Punjab News: 21 ਅਗਸਤ ਨੂੰ ਪੰਜਾਬ ਬੰਦ ਨੂੰ ਲੈਕੇ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਕੌਮੀ ਇਨਸਾਫ਼ ਮੋਰਚਾ ਨੇ 21 ਅਗਸਤ ਸ਼ੁੱਕਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ, ਜਿਸ ਵਿੱਚ ਸਜ਼ਾ ਪੂਰੀ ਹੋਣ ਦੇ ਬਾਵਜੂਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ। ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੇ ਬੁੱਧਵਾਰ ਨੂੰ ਪੰਜਾਬ ਬੰਦ ਦੇ ਸੱਦੇ ਸਬੰਧੀ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ, ਬੰਦ ਨੂੰ ਲੈ ਕੇ ਜਨਤਾ ਵਿੱਚ ਕਈ ਚਿੰਤਾਵਾਂ ਹਨ। ਇਸ ਦੌਰਾਨ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਾ ਰਹੇਗਾ। ਆਓ ਜਾਣਦੇ ਹਾਂ ਇਸ ਬਾਰੇ:-
ਆਹ ਸਾਰਾ ਕੁਝ ਰਹੇਗਾ ਬੰਦ
ਤਾਜ਼ਾ ਜਾਣਕਾਰੀ ਅਨੁਸਾਰ, ਮੋਰਚੇ ਨੇ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਆਵਾਜਾਈ ਬੰਦ ਰਹੇਗੀ, ਪਰ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਚਾਲੂ ਰਹਿਣਗੀਆਂ। ਮੋਰਚੇ ਦੇ ਬੁਲਾਰੇ ਨੇ ਕਿਹਾ ਕਿ ਸਕੂਲ ਅਤੇ ਕਾਲਜ ਬੰਦ ਰਹਿਣਗੇ ਅਤੇ ਸਰਕਾਰੀ ਬੱਸਾਂ ਨੂੰ ਚੱਲਣ ਦੀ ਇਜਾਜ਼ਤ ਨਹੀਂ ਹੋਵੇਗੀ। ਹਾਲਾਂਕਿ, ਸਕੂਲ ਦੀ ਛੁੱਟੀ ਬਾਰੇ ਅਜੇ ਤੱਕ ਕਿਸੇ ਵੀ ਪਾਰਟੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਮੋਰਚੇ ਨੇ ਇਸ ਦੌਰਾਨ ਬਾਜ਼ਾਰਾਂ ਅਤੇ ਫੈਕਟਰੀਆਂ ਨੂੰ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਾਈਵੇਅ ਬੰਦ ਰਹਿਣਗੇ ਅਤੇ ਇਸ ਸਮੇਂ ਦੌਰਾਨ ਕਿਸੇ ਵੀ ਸਰਕਾਰੀ ਜਾਂ ਨਿੱਜੀ ਵਾਹਨ ਨੂੰ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਬੱਸਾਂ ਅਤੇ ਰੇਲ ਗੱਡੀਆਂ ਨੂੰ ਵੀ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ, ਇਸ ਦੌਰਾਨ ਹਵਾਈ ਅੱਡੇ, ਵਿਆਹ ਜਾਂ ਕਿਸੇ ਭੋਗ ਲਈ ਜਾ ਰਹੇ ਕਿਸੇ ਵੀ ਵਿਅਕਤੀ ਨੂੰ ਨਹੀਂ ਰੋਕਿਆ ਜਾਵੇਗਾ। ਇਸ ਤੋਂ ਇਲਾਵਾ, ਹਸਪਤਾਲ ਅਤੇ ਮੈਡੀਕਲ ਸਟੋਰ ਬੰਦ ਨਹੀਂ ਹੋਣਗੇ।
ਕੌਮੀ ਇਨਸਾਫ਼ ਮੋਰਚਾ ਨੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੂੰ ਹੜਤਾਲ ਦੌਰਾਨ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਮੋਰਚੇ ਨੇ ਪੰਜਾਬ ਦੀਆਂ ਵਪਾਰਕ ਇਕਾਈਆਂ, ਸਮਾਜਿਕ ਸੰਗਠਨਾਂ ਅਤੇ ਵਿਦਿਅਕ ਸੰਸਥਾਵਾਂ ਨੂੰ ਹੜਤਾਲ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਹੈ। ਇਸ ਹੜਤਾਲ ਦੌਰਾਨ ਰੇਲ ਆਵਾਜਾਈ ਵੀ ਪ੍ਰਭਾਵਿਤ ਹੋ ਸਕਦੀ ਹੈ। ਆਵਾਜਾਈ ਸੇਵਾਵਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।
ਮੋਰਚਾ ਆਗੂ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਅਜੇ ਵੀ ਜੇਲ੍ਹ ਵਿੱਚ ਹਨ। ਉਹ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਕੈਦ ਜਗਤਾਰ ਸਿੰਘ ਹਵਾਰਾ ਲਈ ਪੈਰੋਲ ਦੀ ਵੀ ਮੰਗ ਕਰ ਰਹੇ ਹਨ। ਮੋਰਚਾ ਆਗੂਆਂ ਦਾ ਕਹਿਣਾ ਹੈ ਕਿ ਉਹ ਬੰਦ ਬਾਰੇ ਜਾਗਰੂਕਤਾ ਪੈਦਾ ਕਰਨਗੇ ਅਤੇ ਲੋਕਾਂ ਨੂੰ ਸ਼ਾਂਤੀਪੂਰਵਕ ਇਸ ਨੂੰ ਮਨਾਉਣ ਲਈ ਉਤਸ਼ਾਹਿਤ ਕਰਨਗੇ।
