Punjab Breaking News LIVE: ਬੇਮੌਸਮੀ ਬਾਰਸ਼ ਤੇ ਹਨ੍ਹੇਰੀ ਨੇ ਪੰਜਾਬ 'ਚ ਢਾਹਿਆ ਕਹਿਰ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ
Punjab Breaking News LIVE: ਬੇਮੌਸਮੀ ਬਾਰਸ਼ ਤੇ ਹਨ੍ਹੇਰੀ ਨੇ ਪੰਜਾਬ 'ਚ ਢਾਹਿਆ ਕਹਿਰ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਮੀਟਿੰਗ 'ਤੇ ਸਭ ਦੀਆਂ ਨਜ਼ਰਾਂ, ਕੱਲ੍ਹ ਕਰਨਗੇ ਵੱਡਾ ਐਲਾਨ
LIVE
Background
Punjab Breaking News LIVE: ‘ਵਾਰਿਸ ਪੰਜਾਬ ਦੇ’ ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਹੁਣ ਸਭ ਦੀਆਂ ਨਜ਼ਰਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉੱਪਰ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 27 ਮਾਰਚ ਨੂੰ ਸੱਦੀ ਗਈ ਮੀਟਿੰਗ ਦੌਰਾਨ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ ਸੁਸਾਇਟੀਆਂ ਦੇ ਚੋਣਵੇਂ ਨੁਮਾਇੰਦਿਆਂ ਨਾਲ ਚਰਚਾ ਕਰਕੇ ਉਨ੍ਹਾਂ ਕੋਲੋਂ ਸੁਝਾਅ ਲਏ ਜਾਣਗੇ ਤੇ ਇਨ੍ਹਾਂ ਵਿਚਾਰਾਂ ਦੀ ਰੋਸ਼ਨੀ ਵਿੱਚ ਅਗਲਾ ਫ਼ੈਸਲਾ ਲਿਆ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੀਟਿੰਗ ਵਿੱਚ ਕੋਈ ਵੀ ਸਿਆਸੀ ਜਮਾਤ ਦਾ ਪ੍ਰਤੀਨਿਧ ਨਹੀਂ ਸੱਦਿਆ ਗਿਆ। ਉਨ੍ਹਾਂ ਇਸ ਸਬੰਧ ਵਿੱਚ ਸਿੱਖ ਸੰਗਤ ਕੋਲੋਂ ਵੀ ਸੁਝਾਅ ਮੰਗੇ ਹਨ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉਪਰ ਸਭ ਦੀਆਂ ਨਜ਼ਰਾਂ ਹਨ। ਸਰਕਾਰ ਵੀ ਇਸ ਮੀਟਿੰਗ ਉੱਪਰ ਨਜ਼ਰ ਰਹੀ ਹੈ। ਬੀਤੇ ਦਿਨ ਪੰਜਾਬ ਪੁਲਿਸ ਦੇ ਖੁਫੀਆ ਵਿੰਗ ਦੇ ਆਈਜੀ ਜਸਕਰਨ ਸਿੰਘ ਨੇ ਵੀ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਸੀ। ਬੇਸ਼ੱਕ ਆਈਜੀ ਨੇ ਇਸ ਨੂੰ ਰਸਮੀ ਮੀਟਿੰਗ ਕਿਹਾ ਸੀ ਪਰ ਇਸ ਨੂੰ 27 ਮਾਰਚ ਨੂੰ ਵਾਲੀ ਮੀਟਿੰਗ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਨੌਜਵਾਨਾਂ ’ਤੇ ਲੋੜੋਂ ਵੱਧ ਸੰਗੀਨ ਜੁਰਮਾਂ ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ ਜਦਕਿ ਇਨ੍ਹਾਂ ਨੌਜਵਾਨਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ। ਜਥੇਦਾਰ ਨੇ ਕਿਹਾ ਕਿ ਪੁਲਿਸ ਅੰਮ੍ਰਿਤਪਾਲ ਬਾਰੇ ਸੋਸ਼ਲ ਮੀਡੀਆ ’ਤੇ ਕੁਝ ਵੀ ਸਾਂਝਾ ਕਰਨ ਵਾਲਿਆਂ ਦੇ ਘਰਾਂ ਵਿੱਚ ਵੀ ਜਾ ਰਹੀ ਹੈ ਜੋ ਵਿਚਾਰਾਂ ਦੀ ਆਜ਼ਾਦੀ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਨੂੰ ਅਜਿਹੀ ਕਾਰਵਾਈ ਕਰਨ ਤੋਂ ਰੋਕੇ।
