Punjab Budget 2023: ਪੰਜਾਬ ਦੀ ਭਗਵੰਤ ਮਾਨ ਸਰਕਾਰ ਅੱਜ ਆਪਣਾ ਦੂਜਾ ਬਜਟ ਪੇਸ਼ ਕਰਨ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਪੰਜਾਬ ਦਾ ਬਜਟ ਪੇਸ਼ ਕਰਨਗੇ। ਪਰ ਇਸ ਬਜਟ ਤੋਂ ਪਹਿਲਾਂ ਹੀ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਿਛਲੇ ਬਜਟ ਵਿੱਚ ਕੀਤੇ ਵਾਅਦਿਆਂ ਨੂੰ ਅਜੇ ਤੱਕ ਪੂਰਾ ਨਹੀਂ ਕਰ ਸਕੀ ਅਤੇ ਇਹ ਨਵਾਂ ਬਜਟ ਅੱਖਾਂ ਵਿੱਚ ਘੱਟਾਂ ਪਾਉਣ ਵਾਲਾ ਹੋਵੇਗਾ। ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ‘ਆਪ’ ਸਰਕਾਰ ਦਾ ਬਜਟ ਵੀ ਪਿਛਲੇ ਸਾਲ ਵਾਂਗ ਹੀ ਢੌਂਗ ਸਾਬਤ ਹੋਵੇਗਾ।


ਭਾਜਪਾ ਨੇ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ


ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ ਬਜਟ ਵਿੱਚ ਸਿਰਫ਼ ਝੂਠੇ ਵਾਅਦੇ ਕੀਤੇ ਗਏ ਸਨ। ਲੁਧਿਆਣਾ ਦੇ ਕੂੰਮ ਕਲਾਂ ਵਿੱਚ 950 ਏਕੜ ਰਕਬੇ ਵਿੱਚ ਟੈਕਸਟਾਈਲ ਪਾਰਕ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ ਪਰ ਕੁਝ ਮਹੀਨਿਆਂ ਬਾਅਦ ਇਹ ਪ੍ਰਾਜੈਕਟ ਰੱਦ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸਾਲ 2022 ਦੇ ਬਜਟ ਵਿੱਚ ਰਾਜਪੁਰਾ ਵਿੱਚ 1100 ਏਕੜ ਰਕਬੇ ਵਿੱਚ ਏਕੀਕ੍ਰਿਤ ਮੈਨੂਫੈਕਚਰਿੰਗ ਕਲੱਸਟਰ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ। ਪਰ ਐਲਾਨ ਦੇ 9 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਇਸ ਪ੍ਰੋਜੈਕਟ ਦਾ ਕਿਧਰੇ ਵੀ ਪਤਾ ਨਹੀਂ ਲੱਗ ਰਿਹਾ।


ਅਕਾਲੀ ਦਲ ਨੇ ਵੀ ਪ੍ਰਤੀਕਿਰਿਆ ਦਿੱਤੀ ਹੈ


ਅਕਾਲੀ ਦਲ ਦੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਬਾਰੇ ਕਿਹਾ ਕਿ ਲੋਕਾਂ ਨੂੰ ਇਸ ਬਜਟ ਤੋਂ ਬਹੁਤੀ ਉਮੀਦ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਮੰਗਾਂ ਅਤੇ ਆਸਾਂ ਪ੍ਰਤੀ ਪੂਰੀ ਤਰ੍ਹਾਂ ਅਸੰਵੇਦਨਸ਼ੀਲ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਬਜਟ ਤੋਂ ਪਹਿਲਾਂ ਵਾਈਟ ਪੇਪਰ ਜਾਰੀ ਕਰਕੇ ਦੱਸਣਾ ਚਾਹੀਦਾ ਸੀ ਕਿ ਪਿਛਲੇ ਬਜਟ ਦੇ ਕਿੰਨੇ ਐਲਾਨ ਪੂਰੇ ਹੋਏ ਹਨ। ਉਸ ਤੋਂ ਬਾਅਦ ਬਜਟ ਪੇਸ਼ ਕੀਤਾ ਜਾਵੇ।


ਕਰਜ਼ੇ ਨੂੰ ਲੈ ਕੇ ਕਾਂਗਰਸ ਨੇ ਸਰਕਾਰ ਨੂੰ ਘੇਰਿਆ


ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਸਿਰ ਪਹਿਲਾਂ ਹੀ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ, ਸਰਕਾਰ ਦਾ ਖਜ਼ਾਨਾ ਖਾਲੀ ਹੈ। ਸਰਕਾਰ ਆਪਣਾ ਖਜ਼ਾਨਾ ਭਰਨ ਲਈ ਬਜਟ ਦਾ ਐਲਾਨ ਕਰਨ ਜਾ ਰਹੀ ਹੈ। ਤਲਵਾੜ ਨੇ ਕਿਹਾ ਕਿ ਸਾਨੂੰ ਇਸ ਬਜਟ ਤੋਂ ਕੋਈ ਉਮੀਦ ਨਹੀਂ ਹੈ, ਪਿਛਲੇ ਸਾਲ ਦੀ ਤਰ੍ਹਾਂ ਇਹ ਬਜਟ ਵੀ ਫੋਕਾ ਸਾਬਿਤ ਹੋਵੇਗਾ।