Punjab Assembly Session ਦੇ ਆਖਰੀ ਦਿਨ ਜ਼ਬਰਦਸਤ ਹੰਗਾਮਾ, ਖਹਿਰਾ ਅਤੇ ਸਰਬਜੀਤ ਮਾਣੂੰਕੇ ਵਿਚਾਲੇ ਤਿੱਖੀ ਬਹਿਸ
Punjab Assembly Session : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਮੰਗਲਵਾਰ ਨੂੰ ਜ਼ਬਰਦਸਤ ਹੰਗਾਮਾ ਹੋਇਆ। ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕਾਂ ਵਿਚਾਲੇ
Punjab Assembly Session : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਮੰਗਲਵਾਰ ਨੂੰ ਜ਼ਬਰਦਸਤ ਹੰਗਾਮਾ ਹੋਇਆ। ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਦੇ ਵਿਧਾਇਕਾਂ ਵਿਚਾਲੇ ਤਿੱਖੀ ਬਹਿਸ ਦੇਖਣ ਨੂੰ ਮਿਲੀ। ਇਸ ਦੌਰਾਨ ਕਾਂਗਰਸੀ ਆਗੂ ਗਲਾਂ ਵਿੱਚ ਕਾਲੇ ਕੱਪੜੇ ਪਾ ਕੇ ਵਿਧਾਨ ਸਭਾ ਪਹੁੰਚੇ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਸਦਨ ਦਾ ਬਾਈਕਾਟ ਕਰ ਦਿੱਤਾ।
ਦੂਜੇ ਪਾਸੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੀ ਬੋਤਲ ਲੈ ਕੇ ਵਿਧਾਨ ਸਭਾ ਦੇ ਬਾਹਰ ਪਹੁੰਚੇ ਅਤੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਨੂੰ ਘੇਰਿਆ।
ਵਿਧਾਨ ਸਭਾ ਵਿੱਚ ਦਾਖ਼ਲ ਹੋਣ ਤੋਂ ਰੋਕਣ ਦੇ ਲਾਏ ਆਰੋਪ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਰੋਪ ਲਾਇਆ ਕਿ ਜਦੋਂ ਕਾਂਗਰਸੀ ਵਿਧਾਇਕ ਸਦਨ ਵਿੱਚ ਜਾਣ ਲੱਗੇ ਤਾਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਇਸ ਦੇ ਵਿਰੋਧ ਵਿੱਚ ਕਾਂਗਰਸੀ ਵਿਧਾਇਕਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਵਿਧਾਨ ਸਭਾ ਦਾ ਬਾਈਕਾਟ ਕਰ ਦਿੱਤਾ। ਇਸ ਮਾਮਲੇ 'ਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਸਕੱਤਰ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ।
ਸਪੀਕਰ ਨੇ ਬਸਪਾ ਵਿਧਾਇਕ ਨਛੱਤਰ ਪਾਲ ਤੋਂ ਵੀ ਪੁੱਛਿਆ ਕਿ ਕੀ ਉਨ੍ਹਾਂ ਨੂੰ ਸਦਨ ਵਿੱਚ ਆਉਣ ਤੋਂ ਰੋਕਿਆ ਗਿਆ ਸੀ। ਇਸ 'ਤੇ ਉਨ੍ਹਾਂ ਕਿਹਾ ਕਿ ਉਹ ਸਮੇਂ ਦੇ ਪਾਬੰਦ ਹਨ। ਸਪੀਕਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਮਾਣਯੋਗ ਵਿਧਾਇਕ ਨੂੰ ਸਦਨ ਵਿੱਚ ਆਉਣ ਤੋਂ ਨਹੀਂ ਰੋਕਿਆ ਜਾਵੇਗਾ, ਜਦੋਂ ਤੱਕ ਉਸ ਖ਼ਿਲਾਫ਼ ਕੋਈ ਕਾਰਵਾਈ ਨਾ ਹੋਈ ਹੋਵੇ।
ਬਾਜਵਾ ਅਤੇ 'ਆਪ' ਵਿਧਾਇਕ ਵਿਚਾਲੇ ਵੀ ਤਕਰਾਰ
