Punjab and Chandigarh Weather: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ। ਲੋਕ ਆਸਾਨੀ ਨਾਲ ਬਾਹਰ ਜਾ ਪਾ ਰਹੇ ਹਨ। ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਮੀਂਹ, ਗਰਜ ਅਤੇ ਤੇਜ਼ ਹਵਾਵਾਂ ਨੂੰ ਲੈਕੇ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਹਵਾ ਦੀ ਸਪੀਡ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

Continues below advertisement

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.2 ਡਿਗਰੀ ਸੈਲਸੀਅਸ ਵਧਿਆ ਹੈ। ਇਸ ਦੇ ਬਾਵਜੂਦ, ਤਾਪਮਾਨ ਆਮ ਨਾਲੋਂ 2.7 ਡਿਗਰੀ ਘੱਟ ਹੈ। ਬਠਿੰਡਾ ਵਿੱਚ ਤਾਪਮਾਨ 42.6 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ 5.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

Continues below advertisement

ਅੱਜ ਇਨ੍ਹਾਂ 18 ਜ਼ਿਲ੍ਹਿਆਂ ਅਸਰ ਦੇਖਣ ਨੂੰ ਮਿਲੇਗਾ

ਮੌਸਮ ਵਿਭਾਗ ਅਨੁਸਾਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ।

ਉੱਥੇ ਹੀ ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਤਿੰਨ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ ਦੇ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਨੇ ਕਿਹਾ ਕਿ 6, 7 ਅਤੇ 10 ਜੂਨ ਨੂੰ ਵੀ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਤਿੰਨ ਦਿਨਾਂ ਤੱਕ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ, ਜਿਸ ਤੋਂ ਬਾਅਦ ਗਰਮੀ ਵੱਧ ਸਕਦੀ ਹੈ।

ਅਗਲੇ ਤਿੰਨ ਦਿਨ ਇਦਾਂ ਦਾ ਰਹੇਗਾ ਮੌਸਮ

6 ਜੂਨ: ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਮੀਂਹ, ਬਿਜਲੀ ਡਿੱਗਣ ਅਤੇ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

7 ਜੂਨ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

8 ਜੂਨ: ਮੌਸਮ ਵਿਭਾਗ ਨੇ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਹੈ।