ਚੰਡੀਗੜ੍ਹ: ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ 'ਚ ਜ਼ਿਮਨੀ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹੁਣ ਵਿਰੋਧੀ ਧਿਰ ਪਾਰਟੀ ਆਮ ਆਦਮੀ ਪਾਰਟੀ ਨੇ ਵੀ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਪਾਰਟੀ ਪ੍ਰਧਾਨ ਭਗਵੰਤ ਮਾਨ ਨੇ ਉਮੀਦਵਾਰਾਂ ਦਾ ਐਲਾਨ ਕੀਤਾ।


ਆਮ ਆਦਮੀ ਪਾਰਟੀ ਵੱਲੋਂ ਦਾਖਾ ਤੋਂ ਅਮਨਦੀਪ ਸਿੰਘ ਮੋਹੀ, ਮੁਕੇਰੀਆਂ ਤੋਂ ਗੁਰਧਿਆਨ ਸਿੰਘ ਮੁਲਤਾਨੀ, ਫਗਵਾੜਾ ਤੋਂ ਸੰਤੋਸ਼ ਕੁਮਾਰ ਭੋਗੀ ਤੇ ਜਲਾਲਾਬਾਦ ਤੋਂ ਮਹਿੰਦਰ ਸਿੰਘ ਕਚੂਰਾ ਜ਼ਿਮਨੀ ਚੋਣ ਲੜਨਗੇ। ਇੱਕ ਹਲਕੇ ਵਿੱਚ ਤਿੰਨ ਵਿਧਾਇਕ ਤਾਇਨਾਤ ਕੀਤੇ ਗਏ ਹਨ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਜ਼ਿਮਨੀ ਚੋਣਾਂ ਹੋਣਗੀਆਂ। 23 ਸਤੰਬਰ ਤੋਂ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਤੇ 24 ਅਕਤੂਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ।


ਕਾਂਗਰਸ ਨੇ ਚੋਣਾਂ ਲਈ ਹਲਕਾ ਦਾਖਾ ਤੋਂ ਸੰਦੀਪ ਸੰਧੂ, ਜਲਾਲਾਬਾਦ ਤੋਂ ਰਾਮ ਆਵਲਾ, ਮੁਕੇਰੀਆਂ ਤੋਂ ਇੰਦੂ ਬਾਲਾ ਤੇ ਫਗਵਾੜਾ ਤੋਂ ਬਲਵਿੰਦਰ ਸਿੰਘ ਧਾਲੀਵਾਲ ਨੂੰ ਚੋਣ ਉਮੀਦਵਾਰ ਐਲਾਨਿਆ ਗਿਆ ਹੈ। ਆਈਏਐਸ ਅਫ਼ਸਰ ਬਲਵਿੰਦਰ ਸਿੰਘ ਧਾਲੀਵਾਲ ਫਗਵਾੜਾ ਤੋਂ ਜ਼ਿਮਨੀ ਚੋਣ ਲੜਨ ਲਈ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।


ਉੱਧਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਹਲਕਾ ਦਾਖਾ ਤੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵੱਲੋਂ ਮਨਪ੍ਰੀਤ ਸਿੰਘ ਇਯਾਲੀ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਯਾਲੀ ਪਹਿਲਾਂ ਵੀ ਹਲਕਾ ਦਾਖਾ ਤੋਂ ਚੋਣ ਲੜ ਚੁੱਕੇ ਹਨ।