Punjab Breaking News LIVE: ਅੰਮ੍ਰਿਤਸਰ ਨੂੰ ਐਲਾਨਿਆ ਨੋ-ਫਲਾਈ ਜ਼ੋਨ, ਧਰਨਿਆਂ-ਮੁਜ਼ਾਹਰਿਆਂ ’ਤੇ ਪੂਰਨ ਪਾਬੰਦੀ ਦੇ ਹੁਕਮ, ‘ਟੈੱਟ’ ਪੇਪਰ 'ਚ ਕੁਤਾਹੀ ਬਾਰੇ ਪੰਜਾਬ ਸਰਕਾਰ ਲਵੇਗੀ ਸਖ਼ਤ ਐਕਸ਼ਨ, ਪੰਜਾਬ 'ਚ ਮੌਸਮ ਨੇ ਲਿਆ ਕਰਵਟ
Punjab Breaking News LIVE: ਅੰਮ੍ਰਿਤਸਰ ਨੂੰ ਐਲਾਨਿਆ ਨੋ-ਫਲਾਈ ਜ਼ੋਨ, ਧਰਨਿਆਂ-ਮੁਜ਼ਾਹਰਿਆਂ ’ਤੇ ਪੂਰਨ ਪਾਬੰਦੀ ਦੇ ਹੁਕਮ, ‘ਟੈੱਟ’ ਪੇਪਰ 'ਚ ਕੁਤਾਹੀ ਬਾਰੇ ਪੰਜਾਬ ਸਰਕਾਰ ਲਵੇਗੀ ਸਖ਼ਤ ਐਕਸ਼ਨ, ਪੰਜਾਬ 'ਚ ਮੌਸਮ ਨੇ ਲਿਆ ਕਰਵਟ
Background
G 20 Summit in Amritsar: ਜੀ-20 ਸੰਮੇਲਨ ਦੇ ਮੱਦੇਨਜ਼ਰ ਸਰੱਖਿਆ ਏਜੰਸੀਆਂ ਨੇ ਅਹਿਮ ਫੈਸਲਾ ਲਿਆ ਹੈ। ਜੀ-20 ਸੰਮੇਲਨ ਵਿੱਚ ਪਹੁੰਚੇ ਵੀਵੀਆਈਪੀਜ਼ ਤੇ ਵਿਦੇਸ਼ੀ ਡੈਲੀਗੇਟਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਨੂੰ ਨੋ-ਫਲਾਈ ਜ਼ੋਨ ਐਲਾਨਿਆ ਗਿਆ ਹੈ। ਉਂਝ ਇਹ ਨੋ-ਫਲਾਈ ਜ਼ੋਨ ਭਾਰਤ ਤੇ ਵਿਦੇਸ਼ਾਂ ਤੋਂ ਆਉਣ ਵਾਲੇ ਜਹਾਜ਼ਾਂ ਲਈ ਨਹੀਂ ਹੈ। ਇਹ ਪਾਬੰਦੀ ਸਿਰਫ਼ ਡ੍ਰੋਨਾਂ ਤੇ ਮਾਨਵ ਰਹਿਤ ਜਹਾਜ਼ਾਂ ਲਈ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਹ ਹੁਕਮ 21 ਮਾਰਚ ਤੱਕ ਜਾਰੀ ਕੀਤੇ ਹਨ।
ਦੱਸ ਦਈਏ ਕਿ ਜੀ-20 ਕਾਨਫਰੰਸ ਤਹਿਤ ਅੰਮ੍ਰਿਤਸਰ ਵਿੱਚ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਅੰਮ੍ਰਿਤਸਰ ਵਿੱਚ 17 ਮਾਰਚ ਤੱਕ ਸਿੱਖਿਆ ਵਿਸ਼ਿਆਂ ’ਤੇ ਮੀਟਿੰਗਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਲੈਬਰ ਨਾਲ ਸਬੰਧਤ ਵਿਸ਼ਿਆਂ 'ਤੇ 19-20 ਮਾਰਚ ਨੂੰ ਮੀਟਿੰਗਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦਾ ਦੌਰ ਅੰਮ੍ਰਿਤਸਰ ਦੇ ਖਾਲਸਾ ਕਾਲਜ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਚੱਲ ਰਿਹਾ ਹੈ। ਸੁਰੱਖਿਆ ਕਾਰਨਾਂ ਕਰਕੇ ਡ੍ਰੋਨ ਤੇ ਮਾਨਵ ਰਹਿਤ ਜਹਾਜ਼ਾਂ ਦੀ ਉਡਾਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ।
ਅੰਮ੍ਰਿਤਸਰ ਨੂੰ ਐਲਾਨਿਆ ਨੋ-ਫਲਾਈ ਜ਼ੋਨ
ਅੰਮ੍ਰਿਤਸਰ ਵਿੱਚ ਹੁਣ ਧਰਨੇ-ਮੁਜ਼ਹਾਰੇ ਨਹੀਂ ਕੀਤੇ ਜਾ ਸਕਣਗੇ। ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ ਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਲੁਧਿਆਣਾ 'ਚ ਪੁਲਿਸ ਪੂਰੀ ਤਰ੍ਹਾਂ ਅਲਰਟ, ਥਾਂ-ਥਾਂ ਨਾਕੇ ਤੇ ਚੈਕਿੰਗ
