Punjab Budget 2024: ਲੋਕ ਸਭਾ ਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਹਰ ਵਰਗ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ। ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਲਾਇਆ। ਪੰਜਾਬ ਸਰਕਾਰ ਵੱਲੋਂ ਸਾਲ 2024-25 ਲਈ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵਧਿਆ ਹੈ।
ਬਜਟ ਭਾਸ਼ਣ ਦੀ ਸ਼ੁਰੂਆਤ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ 40 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਖੇਤੀ ਲਈ 13 ਹਜ਼ਾਰ 784 ਕਰੋੜ ਰੁਪਏ ਦਾ ਬਜਟ ਰੱਖਿਆ। ਉਨ੍ਹਾਂ ਸਕੂਲੀ ਸਿੱਖਿਆ ਲਈ 16 ਹਜ਼ਾਰ 967 ਕਰੋੜ ਰੁਪਏ ਦਾ ਬਜਟ ਰੱਖਿਆ। ਇਸ ਤੋਂ ਇਲਾਵਾ ਸੀਐਮ ਭਗਵੰਤ ਮਾਨ ਨੇ ਖੇਤਾਂ ਤੇ ਘਰਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਬਾਰੇ ਜਾਣਕਾਰੀ ਸਾਂਝੀ ਕੀਤੀ। ਖਾਸ ਗੱਲ ਇਹ ਹੈ ਕਿ ਇਸ ਸਾਲ 'ਆਪ' ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਜੋੜਿਆ।
ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਵਿਕਾਸ ਦਰ 13 ਫੀਸਦੀ ਰਹਿਣ ਬਾਰੇ ਦੱਸਿਆ। ਇਸ ਦੇ ਨਾਲ ਹੀ ਇਸ ਸਾਲ ਸਿੱਖਿਆ ਲਈ 11.5 ਫੀਸਦੀ ਦਾ ਬਜਟ ਰਾਖਵਾਂ ਰੱਖਿਆ ਹੈ, ਜੋ ਕਿ ਲਗਪਗ 16 ਹਜ਼ਾਰ 987 ਕਰੋੜ ਰੁਪਏ ਹੈ। ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਤੇ ਉੱਚ ਸਿੱਖਿਆ ਲਈ 80 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਪੰਜਾਬ ਸਰਕਾਰ ਖੇਡਾਂ ਲਈ 272 ਕਰੋੜ ਰੁਪਏ ਖਰਚ ਕਰੇਗੀ। ਸਿਹਤ ਲਈ 5264 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਇਸ ਸਾਲ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਔਰਤਾਂ ਲਈ ਮੁਫਤ ਬੱਸ ਸਕੀਮ, ਕਿਸਾਨਾਂ ਲਈ ਮੁਫਤ ਬਿਜਲੀ ਵਰਗੀਆਂ ਸਹੂਲਤਾਂ ਜਾਰੀ ਰੱਖੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।