ਬੇਮੌਸਮੀ ਬਾਰਸ਼ ਤੇ ਹਨ੍ਹੇਰੀ ਨੇ ਪੰਜਾਬ 'ਚ ਢਾਹਿਆ ਕਹਿਰ
ਪੰਜਾਬ ਵਿੱਚ ਬੇਮੌਸਮੀ ਬਾਰਸ਼ ਨੇ ਕਹਿਰ ਵਰ੍ਹਾਇਆ ਹੈ। ਬਾਰਸ਼ ਨੇ ਤੇਜ਼ ਹਨ੍ਹੇਰੀ ਨਾਲ ਸੂਬੇ ਭਰ ਵਿੱਚ 14 ਲੱਖ ਹੈਕਟੇਅਰ ਦੇ ਕਰੀਬ ਫ਼ਸਲ ਪ੍ਰਭਾਵਿਤ ਹੋਈ ਹੈ। ਇਹ ਮੋਟਾ ਜਿਹਾ ਅੰਦਾਜ਼ਾ ਹੈ। ਉਂਝ ਨੁਕਸਾਨ ਇਸ ਤੋਂ ਵੱਧ ਹੋਇਆ ਹੋ ਸਕਦਾ ਹੈ। ਪੰਜਾਬ ਸਰਕਾਰ ਨੇ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਬੇਮੌਸਮੇ ਮੀਂਹ ਤੋਂ ਬਾਅਦ ਸ਼ੁੱਕਰਵਾਰ ਪਏ ਤੇਜ਼ ਮੀਂਹ ਤੇ ਕਿਤੇ-ਕਿਤੇ ਪਏ ਗੜਿਆਂ ਨੇ ਕਣਕ ਸਣੇ ਹਾੜ੍ਹੀ ਦੀਆਂ ਹੋਰ ਫ਼ਸਲਾਂ ਵਿਛਾ ਦਿੱਤੀਆਂ ਹਨ। ਸ਼ੁੱਕਰਵਾਰ ਪਏ ਤੇਜ਼ ਮੀਂਹ, ਗੜੇਮਾਰੀ ਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਕਾਰਨ ਸੂਬੇ ਭਰ ਵਿੱਚ 14 ਲੱਖ ਹੈਕਟੇਅਰ ਦੇ ਕਰੀਬ ਫ਼ਸਲ ਪ੍ਰਭਾਵਿਤ ਹੋਈ ਹੈ।
Punjab News: ਸੀਐਮ ਭਗਵੰਤ ਮਾਨ ਵੱਲੋਂ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨਾਲ ਹੋਣ ਨੁਕਸਾਨ ਲਈ ਮੁਆਵਜ਼ਾ ਦੇਣ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਐਲਾਨ ਕੀਤਾ ਹੈ ਕਿ ਬੇਮੌਸਮੀ ਬਾਰਸ਼ ਤੇ ਗੜੇਮਾਰੀ ਨਾਲ ਫਸਲਾਂ, ਬਾਗਾਂ ਤੇ ਘਰਾਂ ਦਾ ਨੁਕਸਾਨ ਜੋ ਵੀ ਨੁਕਸਾਨ ਹੋਇਆ ਹੈ, ਉਸ ਦਾ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੇਮੌਸਮੇ ਮੀਂਹ ਤੇ ਗੜ੍ਹਿਆਂ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਕਿਸਾਨਾਂ ਤੇ ਮਜ਼ਦੂਰਾਂ ਦੇ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।
Punjab News: ਪੰਜਾਬ 'ਚੋਂ ਲੰਘਦੇ ਨੈਸ਼ਨਲ ਹਾਈਵੇ 'ਤੇ ਸਫਰ ਕਰਨ ਵਾਲਿਆਂ ਨੂੰ ਹੁਣ ਹੋਰ ਢਿੱਲੀ ਕਰਨੀ ਪਵੇਗੀ ਆਪਣੀ ਜੇਬ
ਹੁਣ ਪੰਜਾਬ 'ਚੋਂ ਲੰਘਦੇ ਨੈਸ਼ਨਲ ਹਾਈਵੇ 'ਤੇ ਸਫਰ ਕਰਨ ਵਾਲੇ ਲੋਕਾਂ ਨੂੰ ਆਪਣੀ ਜੇਬ ਹੋਰ ਢਿੱਲੀ ਕਰਨੀ ਪਵੇਗੀ। ਨੈਸ਼ਨਲ ਹਾਈਵੇਅ ਅਥਾਰਟੀ ਨੇ ਆਪਣੇ ਸਾਰੇ ਟੋਲ ਦੇ ਰੇਟ ਵਧਾਉਣ ਦੀ ਤਿਆਰੀ ਕਰ ਲਈ ਹੈ। ਰੇਟ ਵਿੱਚ 5 ਤੋਂ 10 ਰੁਪਏ ਦਾ ਵਾਧਾ ਕੀਤਾ ਜਾ ਰਿਹਾ ਹੈ। ਨਵੀਆਂ ਦਰਾਂ 31 ਮਾਰਚ ਦੀ ਅੱਧੀ ਰਾਤ 12 ਵਜੇ ਤੋਂ ਲਾਗੂ ਹੋਣਗੀਆਂ।
Jalandhar lok sabha bypoll: ਜਗਬੀਰ ਬਰਾੜ 'ਆਪ' 'ਚ ਸ਼ਾਮਲ