ਵਿਧਾਨ ਸਭਾ ਦੇ ਪੋਡੀਅਮ 'ਤੇ ਪ੍ਰੈੱਸ ਕਾਨਫਰੰਸ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਵਿਧਾਇਕ ਆਹਮੋ-ਸਾਹਮਣੇ ਹੋ ਗਏ। 'ਆਪ' ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਾਹਰ ਜਾ ਕੇ ਜੋ ਕਰਨਾ ਹੈ, ਕਰੋ ਪਰ ਇੱਥੇ ਬਾਜਵਾ ਦੀ ਗੁੰਡਾਗਰਦੀ ਨਹੀਂ ਚੱਲਣ ਦਿੱਤੀ ਜਾਵੇਗੀ। ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਨੇ ਆਰੋਪ ਲਾਇਆ ਕਿ ਉਨ੍ਹਾਂ ਨਾਲ ਧੱਕਾ-ਮੁੱਕੀ ਵੀ ਕੀਤੀ ਗਈ।
ਸੁਖਪਾਲ ਖਹਿਰਾ ਅਤੇ ਸਰਬਜੀਤ ਕੌਰ ਮਾਣੂੰਕੇ ਵਿਚਾਲੇ ਤਿੱਖੀ ਬਹਿਸ
ਵਿਧਾਨ ਸਭਾ ਦੇ ਬਾਹਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਆਮ ਆਦਮੀ ਪਾਰਟੀ ਦੀ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਵਿਚਾਲੇ ਵੀ ਤਿੱਖੀ ਬਹਿਸ ਹੋਈ। ਖਹਿਰਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਜੁੜੇ ਆਰੋਪਾਂ ਦਾ ਜ਼ਿਕਰ ਕਰਦਿਆਂ ਸਵਾਲ ਕੀਤਾ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਕਾਰਵਾਈ ਕਿਉਂ ਨਹੀਂ ਕੀਤੀ ਗਈ ਅਤੇ ਆਰੋਪੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐਕਸ਼ਨ ਕਿਉਂ ਨਹੀਂ ਲਿਆ ਗਿਆ। ਇਸ ਤੋਂ ਬਾਅਦ ਖਹਿਰਾ ਨੇ ਮਾਣੂੰਕੇ 'ਤੇ ਇੱਕ ਐੱਨਆਰਆਈ ਦੀ ਕੋਠੀ 'ਤੇ ਕਬਜ਼ਾ ਕਰਨ ਦੇ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ।
ਮਾਣੂੰਕੇ ਨੇ ਦਿੱਤੀ ਮਾਣਹਾਨੀ ਦਾ ਕੇਸ ਕਰਨ ਦੀ ਚਿਤਾਵਨੀ
ਖਹਿਰਾ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਹਾਈ ਕੋਰਟ ਤੋਂ ਰਾਹਤ ਮਿਲ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਹ ਕੋਠੀ ਵਾਲੇ ਮਾਮਲੇ ਵਿੱਚ ਬਰੀ ਹੋ ਚੁੱਕੀ ਹੈ ਅਤੇ ਹੁਣ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੀਆਂ। ਮਾਣੂੰਕੇ ਨੇ ਕਿਹਾ ਕਿ ਉਹ ਕਿਸੇ ਦਾ ਵਿਰੋਧ ਕਰਨ ਨਹੀਂ, ਸਗੋਂ ਆਪਣੇ ਉੱਪਰ ਲੱਗੇ ਦੋਸ਼ਾਂ ਦਾ ਜਵਾਬ ਦੇਣ ਆਈਆਂ ਸਨ। ਉਨ੍ਹਾਂ ਸਵਾਲ ਕੀਤਾ ਕਿ ਉੱਥੇ 27 ਲੋਕ ਖੜ੍ਹੇ ਸਨ, ਕੀ ਉਹ ਇੱਕ ਔਰਤ ਤੋਂ ਡਰ ਗਏ ਸਨ?
ਮਾਣੂੰਕੇ ਨੇ ਖਹਿਰਾ ਨੂੰ ਔਰਤਾਂ ਦਾ ਸਤਿਕਾਰ ਕਰਨ ਦੀ ਨਸੀਹਤ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀਆਂ ਔਰਤਾਂ ਨੂੰ ਵੀ ਉਨ੍ਹਾਂ ਨੂੰ ਔਰਤਾਂ ਦੀ ਇੱਜ਼ਤ ਕਰਨੀ ਸਿਖਾਉਣੀ ਚਾਹੀਦੀ ਹੈ। ਇਸ ਤਰ੍ਹਾਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਆਖਰੀ ਦਿਨ ਸਿਆਸੀ ਹੰਗਾਮੇ, ਦੋਸ਼ਾਂ ਅਤੇ ਜਵਾਬੀ ਦੋਸ਼ਾਂ ਦੀ ਭੇਟ ਚੜ੍ਹ ਗਿਆ।
ਟ੍ਰੈਂਡਿੰਗ ਟੌਪਿਕ





















