ਪੰਜਾਬ ਬੀਜੇਪੀ ਦਾ ਵਫ਼ਦ ਰਾਜਪਾਲ ਮਿਲਿਆ, ਪੰਜਾਬ ਦੇ ਗ੍ਰਹਿ ਮੰਤਰੀ ਤੇ ਡੀਜੀਪੀ ਨੂੰ ਬਰਖ਼ਾਸਤ ਕਰਨ ਦੀ ਮੰਗ
ਸ਼ੰਕਰ ਦਾਸ ਦੀ ਰਿਪੋਰਟ
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਭਾਜਪਾ ਦਾ ਇੱਕ ਵਫ਼ਦ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਿਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਗ੍ਰਹਿ ਮੰਤਰੀ ਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਉਂਕਿ ਕੁਝ ਹੀ ਦਿਨਾਂ ਵਿੱਚ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਜਾ ਰਿਹਾ ਹੈ, ਇਸ ਲਈ ਹੁਣ ਜਨਤਾ ਇਸ ਸਰਕਾਰ ਨੂੰ ਬਰਖ਼ਾਸਤ ਕਰੇਗੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਇੱਕ ਸਾਜ਼ਿਸ਼ ਸੀ ਕਿਉਂਕਿ ਨਾ ਤਾਂ ਮੁੱਖ ਮੰਤਰੀ ਅਤੇ ਨਾ ਹੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਜਿਨ੍ਹਾਂ ਨੇ PM ਨੂੰ ਬਠਿੰਡਾ ਹਵਾਈ ਅੱਡੇ 'ਤੇ ਰਿਸੀਵ ਕੀਤਾ ਤੇ ਨਾ ਹੀ ਸੂਬੇ ਦੇ ਮੁੱਖ ਸਕੱਤਰ ਤੇ ਪੁਲਿਸ ਦੇ ਡਾਇਰੈਕਟਰ ਜਨਰਲ ਪ੍ਰਧਾਨ ਮੰਤਰੀ ਦੇ ਕਾਫ਼ਲੇ ਦੇ ਨਾਲ ਸਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਮਾਮਲੇ ਦੀ ਜਾਂਚ ਲਈ ਬਣਾਈ ਉੱਚ ਪੱਧਰੀ ਕਮੇਟੀ ਨੂੰ ਰੱਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਰ ਦੇ ਵਰਕਰਾਂ ਨੂੰ ਫਿਰੋਜ਼ਪੁਰ ਵਿੱਚ ਭਾਜਪਾ ਦੀ ਰੈਲੀ ਵਿੱਚ ਜਾਣ ਤੋਂ ਰੋਕਿਆ ਗਿਆ।
ਦਰਅਸਲ 'ਚ ਬੁੱਧਵਾਰ ਨੂੰ ਫਿਰੋਜ਼ਪੁਰ ਵਿੱਚ ਪੀਐਮ ਮੋਦੀ ਦੀ ਰੈਲੀ ਹੋਣ ਵਾਲੀ ਸੀ। ਹਾਲਾਂਕਿ ਇਸ ਨੂੰ ਰੱਦ ਕਰਨਾ ਪਿਆ। ਪ੍ਰਧਾਨ ਮੰਤਰੀ ਰੈਲੀ ਵਾਲੀ ਥਾਂ 'ਤੇ ਨਹੀਂ ਪਹੁੰਚ ਸਕੇ। ਹਾਲਾਂਕਿ ਖ਼ਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ ਹੈਲੀਕਾਪਟਰ ਦੀ ਬਜਾਏ ਬਠਿੰਡਾ ਹਵਾਈ ਅੱਡੇ ਤੋਂ ਸੜਕੀ ਰਸਤੇ ਰਵਾਨਾ ਹੋਇਆ ਸੀ।
ਪੀਐਮ ਮੋਦੀ ਨੇ ਸਭ ਤੋਂ ਪਹਿਲਾਂ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ 'ਤੇ ਪਹੁੰਚਣਾ ਸੀ। ਹਾਲਾਂਕਿ ਕਰੀਬ 30 ਕਿਲੋਮੀਟਰ ਦੂਰ ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਇੱਕ ਫਲਾਈਓਵਰ 'ਤੇ ਪਹੁੰਚਿਆ ਤਾਂ ਪਤਾ ਲੱਗਾ ਕਿ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ 'ਤੇ ਜਾਮ ਲਗਾ ਦਿੱਤਾ ਸੀ। ਜਿਸ ਕਰਕੇ ਪ੍ਰਧਾਨ ਮੰਤਰੀ 15-20 ਮਿੰਟ ਤੱਕ ਫਲਾਈਓਵਰ 'ਤੇ ਫਸੇ ਰਹੇ।