ਜਲੰਧਰ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਅਕਾਲੀ ਲੀਡਰ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਜਗਬੀਰ ਬਰਾੜ ਦੇ 'ਆਪ' 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਜਲੰਧਰ ਉਪ ਚੋਣ 'ਚ ਫਾਇਦਾ ਹੋ ਸਕਦਾ ਹੈ।
Sidhu Moosewala: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਰਾਜਸਥਾਨ ਤੋਂ ਧਮਕੀ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮੁੜ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਜ਼ਰੀਏ ਦਿੱਤੀ ਗਈ ਹੈ। ਧਮਕੀ ਦੇਣ ਵਾਲੇ ਨੇ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਓ ਨਹੀਂ ਤਾਂ ਉਨ੍ਹਾਂ ਨੂੰ ਜਲਦ ਹੀ ਮਾਰ ਦਿੱਤਾ ਜਾਏਗਾ। ਇਹ ਖੁਲਾਸਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਕੀਤਾ ਹੈ। ਬਲਕੌਰ ਸਿੰਘ ਨੇ ਅੱਜ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਇੱਕ ਵਾਰ ਫਿਰ ਈਮੇਲ ਰਾਹੀਂ ਧਮਕੀ ਦਿੱਤੀ ਗਈ ਹੈ ਕਿ ਉਨ੍ਹਾਂ ਨੂੰ ਜਲਦੀ ਹੀ ਮਾਰ ਦਿੱਤਾ ਜਾਵੇਗਾ। ਮੂਸੇਵਾਲਾ ਦੇ ਪਿਤਾ ਨੇ ਦੋਸ਼ ਲਾਇਆ, ‘ਮੈਨੂੰ ਰਾਜਸਥਾਨ ਤੋਂ ਈਮੇਲ ’ਤੇ ਧਮਕੀ ਮਿਲੀ ਹੈ ਕਿ ਮੈਨੂੰ ਜਲਦੀ ਹੀ ਮਾਰ ਦਿੱਤਾ ਜਾਵੇਗਾ, ਇਸ ਲਈ ਲਾਰੈਂਸ ਬਿਸ਼ਨੋਈ ਦਾ ਨਾਮ ਨਾ ਲਓ।’
Punjab Breaking News LIVE: ਅੰਮ੍ਰਿਤਸਰ ਤੋਂ ਵਿਦੇਸ਼ ਦੇ 10 ਤੇ ਭਾਰਤ ਦੇ 11 ਹਵਾਈ ਅੱਡਿਆਂ ਲਈ ਸਿੱਧੀ ਫਲਾਈਟ
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਨ ਵਾਲੇ ਅੰਤਰਰਾਸ਼ਟਰੀ ਤੇ ਘਰੇਲੂ ਯਾਤਰੀਆਂ ਲਈ ਚੰਗੀ ਖਬਰ ਹੈ। ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ, ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਅੰਮ੍ਰਿਤਸਰ ਹਵਾਈ ਅੱਡਾ ਆਉਣ ਵਾਲੇ ਗਰਮੀਆਂ ਦੇ ਮੌਸਮ ਵਿੱਚ ਨਵੀਆਂ ਉਡਾਣਾਂ ਨਾਲ ਨਵੇਂ ਰਿਕਾਰਡ ਕਾਇਮ ਕਰਨ ਲਈ ਤਿਆਰ ਹੈ। ਇੱਥੋਂ ਭਾਰਤ ਤੇ ਵਿਦੇਸ਼ ਦੀਆਂ ਕੁੱਲ 11 ਏਅਰਲਾਈਨ ਦੁਆਰਾ ਰੋਜ਼ਾਨਾ ਲਗਪਗ 64 ਉਡਾਣਾਂ ਦੀ ਰਵਾਨਗੀ ਤੇ ਆਗਮਨ ਹੋਵੇਗੀ। ਹਵਾਬਾਜੀ ਖੇਤਰ ਵਿੱਚ ਗਰਮੀਆਂ ਦਾ ਸੀਜ਼ਨ ਮਾਰਚ ਦੇ ਅਖੀਰਲੇ ਹਫਤੇ ਤੋਂ ਸ਼ੁਰੂ ਹੋ ਕੇ ਅਕਤੂਬਰ ਦੇ ਅੰਤ ਤੱਕ ਹੁੰਦਾ ਹੈ।