Punjab Budget 2024: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2024-25 ਦਾ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਪਹਿਲੀ ਵਾਰ ਪੰਜਾਬ ਦਾ ਬਜਟ ਦੋ ਲੱਖ ਕਰੋੜ ਤੋਂ ਪਾਰ ਕੀਤਾ ਹੈ। ਵਿੱਤ ਮੰਤਰੀ ਵੱਲੋਂ 204918 ਕਰੋੜ ਦਾ ਬਜਟ ਪੇਸ਼ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਇਸ ਲਈ 9.30 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਮੇਂ ਵਿਕਾਸ ਦਰ 13 ਫੀਸਦੀ ਤੱਕ ਪਹੁੰਚ ਗਈ ਹੈ। ਜਦੋਂਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਇਹ ਬਹੁਤ ਘੱਟ ਸੀ। ਉਨ੍ਹਾਂ ਨੇ 2013 ਤੋਂ 2022 ਤੱਕ ਵਿਕਾਸ ਦਰ ਦੀ ਗਣਨਾ ਕੀਤੀ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਨਹਿਰੀ ਪਾਣੀ ਖੇਤਾਂ ਦੀ ਆਖਰੀ ਟੇਲ ਤੱਕ ਪਹੁੰਚਾ ਰਹੀ ਹੈ। ਇਹ ਪੰਜਾਬ ਨੂੰ ਰੇਗਿਸਤਾਨ ਬਣਨ ਤੋਂ ਬਚਾਉਣ ਦੀ ਕੋਸ਼ਿਸ਼ ਹੈ।
ਖੇਤੀ ਲਈ 13,784 ਕਰੋੜ ਰੁਪਏ ਰੱਖੇ
ਵਿੱਤ ਮੰਤਰੀ ਨੇ ਦੱਸਿਆ ਕਿ ਖੇਤੀਬਾੜੀ ਲਈ 13,784 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਵਿੱਚ ਗੰਨਾ ਕਿਸਾਨਾਂ ਲਈ 467 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਸ ਦੇ ਨਾਲ ਹੀ ਅਗਲੇ ਸਾਲ ਲਈ 390 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ।
11.5 ਫੀਸਦੀ ਸਿੱਖਿਆ ਬਜਟ
ਵਿੱਤ ਮੰਤਰੀ ਨੇ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਰਕਾਰ ਨੇ ਇਸ ਸਾਲ 16 ਹਜ਼ਾਰ 987 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜੋ ਕਿ ਕੁੱਲ ਬਜਟ ਦਾ 11.5 ਫੀਸਦੀ ਹੈ। ਹੁਣ ਤੱਕ 118 ਸਕੂਲ ਆਫ਼ ਐਮੀਨੈਂਸ ਬਣਾਏ ਜਾ ਚੁੱਕੇ ਹਨ। ਇਹ ਸਾਰੇ ਸਰਕਾਰੀ ਸਕੂਲ ਹਨ। ਇਸ ਦੇ ਨਾਲ ਹੀ 15 ਸਕੂਲ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਲਈ 100 ਕਰੋੜ ਰੁਪਏ ਰੱਖੇ ਗਏ ਹਨ। ਸਕੂਲ ਆਫ ਐਕਸੀਲੈਂਸ ਲਈ 10 ਕਰੋੜ ਰੁਪਏ ਦੀ ਸ਼ੁਰੂਆਤੀ ਤਜਵੀਜ਼ ਰੱਖੀ ਗਈ ਹੈ। ਇਸ ਵਿੱਚ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਸਕੂਲਾਂ ਦੀ ਗੁਣਵੱਤਾ ਨੂੰ ਵਧਾਉਣਾ ਹੈ। ਇਸ ਦੇ ਨਾਲ ਹੀ ਸਕੂਲ ਆਫ਼ ਅਪਲਾਈਡ ਲਰਨਿੰਗ ਨੂੰ ਸਿਖਲਾਈ ਲਈ ਦਸ ਕਰੋੜ ਰੁਪਏ ਰੱਖੇ ਗਏ ਹਨ।
ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਰਾਖਵੇਂ ਰੱਖੇ
ਸਰਕਾਰ ਨੇ ਉਚੇਰੀ ਸਿੱਖਿਆ ਲਈ 80 ਕਰੋੜ ਰੁਪਏ ਰਾਖਵੇਂ ਰੱਖੇ ਹਨ। ਸਕਾਲਰਸ਼ਿਪ ਸਕੀਮ ਲਈ ਛੇ ਕਰੋੜ ਰੁਪਏ ਤੇ ਸੈਨੇਟਰੀ ਨੈਪਕਿਨ ਲਈ ਪੰਜ ਕਰੋੜ ਰੁਪਏ ਰੱਖੇ ਗਏ ਹਨ। ਤਕਨੀਕੀ ਸਿੱਖਿਆ ਲਈ 525 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।