ਅੰਮ੍ਰਿਤਸਰ ਵਿੱਚ ਚੱਲ ਰਹੇ ਜੀ-20 ਸੰਮੇਲਨ ਦੇ ਮੱਦੇਨਜ਼ਰ ਲੁਧਿਆਣਾ ਵਿੱਚ ਜ਼ਿਲ੍ਹਾ ਪੁਲਿਸ ਤੇ ਰੇਲਵੇ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਹੈ। ਲੁਧਿਆਣਾ ਪੁਲਿਸ ਵੱਲੋਂ ਸ਼ਹਿਰ ਵਿੱਚ ਜਿੱਥੇ ਥਾਂ-ਥਾਂ ਨਾਕੇਬੰਦੀ ਕੀਤੀ ਗਈ ਹੈ, ਉੱਥੇ ਹੀ ਰੇਲਵੇ ਪੁਲਿਸ ਵੀ ਚੌਕਸ ਹੈ। ਰੇਲਵੇ ਪੁਲਿਸ ਵੱਲੋਂ ਸਟੇਸ਼ਨ ਦੇ ਪਲੇਟਫਾਰਮਾਂ ’ਤੇ ਚੈੱਕਿੰਗ ਕੀਤੀ ਜਾ ਰਹੀ ਹੈ।
ਲੁਧਿਆਣਾ ਪੁਲਿਸ ਵੱਲੋਂ ਸ਼ਹਿਰ ਵਿੱਚ ਕਈ ਦਿਨਾਂ ਪਹਿਲਾਂ ਤੋਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਮੁਲਾਜ਼ਮਾਂ ਦੇ ਨਾਲ ਪੈਰਾ ਮਿਲਟਰੀ ਦੇ ਜਵਾਨ ਵੀ ਸ਼ਹਿਰ ਵਿੱਚ ਗਸ਼ਤ ਕਰ ਰਹੇ ਹਨ। ਸ਼ਹਿਰ ਵਿੱਚ ਫਲੈਗ ਮਾਰਚ ਕੱਢਣ ਦੇ ਨਾਲ ਨਾਲ ਸ਼ਹਿਰ ਵਿੱਚ ਸਵੇਰੇ ਸ਼ਾਮ ਨਾਕੇਬੰਦੀ ਵੀ ਕੀਤੀ ਜਾ ਰਹੀ ਹੈ। ਜਿਥੇ ਹਰ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਹਿਰ ਦੀਆਂ ਐਂਟਰੀ ਪੁਆਇੰਟ ’ਤੇ ਨਾਕਾਬੰਦੀ ਕੀਤੀ ਗਈ ਹੈ। ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
Punjab News: ਡਾਕਘਰ ਦੇ ਮੁਲਜ਼ਮ ਨੂੰ ਗੋਲ਼ੀਆਂ ਨਾਲ ਭੁੰਨਿਆ, ਹਾਲਤ ਗੰਭੀਰ
ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਘੋਲੀਆ ਖੁਰਦ ਵਿਚ ਡਾਕਘਰ ਮੁਲਜ਼ਮ 50 ਸਾਲਾ ਜਸਵਿੰਦਰ ਸਿੰਘ ਨੂੰ ਅੱਜ ਅਣਪਛਾਤੇ ਨੇ 4 ਗੋਲੀਆਂ ਮਾਰ ਦਿੱਤੀਆਂ। ਇਸ ਦੌਰਾਨ ਪੁਲੀਸ ਨੇ ਹਮਲਾਵਰ ਦਾ ਪਿੱਛਾ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹਮਲਵਾਰ ਵੀ ਇਸੇ ਡਾਕਘਰ ਦਾ ਮੁਲਜ਼ਮ ਹੈ। ਗੰਭੀਰ ਜ਼ਖ਼ਮੀ ਨੂੰ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਮੌਕੇ ’ਤੇ ਡੀਐੱਸਪੀ ਮਨਜੀਤ ਸਿੰਘ ਢੇਸੀ ਤੇ ਹੋਰ ਪੁਲੀਸ ਅਧਿਕਾਰੀ ਪੁੱਜ ਚੁੱਕੇ ਹਨ।
Jalandhar News: ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ, ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੋਏਗਾ ਨਿਪਟਾਰਾ: ਜਿੰਪਾ
ਪੰਜਾਬ ਵਿਚ ਆਪਣੀ ਤਰ੍ਹਾਂ ਦੀ ਪਹਿਲੀ ਜਨ ਮਾਲ ਲੋਕ ਅਦਾਲਤ ਦੀ ਸ਼ੁਰੂਆਤ ਜਲੰਧਰ ਤੋਂ ਕੀਤੀ ਜਾ ਰਹੀ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਮਾਲ ਵਿਭਾਗ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਨਿਪਟਾਰਾ ਕਰਨ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਤੇ ਦਫ਼ਤਰਾਂ ਆਦਿ ਦਾ ਨਿਰੀਖਣ ਵੀ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਜਨਤਾ ਦਰਬਾਰ ਲਗਾ ਕੇ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਸੀ।






















