Punjab Budget 2022: ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਸ਼ਰਾਬ ਤੋਂ 9,648 ਕਰੋੜ ਰੁਪਏ ਦੀ ਕਮਾਈ ਹੋਵੇਗੀ। ਇਹ ਪਿਛਲੇ ਸਾਲ ਨਾਲੋਂ 56% ਵੱਧ ਹੈ। ਇਸ ਤੋਂ ਇਲਾਵਾ ਜੀਐਸਟੀ ਕੁਲੈਕਸ਼ਨ 27% ਵਧਣ ਦੀ ਉਮੀਦ ਹੈ। ਇਸ ਨਾਲ ਸਰਕਾਰ ਦੇ ਖ਼ਜ਼ਾਨੇ ਵਿੱਚ 4350 ਰੁਪਏ ਦਾ ਵਾਧਾ ਹੋਵੇਗਾ। ਪਿਛਲੇ ਸਾਲ ਦੇ ਮੁਕਾਬਲੇ ਕਮਾਈ 17.8% ਵਧੇਗੀ। ਇਸ ਸਭ ਨਾਲ 95,378 ਕਰੋੜ ਦਾ ਯੋਗਦਾਨ ਵਧੇਗਾ। ਇਸ ਲਈ ਸਰਕਾਰ ਵੱਲੋਂ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ।


ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਪਹਿਲਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਬਜਟ ਵਿੱਚ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਖਰਚੇ ਦਾ ਅਨੁਮਾਨ ਲਗਾਇਆ ਗਿਆ ਹੈ। ਇਹ ਸਾਲ 2021-22 ਨਾਲੋਂ 14% ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 66 ਹਜ਼ਾਰ 440 ਕਰੋੜ ਰੁਪਏ ਦਾ ਸਥਾਈ ਖਰਚਾ ਹੈ ਜਿਸ ਵਿੱਚ ਤਨਖਾਹ, ਕਰਜ਼ਾ ਤੇ ਪੈਨਸ਼ਨ ਆਦਿ ਸ਼ਾਮਲ ਹਨ। ਇਹ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 11.10% ਦਾ ਵਾਧਾ ਹੈ। 


ਉਨ੍ਹਾਂ ਨੇ ਇਸ ਲਈ ਵਿਰਾਸਤੀ ਕਰਜ਼ੇ, 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਤੇ ਕਰਜ਼ਿਆਂ ਦੀ ਅਦਾਇਗੀ ਨੂੰ ਜ਼ਿੰਮਵਾਰ ਦੱਸਿਆ। ਉਨ੍ਹਾਂ ਕਿਹਾ ਕਿ 10,978 ਕਰੋੜ ਰੁਪਏ ਦਾ ਪੂੰਜੀਗਤ ਖਰਚ ਰੱਖਿਆ ਗਿਆ ਹੈ ਜਿਸ ਵਿੱਚ ਪਿਛਲੀ ਵਾਰ ਦੇ ਮੁਕਾਬਲੇ 9% ਦਾ ਵਾਧਾ ਹੋਇਆ ਹੈ। ਇਸ ਨਾਲ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ।


ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਸੀ। ਹੁਣ ਇਸ ਲਈ ਬਜਟ ਵਿੱਚ ਇਸ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 6247 ਕਰੋੜ ਰੁਪਏ ਰੱਖੇ ਗਏ ਹਨ।