Punjab Election 2022: ਕੀ ਪੰਜਾਬ ਚੋਣਾਂ ਦੀ ਤਰੀਕ ਵਧੇਗੀ, ਚੋਣ ਕਮਿਸ਼ਨ ਕਰੇਗਾ ਫੈਸਲਾ, ਜਾਣੋ ਆਖਰ ਕਿਉਂ ਹੋ ਰਹੀ ਮੰਗ
Punjab Election2022: ਪੰਜਾਬ ਚੋਣਾਂ ਦੀ ਤਰੀਕ ਵਧਾਉਣ ਦੀ ਮੰਗ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਸੰਤ ਰਵਿਦਾਸ ਦੀ ਜਯੰਤੀ ਮਨਾਉਣ ਲਈ ਵੱਡੀ ਗਿਣਤੀ ਵਿੱਚ ਲੋਕ ਉੱਤਰ ਪ੍ਰਦੇਸ਼ ਦੇ ਬਨਾਰਸ ਜਾਣਗੇ। ਇਸ ਲਈ ਚੋਣਾਂ ਦੀ ਤਰੀਕ ਵਧਾਈ ਜਾਵੇ।
Punjab Election2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਕਈ ਸਿਆਸੀ ਪਾਰਟੀਆਂ ਨੇ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਅਪੀਲ ਕੀਤੀ ਹੈ। ਇਹ ਮੰਗ ਕਰਨ ਵਾਲਿਆਂ ਵਿੱਚ ਸੱਤਾਧਾਰੀ ਕਾਂਗਰਸ ਦੇ ਨਾਲ-ਨਾਲ ਬਸਪਾ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਤੇ ਪੰਜਾਬ ਲੋਕ ਕਾਂਗਰਸ ਆਦਿ ਸ਼ਾਮਲ ਹਨ।
ਦੱਸ ਦਈਏ ਕਿ ਪੰਜਾਬ ਵਿੱਚ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਹਨ। ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 16 ਫਰਵਰੀ ਨੂੰ ਹੈ। ਸਿਆਸੀ ਪਾਰਟੀਆਂ ਦੀ ਇਸ ਮੰਗ 'ਤੇ ਚੋਣ ਕਮਿਸ਼ਨ ਵੱਲੋਂ ਅਜੇ ਤੱਕ ਕੋਈ ਬਿਆਨ ਨਹੀਂ ਆਇਆ। ਚੋਣਾਂ ਦੀਆਂ ਤਰੀਕਾਂ ਵਧਾਉਣ ਦਾ ਫੈਸਲਾ ਚੋਣ ਕਮਿਸ਼ਨ ਨੇ ਹੀ ਲੈਣਾ ਹੈ।
ਦੱਸ ਦਈਏ ਕਿ ਬਹੁਜਨ ਸਮਾਜ ਪਾਰਟੀ (ਬਸਪਾ) ਪੰਜਾਬ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਸਭ ਤੋਂ ਪਹਿਲਾਂ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਵੋਟਾਂ ਦੀ ਤਰੀਕ ਵਧਾਉਣ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ 13 ਜਨਵਰੀ ਨੂੰ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਸੀ।
ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੂੰ ਲਿਖੇ ਪੱਤਰ ਵਿੱਚ ਚੰਨੀ ਨੇ ਕਿਹਾ ਹੈ ਕਿ ਅਨੁਸੂਚਿਤ ਜਾਤੀ ਭਾਈਚਾਰੇ ਦੇ ਕੁਝ ਨੁਮਾਇੰਦਿਆਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਗੁਰੂ ਰਵਿਦਾਸ ਜੈਅੰਤੀ 16 ਫਰਵਰੀ ਨੂੰ ਆ ਰਹੀ ਹੈ। ਇਸ ਮੌਕੇ 'ਤੇ ਸੂਬੇ ਤੋਂ ਵੱਡੀ ਗਿਣਤੀ 'ਚ ਅਨੁਸੂਚਿਤ ਜਾਤੀ ਦੇ ਸ਼ਰਧਾਲੂ 10 ਤੋਂ 16 ਫਰਵਰੀ ਦਰਮਿਆਨ ਉੱਤਰ ਪ੍ਰਦੇਸ਼ ਦੇ ਬਨਾਰਸ ਆਉਣ ਦੀ ਉਮੀਦ ਹੈ।
ਚੰਨੀ ਨੇ ਅੱਗੇ ਲਿਖਿਆ ਕਿ ਇਹ ਉਚਿਤ ਹੋਵੇਗਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਨੂੰ ਘੱਟੋ-ਘੱਟ ਛੇ ਦਿਨਾਂ ਲਈ ਮੁਲਤਵੀ ਕਰ ਦਿੱਤਾ ਜਾਵੇ ਤਾਂ ਜੋ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲਗਪਗ 20 ਲੱਖ ਲੋਕ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਸੂਬੇ ਦੀ ਲਗਪਗ 32 ਫੀਸਦੀ ਆਬਾਦੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਹੈ।
