Amritpal Singh: ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਰੱਦ ਕਰਨ ਦੀ ਤਿਆਰੀ! ਹਾਈ ਕੋਰਟ ਨੇ ਕੇਂਦਰ ਤੋਂ ਪੁੱਛਿਆ ਕਮੇਟੀ ਬਣਾਈ ਜਾਂ ਨਹੀਂ...
MP Amritpal Singh Membership: ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਉਨ੍ਹਾਂ ਦੀ ਸੀਟ ਖਾਲੀ ਐਲਾਨਣ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ।

MP Amritpal Singh Membership: ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਰੱਦ ਹੋ ਸਕਦੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਉਨ੍ਹਾਂ ਦੀ ਸੀਟ ਖਾਲੀ ਐਲਾਨਣ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ। ਪਟੀਸ਼ਨ 'ਤੇ ਸੁਣਵਾਈ ਦੌਰਾਨ ਹਾਈ ਕੋਰਟ ਨੇ ਕੋਈ ਵੀ ਅੰਤ੍ਰਿਮ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਦਰਅਸਲ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਤੋਂ ਬਾਹਰ ਆ ਕੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਹਾਈਕੋਰਟ ਕੋਲ ਪਹੁੰਚ ਕੀਤੀ ਸੀ। ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ਵਿੱਚ ਕਿਹਾ ਹੈ ਕਿ ਅਸਾਮ ਵਿੱਚ ਨਜ਼ਰਬੰਦ ਹੋਣ ਕਾਰਨ ਉਹ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਪਾ ਰਹੇ। ਉਨ੍ਹਾਂ ਨੂੰ ਜ਼ਬਰਦਸਤੀ ਗੈਰਹਾਜ਼ਰ ਰੱਖਿਆ ਜਾ ਰਿਹਾ ਹੈ। ਇਸ ਦਾ ਉਦੇਸ਼ ਉਨ੍ਹਾਂ ਦੇ ਸੰਸਦੀ ਹਲਕੇ ਨੂੰ ਪ੍ਰਤੀਨਿਧਤਾ ਤੋਂ ਵਾਂਝਾ ਕਰਨਾ ਤੇ 60 ਦਿਨਾਂ ਦੀ ਗੈਰਹਾਜ਼ਰੀ ਤੋਂ ਬਾਅਦ ਉਨ੍ਹਾਂ ਦੀ ਸੀਟ ਨੂੰ ਖਾਲੀ ਘੋਸ਼ਿਤ ਕਰਨਾ ਹੈ।
ਅੰਮ੍ਰਿਤਪਾਲ ਸਿੰਘ ਨੇ ਪਟੀਸ਼ਨ ਵਿੱਚ ਕਿਹਾ ਕਿ ਇਸ ਦੇ ਨਾ ਸਿਰਫ਼ ਉਨ੍ਹਾਂ ਦੇ ਲਈ ਸਗੋਂ ਉਨ੍ਹਾਂ ਦੇ ਹਲਕੇ ਦੇ ਵੋਟਰਾਂ ਲਈ ਵੀ ਗੰਭੀਰ ਨਤੀਜੇ ਹੋ ਸਕਦੇ ਹਨ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੇ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਮੀਟਿੰਗ ਕਰਨ ਦੀ ਇਜਾਜ਼ਤ ਵੀ ਮੰਗੀ ਹੈ, ਤਾਂ ਜੋ ਉਹ ਆਪਣੇ ਸੰਸਦੀ ਹਲਕੇ ਦੀਆਂ ਸਮੱਸਿਆਵਾਂ ਤੇ ਵਿਕਾਸ ਦੇ ਮੁੱਦਿਆਂ 'ਤੇ ਚਰਚਾ ਕਰ ਸਕਣ। ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਉਹ ਇੱਕ ਚੁਣੇ ਹੋਏ ਸੰਸਦ ਮੈਂਬਰ ਹਨ ਤੇ ਇਸ ਲਈ ਉਨ੍ਹਾਂ ਨੂੰ ਆਪਣੇ ਇਲਾਕੇ ਦੇ ਵਿਕਾਸ ਲਈ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨਾਲ ਗੱਲਬਾਤ ਕਰਨ ਦਾ ਪੂਰਾ ਅਧਿਕਾਰ ਹੈ।
ਪਟੀਸ਼ਨ ਵਿੱਚ ਅੱਗੇ ਕਿਹਾ ਗਿਆ ਹੈ ਕਿ 60 ਦਿਨਾਂ ਤੱਕ ਸੰਸਦ ਦੀ ਕਾਰਵਾਈ ਤੋਂ ਗੈਰਹਾਜ਼ਰ ਰਹਿਣ ਤੋਂ ਬਾਅਦ, ਉਨ੍ਹਾਂ ਦੀ ਸੀਟ ਨੂੰ ਖਾਲੀ ਘੋਸ਼ਿਤ ਕੀਤਾ ਜਾਵੇਗਾ ਤੇ ਨਵੀਆਂ ਚੋਣਾਂ ਕਰਵਾਈਆਂ ਜਾਣਗੀਆਂ। ਜਦੋਂਕਿ ਅਸਲੀਅਤ ਇਹ ਹੈ ਕਿ ਉਨ੍ਹਾਂ ਨੂੰ ਜ਼ਬਰਦਸਤੀ ਹਿਰਾਸਤ ਵਿੱਚ ਲਿਆ ਗਿਆ ਹੈ ਤੇ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਲੈਣ ਤੋਂ ਰੋਕਿਆ ਗਿਆ ਹੈ। ਅਜਿਹੀ ਸਥਿਤੀ ਵਿੱਚ, ਇਸ ਨੂੰ ਗੈਰਹਾਜ਼ਰੀ ਨਹੀਂ ਕਿਹਾ ਜਾ ਸਕਦਾ, ਸਗੋਂ ਇਹ ਪ੍ਰਸ਼ਾਸਨ ਵੱਲੋਂ ਚੁੱਕਿਆ ਗਿਆ ਇੱਕ ਜ਼ਬਰਦਸਤੀ ਕਦਮ ਹੈ, ਜਿਸ ਦੁਆਰਾ ਪਟੀਸ਼ਨਕਰਤਾ ਨੂੰ ਸੰਸਦ ਤੋਂ ਦੂਰ ਰੱਖਿਆ ਜਾ ਰਿਹਾ ਹੈ। ਉਨ੍ਹਾਂ ਆਪਣੀ ਦਲੀਲ ਵਿੱਚ ਇਹ ਵੀ ਕਿਹਾ ਹੈ ਕਿ ਅਜਿਹੀ ਕਾਰਵਾਈ ਸੰਸਦ ਦੀ ਬੇਅਦਬੀ ਦੇ ਦਾਇਰੇ ਵਿੱਚ ਆਉਂਦੀ ਹੈ।






















