Punjab Budget Session: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ 5ਵੇਂ ਦਿਨ ਕਾਂਗਰਸ ਨੇ ਅਮਨ-ਕਾਨੂੰਨ ਦੀ ਹਾਲਤ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਦਨ ਵਿੱਚ ਕਿਹਾ ਕਿ ਪੰਜਾਬ ਵਿੱਚ ਇਨ੍ਹੀਂ ਦਿਨੀਂ ਡਰ ਦਾ ਮਾਹੌਲ ਹੈ। ਪੰਜਾਬ ਵਿੱਚ ਦੁਕਾਨਾਂ ਅੱਧਾ ਘੰਟਾ ਪਹਿਲਾਂ ਹੀ ਬੰਦ ਹੋਣੀਆਂ ਸ਼ੁਰੂ ਹੋ ਗਈਆਂ ਹਨ ਕਿਉਂਕਿ ਪੂਰੇ ਸੂਬੇ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਹੈ। 


ਰਾਜਾ ਵੜਿੰਗ ਨੇ ਕਿਹਾ ਕਿ ਰਾਜਧਾਨੀ ਚੰਡੀਗੜ੍ਹ ਦੇ ਨਾਲ ਲੱਗਦਾ ਸ਼ਹਿਰ ਮੁਹਾਲੀ ਗੈਂਗਸਟਰਾਂ ਦਾ ਅੱਡਾ ਬਣ ਚੁੱਕਾ ਹੈ। ਉਨ੍ਹਾਂ ਜੇਲ੍ਹ ਤੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਜਦੋਂ ਇਹ ਮਾਮਲਾ ਸਾਹਮਣੇ ਆਇਆ ਤਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਖੁਦ ਨੋਟਿਸ ਲਿਆ। ਫਿਰ ਇਸ ਮਾਮਲੇ 'ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। 


ਉਨ੍ਹਾਂ ਨੇ ਕਿਹਾ ਕਿ ਇਸ ਤੋਂ ਬਾਅਦ ਐਸਆਈਟੀ ਦਾ ਗਠਨ ਕੀਤਾ ਗਿਆ ਪਰ ਇਸ ਦੀ ਜਾਂਚ ਦੀ ਰਫ਼ਤਾਰ ਬਹੁਤ ਮੱਠੀ ਹੈ। ਬੁੱਧਵਾਰ ਨੂੰ ਜਦੋਂ ਅਦਾਲਤ 'ਚ ਸੁਣਵਾਈ ਹੋਈ ਤਾਂ ਪੁਲਿਸ ਨੇ ਰਿਪੋਰਟ ਪੇਸ਼ ਕਰਨ ਲਈ ਤਿੰਨ ਮਹੀਨਿਆਂ ਦਾ ਹੋਰ ਸਮਾਂ ਮੰਗਿਆ। ਉਨ੍ਹਾਂ ਕਿਹਾ ਕਿ ਲੋਕ ਗੈਂਗਸਟਰਾਂ ਤੋਂ ਡਰਦੇ ਹਨ। ਉਸ ਦੇ ਕਈ ਦੋਸਤ ਵੀ ਇਸ ਦਾ ਸ਼ਿਕਾਰ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ ਕਿਉਂਕਿ ਕਈ ਲੋਕ ਡਰ ਦੇ ਮਾਰੇ ਪੁਲਿਸ ਨਾਲ ਸੰਪਰਕ ਵੀ ਨਹੀਂ ਕਰਦੇ।


ਵਿਧਾਨ ਸਭਾ 'ਚ ਉੱਠੀ ਪੋਸਤ ਦੀ ਖੇਤੀ ਸ਼ੁਰੂ ਕਰਨ ਦੀ ਮੰਗ


ਪੰਜਾਬ ਵਿਧਾਨ ਸਭਾ ਵਿੱਚ ਪੋਸਤ ਦੀ ਖੇਤੀ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ ਤਾਂ ਕਿ ਪੰਜਾਬ ਦੇ ਕਿਸਾਨਾਂ ਨੂੰ ਬਚਾਇਆ ਜਾ ਸਕੇ। ਇਸ ਦੀ ਮੰਗ ਸੱਤਾਧਾਰੀ ਧਿਰ ਤੇ ਵਿਰੋਧੀ ਧਿਰ ਦੇ ਵਿਧਾਇਕ ਸਮੇਂ-ਸਮੇਂ ਉੱਤੇ ਚੁੱਕਦੇ ਰਹਿੰਦੇ ਹਨ। ਇਸ ਨੂੰ ਲੈ ਕੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਮੱਧ ਪ੍ਰਦੇਸ਼ ਪੋਸਤ ਦੀ ਖੇਤੀ ਕਰ ਰਿਹਾ ਹੈ। ਹਿਮਾਚਲ ਪ੍ਰਦੇਸ਼ ਵੀ ਖੇਤੀ ਸ਼ੁਰੂ ਕਰਨ ਜਾ ਰਿਹਾ ਹੈ ਤੇ ਇਸ ਤੋਂ ਇਲਾਵਾ ਰਾਜਸਥਾਨ ਨੇ ਵੀ ਪੋਸਤ ਦੀ ਖੇਤੀ ਸ਼ੁਰੂ ਕਰ ਦਿੱਤੀ ਹੈ। 


ਉਨ੍ਹਾਂ ਨੇ ਕਿਹਾ ਕਿ ਅਜਿਹੇ ਵਿੱਚ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਦੀ ਆਰਥਿਕ ਸਥਿਤੀ ਵੀ ਮਜਬੂਤ ਹੋਵੇਗੀ ਤੇ ਨਾਲ ਹੀ ਪੰਜਾਬ ਨੂੰ ਸੰਥੈਟਿਕ ਡਰੱਗ ਤੋਂ ਵੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਮੌਜੂਦ ਸਾਰੇ ਵਿਧਾਇਕ ਇਸ ਦੇ ਪੱਖ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸੇ ਦੀ ਵੀ ਮੌਤ ਨਹੀਂ ਹੁੰਦੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।