SYL ਮੁੱਦੇ 'ਤੇ ਪੰਜਾਬ ਭਾਜਪਾ ਨੇ ਲਿਆ ਸਖ਼ਤ ਫ਼ੈਸਲਾ, CM ਦੀ ਰਿਹਾਇਸ਼ ਘੇਰਨ ਜਾਂਦੇ ਪੁਲਿਸ ਨੇ ਚੁੱਕੇ, ਕਿਹਾ-ਪੰਜਾਬ ਦਾ ਪਾਣੀ....
ਸੁਨੀਲ ਜਾਖੜ ਦਾ ਕਹਿਣਾ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਸੱਤਾ 'ਚ ਆਉਣ ਤੋਂ ਬਾਅਦ ਕਿਸੇ ਪਾਰਟੀ ਨੇ ਕਿਹਾ ਹੈ ਕਿ ਉਹ ਐੱਸ.ਵਾਈ.ਐੱਲ. ਬਣਾਉਣਾ ਚਾਹੁੰਦੀ ਹੈ ਜਦੋਂ ਕਿ ਪੰਜਾਬ ਕੋਲ ਪਾਣੀ ਨਹੀਂ ਹੈ।
Punjab News: ਸੁਪਰੀਮ ਕੋਰਟ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਮਾਮਲੇ ਵਿੱਚ ਪੰਜਾਬ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਣ ਤੋਂ ਬਾਅਦ ਭਾਜਪਾ ਨੇ ਵੀ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਸ਼ਨੀਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਖਤਮ ਹੋਣ ਤੋਂ ਬਾਅਦ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਭਾਜਪਾ ਆਗੂਆਂ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਘਰ ਵੱਲ ਮਾਰਚ ਕੀਤਾ। ਪੁਲਿਸ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਰੋਕ ਕੇ ਹਿਰਾਸਤ ਵਿੱਚ ਲੈ ਲਿਆ।
ਭਾਜਪਾ ਨੇ ਸਪੱਸ਼ਟ ਕੀਤਾ ਕਿ ਉਹ ਇੱਕ ਬੂੰਦ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵੇਗੀ। ਭਾਜਪਾ ਨੇ 'ਆਪ' ਸਰਕਾਰ 'ਤੇ ਕੇਸ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ ਹੈ। ਭਾਜਪਾ ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਅਤੇ ਕਮੇਟੀ ਮੈਂਬਰ ਸ਼ਾਮਲ ਹੋਏ।
ਪੰਜਾਬ ਕੋਲ ਪਾਣੀ ਨਹੀਂ
ਸੁਨੀਲ ਜਾਖੜ ਦਾ ਕਹਿਣਾ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਸੱਤਾ 'ਚ ਆਉਣ ਤੋਂ ਬਾਅਦ ਕਿਸੇ ਪਾਰਟੀ ਨੇ ਕਿਹਾ ਹੈ ਕਿ ਉਹ ਐੱਸ.ਵਾਈ.ਐੱਲ. ਬਣਾਉਣਾ ਚਾਹੁੰਦੀ ਹੈ ਜਦੋਂ ਕਿ ਪੰਜਾਬ ਕੋਲ ਪਾਣੀ ਨਹੀਂ ਹੈ। ਪੰਜਾਬ ਦੇ ਲੋਕ ਇਸ ਦਾ ਜਵਾਬ ਮੰਗ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੇ ਗਏ ਜਵਾਬ ਤੋਂ ਬਾਅਦ ‘ਆਪ’ ਸਰਕਾਰ ਦਾ ਦੋਗਲਾਪਣ ਸਾਫ਼ ਹੋ ਗਿਆ ਹੈ। ਜਾਖੜ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਜਾਣਬੁੱਝ ਕੇ ਇਸ ਕੇਸ ਨੂੰ ਕਮਜ਼ੋਰ ਕੀਤਾ ਹੈ।
ਇਹ ਮੀਟਿੰਗ ਪੰਜਾਬ ਲਈ ਅਹਿਮ ਰਹੀ ਹੈ, ਕਿਉਂਕਿ ਇਸ ਨੇ ਐਸਵਾਈਐਲ ਮੁੱਦੇ 'ਤੇ ਭਾਜਪਾ ਦਾ ਸਟੈਂਡ ਸਪੱਸ਼ਟ ਕਰ ਦਿੱਤਾ ਹੈ। ਇਸ ਦੇ ਨਾਲ ਹੀ ਭਾਜਪਾ ਨੇ ਪੰਜਾਬ 'ਚ ਐਸਵਾਈਐਲ ਮੁੱਦੇ 'ਤੇ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦੀ ਯੋਜਨਾ ਵੀ ਤਿਆਰ ਕਰ ਲਈ ਹੈ।
ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦੀ ਮੰਗ ਉਠਾਈ ਗਈ ਹੈ। ਭਾਜਪਾ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਏਗੀ। ਹਾਲਾਂਕਿ ਅਕਾਲੀ ਦਲ ਨੇ ਇਸ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਪਹਿਲ ਕਰ ਲਈ ਹੈ। ਅਕਾਲੀ ਦਲ ਦੇ ਆਗੂਆਂ ਨੇ ਜਿੱਥੇ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ, ਉੱਥੇ ਹੀ ਉਹ ਪੰਜਾਬ ਦੇ ਰਾਜਪਾਲ ਨੂੰ ਵੀ ਮਿਲੇ।