ਪੰਜਾਬ ਦੀਆਂ ਸਾਰੀਆਂ ਪਾਰਟੀਆਂ ਮੰਗ ਕਰ ਰਹੀਆਂ
ਸ਼੍ਰੋਮਣੀ ਅਕਾਲੀ ਦਲ (ਯੂ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਵੋਟਾਂ ਦੀ ਤਰੀਕ ਵਧਾਉਣ ਦੀ ਮੰਗ ਕੀਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਨੇ ਵੀ ਇਸ ਮੰਗ ਦਾ ਸਮਰਥਨ ਕੀਤਾ ਹੈ। ਪੰਜਾਬ ਲੋਕ ਕਾਂਗਰਸ ਦੇ ਜਨਰਲ ਸਕੱਤਰ ਕਮਲ ਸੈਣੀ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਭਾਜਪਾ ਦੇ ਸੂਬਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਵੀ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਚੋਣਾਂ ਦੀਆਂ ਤਰੀਕਾਂ ਵਧਾਉਣ ਦੀ ਮੰਗ ਕੀਤੀ ਹੈ।
ਸ਼ਰਮਾ ਨੇ ਕਿਹਾ ਹੈ ਕਿ ਸੂਬੇ ਵਿੱਚ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਦੀ ਵੱਡੀ ਆਬਾਦੀ ਹੈ, ਜਿਸ ਵਿੱਚ ਅਨੁਸੂਚਿਤ ਜਾਤੀ (ਐਸਸੀ) ਭਾਈਚਾਰਾ ਵੀ ਸ਼ਾਮਲ ਹੈ, ਜੋ ਪੰਜਾਬ ਦੀ ਆਬਾਦੀ ਦਾ ਲਗਪਗ 32 ਪ੍ਰਤੀਸ਼ਤ ਹੈ। ਉਨ੍ਹਾਂ ਲਿਖਿਆ ਹੈ ਕਿ ਇਸ ਪਵਿੱਤਰ ਮੌਕੇ 'ਤੇ ਲੱਖਾਂ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਬਨਾਰਸ ਵਿਖੇ ਗੁਰਪੁਰਬ ਮਨਾਉਣ ਜਾਣਗੇ। ਇਸ ਕਾਰਨ ਉਨ੍ਹਾਂ ਲਈ ਵੋਟਿੰਗ ਪ੍ਰਕਿਰਿਆ 'ਚ ਹਿੱਸਾ ਲੈਣਾ ਸੰਭਵ ਨਹੀਂ ਹੋਵੇਗਾ। ਇਸ ਲਈ ਬੇਨਤੀ ਹੈ ਕਿ ਵੋਟਿੰਗ ਦੀ ਤਰੀਕ ਹੋਰ ਵਧਾ ਦਿੱਤੀ ਜਾਵੇ ਤਾਂ ਜੋ ਪੰਜਾਬ ਦੇ ਇਹ ਵੋਟਰ ਚੋਣ ਪ੍ਰਕ੍ਰਿਆ ਵਿੱਚ ਭਾਗ ਲੈ ਸਕਣ।
ਚੋਣ ਕਮਿਸ਼ਨ ਨੇ ਲੈਣਾ ਫੈਸਲਾ
ਇਸ ਤਰ੍ਹਾਂ ਪੰਜਾਬ ਚੋਣਾਂ ਵਿਚ ਸਰਗਰਮ ਲਗਪਗ ਸਾਰੀਆਂ ਪਾਰਟੀਆਂ ਨੇ ਗੁਰੂ ਰਵਿਦਾਸ ਜੈਅੰਤੀ ਦੇ ਮੱਦੇਨਜ਼ਰ ਪੰਜਾਬ ਚੋਣਾਂ ਦੀ ਤਰੀਕ ਵਧਾਉਣ ਦੀ ਚੋਣ ਕਮਿਸ਼ਨ ਕੋਲ ਮੰਗ ਕੀਤੀ ਹੈ। ਗੁਰੂ ਰਵਿਦਾਸ ਜੈਅੰਤੀ 'ਤੇ ਬਨਾਰਸ ਜਾਣ ਵਾਲੇ ਲੋਕਾਂ ਦੀ ਗਿਣਤੀ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਚੋਣਾਂ 'ਚ ਵੋਟਾਂ ਦੀ ਤਰੀਕ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ।
ਹੁਣ ਇਸ ਬਾਰੇ ਫੈਸਲਾ ਚੋਣ ਕਮਿਸ਼ਨ ਨੇ ਲੈਣਾ ਹੈ ਪਰ ਅਜੇ ਤੱਕ ਇਸ ਮੰਗ 'ਤੇ ਚੋਣ ਕਮਿਸ਼ਨ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਜੇਕਰ ਚੋਣ ਕਮਿਸ਼ਨ ਚੋਣਾਂ ਦੀਆਂ ਤਰੀਕਾਂ ਵਿੱਚ ਵਾਧਾ ਕਰਦਾ ਹੈ ਤਾਂ ਇਸ ਲਈ ਉਸ ਨੂੰ ਲੰਬੀ ਕਵਾਇਦ ਕਰਨੀ ਪਵੇਗੀ। ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 14 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਾਂ ਪੈਣੀਆਂ ਹਨ ਤੇ 10 ਮਾਰਚ ਨੂੰ ਗਿਣਤੀ ਹੋਵੇਗੀ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਨੂੰ ਮਹਿਜ਼ ਇੱਕ ਪਰਿਵਾਰ ਤੇ ਸਿਆਸੀ ਪਾਰਟੀ ਲਈ ਵਰਤਿਆ ਜਾ ਰਿਹਾ, ਫੂਲਕਾ ਨੇ ਉਠਾਏ ਵੱਡੇ ਸਵਾਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin