਰਾਨ ਸਭ ਤੋਂ ਵੱਧ ਮੀਂਹ ਪਟਿਆਲਾ ਦੇ ਰੌਣੀ ਵਿਖੇ 35 ਮਿਲੀਮੀਟਰ ਦਰਜ ਹੋਇਆ। ਇਸ ਤੋਂ ਇਲਾਵਾ ਪਟਿਆਲਾ ਸ਼ਹਿਰ ਵਿੱਚ 28.8 ਮਿਲੀਮੀਟਰ, ਲੁਧਿਆਣਾ ਵਿੱਚ 25 ਮਿਲੀਮੀਟਰ, ਲੁਧਿਆਣਾ AWS ਵਿੱਚ 11.5 ਮਿਲੀਮੀਟਰ, ਥੀਨ ਡੈਮ ਖੇਤਰ ਵਿੱਚ 5 ਮਿਲੀਮੀਟਰ, ਕੇ.ਵੀ.ਕੇ. ਪਠਾਨਕੋਟ ਵਿੱਚ 3 ਮਿਲੀਮੀਟਰ, ਬਠਿੰਡਾ ਵਿੱਚ 1.5 ਮਿਲੀਮੀਟਰ, ਚੰਡੀਗੜ੍ਹ ਵਿੱਚ 0.8 ਮਿਲੀਮੀਟਰ ਅਤੇ ਗੁਰਦਾਸਪੁਰ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

ਮੁੜ ਐਕਟਿਵ ਹੋਇਆ ਮਾਨਸੂਨ

ਮੌਸਮ ਮਾਹਿਰਾਂ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਦੇ ਖੇਤਰ ਵਿੱਚ ਮਾਨਸੂਨ ਦੀ ਟਰੱਫ਼ ਲਾਈਨ ਪੂਰੀ ਤਰ੍ਹਾਂ ਸਰਗਰਮ ਹੈ। ਇਹ ਟਰੱਫ਼ ਲਾਈਨ ਫ਼ਿਰੋਜ਼ਪੁਰ ਤੋਂ ਸ਼ੁਰੂ ਹੋ ਕੇ ਝਾਰਖੰਡ ਅਤੇ ਪੱਛਮੀ ਬੰਗਾਲ ਤੱਕ ਫੈਲੀ ਹੋਈ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬੱਦਲਵਾਈ ਬਣੀ ਰਹੇਗੀ ਅਤੇ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਤੇ ਗਰਜ-ਚਮਕ ਨਾਲ ਮੀਂਹ ਪੈਣ ਦਾ ਸਿਲਸਿਲਾ ਜਾਰੀ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਉੱਪਰਲੇ ਵਾਯੂਮੰਡਲ ਵਿੱਚ ਇੱਕ ਪੱਛਮੀ ਗੜਬੜੀ (ਵੈਸਟਰਨ ਡਿਸਟਰਬੈਂਸ) ਵੀ ਸਰਗਰਮ ਹੈ, ਜਿਸ ਕਾਰਨ ਆਉਣ ਵਾਲੇ ਸਮੇਂ ਦੌਰਾਨ ਮੌਸਮ ਵਿੱਚ ਤਬਦੀਲੀ ਅਤੇ ਬਾਰਿਸ਼ ਦੇ ਅਨੁਕੂਲ ਹਾਲਾਤ ਬਣੇ ਰਹਿਣਗੇ।