ਚੰਡੀਗੜ੍ਹ: ਬੇਸ਼ੱਕ ਪੰਜਾਬ ਵਿਧਾਨ ਚੋਣਾਂ (Punjab Assembly elections) ਵਿੱਚ ਬੀਜੇਪੀ ਦਾ ਬੁਰਾ ਹਾਲ ਹੋਇਆ ਹੈ, ਪਰ ਪਾਰਟੀ ਸੂਬੇ ਅੰਦਰ ਪੂਰੀ ਤਰ੍ਹਾਂ ਸਰਗਰਮ ਹੈ। ਇਸ ਵੇਲੇ ਬੀਜੇਪੀ (Punjab BJP) ਹਰ ਮੁੱਦੇ ਉਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੀ ਹੈ। ਪੰਜਾਬ ਬੀਜੇਪੀ ਨੇ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ (law and order in Punjab) ਬਾਰੇ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਤੋਂ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ।
ਇਸ ਰਿਪੋਰਟ ਵਿੱਚ ਬੀਜੇਪੀ ਨੇ ਪੰਜਾਬ ਪੁਲਿਸ ਦੇ ਮੁਖੀ ’ਤੇ ਸਿਆਸੀ ਹੱਥਾਂ ਵਿੱਚ ਖੇਡਣ ਦੇ ਦੋਸ਼ ਲਾਏ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਪੁਲਿਸ ਸਿਆਸੀ ਬਦਲਾਖੋਰੀ ਤੋਂ ਬਿਨਾਂ ਕੁਝ ਨਹੀਂ ਕਰ ਰਹੀ, ਜਿਸ ਕਾਰਨ ਸੂਬੇ ਦੀ ਕਾਨੂੰਨ ਵਿਵਸਥਾ ਦਾਅ ’ਤੇ ਲੱਗੀ ਹੋਈ ਹੈ। ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਹਾਲਾਤ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸਾਰਾ ਮਾਮਲਾ ਕੇਂਦਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਮਗਰੋਂ ਪੰਜਾਬ ਪੁਲਿਸ ਦਾ ਪੂਰੀ ਤਰ੍ਹਾਂ ਸਿਆਸੀਕਰਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਭਾਜਪਾ ਤੇ ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਦਰਸਾਉਂਦੇ ਹਨ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਸਿਆਸੀ ਰੰਜਿਸ਼ ਤਹਿਤ ਪੁਲਿਸ ਦੀ ਦੁਰਵਰਤੋਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਪੰਜਾਬ ਤੋਂ ਇਨ੍ਹਾਂ ਮਾਮਲਿਆਂ ’ਤੇ ਰੋਸ ਦਰਜ ਕਰਵਾਉਣ ਲਈ ਲੰਬੇ ਸਮੇਂ ਤੋਂ ਸਮਾਂ ਮੰਗਿਆ ਜਾ ਰਿਹਾ ਸੀ। ਆਖ਼ਰ ਸਮਾਂ ਮਿਲਣ ਦੇ ਬਾਵਜੂਦ ਰੁਝੇਵਿਆਂ ਦਾ ਬਹਾਨਾ ਬਣਾ ਕੇ ਵਫ਼ਦ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਦੇ ਵਤੀਰੇ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਡੀਜੀਪੀ, ਦਿੱਲੀ ਤੇ ਪੰਜਾਬ ਦੀਆਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੀ ਕਠਪੁਤਲੀ ਬਣ ਚੁੱਕੇ ਹਨ।
ਇਹ ਵੀ ਪੜ੍ਹੋ: AAP Spokesperson: ਪੰਜਾਬ ਕਾਂਗਰਸ ਨੇ ਆਪਣਾ ਨਵਾਂ ਰਾਜਾ ਚੁਣ ਲਿਆ, ਉਸ ਤੋਂ ਵੀ ਕੋਈ ਉਮੀਦ ਨਹੀਂ: 'ਆਪ'