Punjab Budget 2022: ਪੰਜਾਬ ਸਰਕਾਰ ਤੋਂ 1000 ਰੁਪਏ ਮਹੀਨਾ ਉਡੀਕ ਰਹੀਆਂ ਔਰਤਾਂ ਦੇ ਹੱਥ ਨਿਰਾਸ਼ਾ ਲੱਗੀ ਹੈ। ਬਜਟ ਪੇਸ਼ ਕਰਨ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਪਸ਼ਟ ਕੀਤਾ ਕਿ ਔਰਤਾਂ ਨੂੰ 1000 ਰੁਪਏ ਲਈ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ।
ਪਰ ਦੂਜੇ ਪਾਸੇ ਪੰਜਾਬ ਬਜਟ `ਚ ਰਾਹਤ ਵਾਲੀ ਖ਼ਬਰ ਵੀ ਮਿਲੀ। ਪੰਜਾਬ ਸਰਕਾਰ ਨੇ 1 ਜੁਲਾਈ, 2022 ਤੋਂ 300 ਯੂਨਿਟ ਮੁਫਤ ਬਿਜਲੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਪਹਿਲਾਂ ਹੀ ਇਸ ਦਾ ਐਲਾਨ ਕੀਤਾ ਸੀ। ਹੁਣ ਇਸ ਲਈ ਬਜਟ ਵਿੱਚ ਇਸ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਲਈ 6247 ਕਰੋੜ ਰੁਪਏ ਰੱਖੇ ਗਏ ਹਨ।
ਪੰਜਾਬ ਸਰਕਾਰ ਨੇ ਬਜਟ ਵਿੱਚ ਪੰਜਾਬ ਪੁਲਿਸ ਨੂੰ ਅਪਗ੍ਰੇਡ ਕਰਨ ਲਈ 108 ਕਰੋੜ ਦੀ ਵਿਵਸਥਾ ਕੀਤੀ ਹੈ। ਸਰਕਾਰ ਨੇ ਐਲਾਨ ਕੀਤਾ ਹੈ ਕਿ 30 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਾਈਬਰ ਕ੍ਰਾਈਮ ਕੰਟਰੋਲ ਯੂਨਿਟ ਸਥਾਪਤ ਕੀਤੇ ਜਾਣਗੇ।
ਇਸ ਦੇ ਨਾਲ ਹੀ ਪੰਜਾਬ ਦੇ ਮੋਹਾਲੀ ਵਿੱਚ ਇੱਕ ਨਵੀਂ ਜੇਲ੍ਹ ਬਣਾਈ ਜਾਵੇਗੀ ਜਿਸ ਵਿੱਚ ਹਰ ਚੀਜ਼ ਆਧੁਨਿਕ ਤਕਨੀਕ ਨਾਲ ਲੈਸ ਹੋਵੇਗੀ।
ਇਸ ਤੋਂ ਇਲਾਵਾ ਦੇਸ਼ ਦੀਆਂ ਫੌਜਾਂ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 500000 ਰੁਪਏ ਦੀ ਬਜਾਏ ਇੱਕ ਕਰੋੜ ਰੁਪਏ ਦਿੱਤੇ ਜਾਣਗੇ। ਇਸ ਲਈ 130 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ, ਜੋ ਪਿਛਲੇ ਸਾਲ ਨਾਲੋਂ 11% ਵੱਧ ਹੈ।
ਇਸ ਤੋਂ ਇਲਾਵਾ ਸਹਿਕਾਰੀ ਖੇਤਰ ਲਈ 1170 ਕਰੋੜ ਰੁਪਏ ਰੱਖੇ ਹਨ ਜੋ ਪਿਛਲੇ ਸਾਲ ਨਾਲੋਂ 35.67% ਵੱਧ ਹੈ। ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ 688 ਕਰੋੜ ਰੁਪਏ ਦੱਤੇ ਹਨ। ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਨ 'ਤੇ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ 'ਚ 50000 ਬੂਟੇ ਤੇ 115 ਤ੍ਰਿਵੇਣੀ ਦੇ ਬੂਟੇ ਲਗਾਏ ਜਾਣਗੇ।
ਪੰਜਾਬ ਸਰਕਾਰ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤੇ ਹੈ ਕਿ ਪੰਜਾਬ ਵਿੱਚ 26 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਕੱਢੀਆਂ ਜਾਣਗੀਆਂ। ਇਸ ਲਈ 714 ਕਰੋੜ ਰੁਪਏ ਰੱਖੇ ਗਏ ਹਨ। ਇਸ ਦੇ ਨਾਲ ਹੀ ਪੰਜਾਬ ਦੇ 36000 ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ। ਇਸ 540 ਕਰੋੜ ਰੁਪਏ ਰੱਖੇ ਹਨ।