ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਸਰਕਾਰ ਕੋਲਾ ਆਧਾਰਿਤ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਸੂਬੇ ਵਿੱਚ ਇੱਕ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਦੇ ਬਿਜਲੀ ਉਤਪਾਦਨ ਨੂੰ ਵਧਾ ਕੇ ਵਾਧੂ ਬਿਜਲੀ ਜੁਟਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਸੂਬੇ ਕੋਲ ਵਾਧੂ ਕੋਲਾ ਉਪਲਬਧ ਹੈ, ਜਿਸ ਦੀ ਵਰਤੋਂ ਇਨ੍ਹਾਂ ਥਰਮਲ ਪਲਾਂਟਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਕੋਲੇ ਦੀ ਲੋੜੀਂਦੀ ਸਪਲਾਈ ਅਤੇ ਸਟਾਕ ਹੈ ਜਿਸ ਰਾਹੀਂ ਇਨ੍ਹਾਂ ਪਲਾਂਟਾਂ ਨੂੰ ਕੁਸ਼ਲਤਾਪੂਰਵਕ ਚਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਵੀ ਸਾਰੇ ਖੇਤਰਾਂ ਨੂੰ ਨਿਰਵਿਘਨ ਅਤੇ ਨਿਯਮਤ ਬਿਜਲੀ ਸਪਲਾਈ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਆਲੀਸ਼ਾਨ ਘਰਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਰਾਜਨੀਤਿਕ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਵੱਡੇ-ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨਕਾਰੇ ਹੋਏ ਆਗੂ ਉਨ੍ਹਾਂ ਵਿਰੁੱਧ ਨਵੇਂ ਗਠਜੋੜ ਬਣਾ ਰਹੇ ਹਨ ਜਾਂ ਪੁਰਾਣੇ ਗਠਜੋੜ ਬਹਾਲ ਕਰਨ ਲਈ ਜੋੜ-ਤੋੜ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਗਠਜੋੜਾਂ ਦਾ ਇੱਕੋ-ਇੱਕ ਮਨੋਰਥ ਕਿਸੇ ਵੀ ਢੰਗ ਨਾਲ ਸੂਬੇ ਦੀ ਸਿਆਸੀ ਸੱਤਾ ਹਥਿਆਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀ ਸੋਚ ਦੇ ਉਲਟ ਉਹ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ ਅਤੇ ਆਪਣੇ ਅਹੁਦੇ ਦੀ ਵਰਤੋਂ ਜਨਤਾ ਦੀ ਸੇਵਾ ਲਈ ਕਰ ਰਹੇ ਹਨ।