ਤਰਨਤਾਰਨ ਜ਼ਿਮਣੀ ਚੋਣ ਤੋਂ ਪਹਿਲਾਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਵੋਟਿੰਗ ਤੋਂ ਤਿੰਨ ਦਿਨ ਪਹਿਲਾਂ ਭਾਰਤ ਚੋਣ ਕਮਿਸ਼ਨ ਨੇ ਜ਼ਿਲ੍ਹੇ ਦੀ SSP ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਫ਼ੈਸਲਾ ਅਚਾਨਕ ਸਾਹਮਣੇ ਆਇਆ ਹੈ ਅਤੇ ਚੋਣੀ ਮਾਹੌਲ ਵਿੱਚ ਇਸਨੂੰ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਡਾ. ਰਵਜੋਤ ਕੌਰ ਗਰੇਵਾਲ ਨੂੰ ਲਗਭਗ ਦੋ ਮਹੀਨੇ ਪਹਿਲਾਂ ਹੀ ਤਰਨਤਾਰਨ ਜ਼ਿਲ੍ਹੇ ਦੀ ਕਮਾਨ ਸੌਂਪੀ ਗਈ ਸੀ।
ਮਿਲੀ ਜਾਣਕਾਰੀ ਅਨੁਸਾਰ, ਰਾਜ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੂੰ ਸ਼੍ਰੋੋਮਣੀ ਅਕਾਲੀ ਦਲ ਵੱਲੋਂ ਇੱਕ ਦਿਨ ਪਹਿਲਾਂ ਸ਼ਿਕਾਇਤ ਦਿੱਤੀ ਗਈ ਸੀ। ਇਸ ਵਿੱਚ ਦੋਸ਼ ਲਗਾਏ ਗਏ ਸਨ ਕਿ ਅਕਾਲੀ ਦਲ ਦੇ ਕਾਰਕੁਨਾਂ ਖ਼ਿਲਾਫ਼ ਗਲਤ ਮੁਕੱਦਮੇ ਦਰਜ ਕਰਵਾ ਕੇ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ SSP ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ। ਇਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਯਾਦ ਰਹੇ ਕਿ ਤਰਨਤਾਰਨ ਉਪਚੋਣ ਲਈ ਮਤਦਾਨ 11 ਨਵੰਬਰ ਨੂੰ ਹੋਣਾ ਹੈ, ਜਦਕਿ 14 ਨਵੰਬਰ ਨੂੰ ਵੋਟਾਂ ਦੀ ਗਿਣਤੀ ਅਤੇ ਨਤੀਜੇ ਐਲਾਨੇ ਜਾਣਗੇ।
ਇਸ ਅਧਿਕਾਰੀ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ
ਤਰਨਤਾਰਨ 'ਚ SSP ਰਵਜੋਤ ਗਰੇਵਾਲ ਨੂੰ ਹਟਾਏ ਜਾਣ ਤੋਂ ਬਾਅਦ ਹੁਣ ਨਵੇਂ SSP ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ, ਚੋਣ ਕਮਿਸ਼ਨ ਵੱਲੋਂ ਹੁਣ ਤਰਨਤਾਰਨ ਦੀ ਕਮਾਨ ਸੁਰਿੰਦਰ ਲਾਂਬਾ ਨੂੰ ਸੌਂਪੀ ਗਈ ਹੈ। ਦੱਸਣਯੋਗ ਹੈ ਕਿ ਚੋਣ ਕਮਿਸ਼ਨ ਦੇ ਹੁਕਮਾਂ 'ਤੇ 8 ਨਵੰਬਰ ਨੂੰ ਹੀ ਤਰਨਤਾਰਨ SSP ਰਵਜੋਤ ਗਰੇਵਾਲ ਨੂੰ ਮੁਅੱਤਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੂੰ ਵਾਧੂ ਚਾਰਜ ਦਿੱਤਾ ਗਿਆ ਸੀ। ਪਰ ਦੇਰ ਰਾਤ ਚੋਣ ਕਮਿਸ਼ਨ ਵੱਲੋਂ ਸੁਰਿੰਦਰ ਲਾਂਬਾ ਨੂੰ ਤਰਨਤਾਰਨ ਦੇ ਨਵੇਂ SSP ਵਜੋਂ ਤਾਇਨਾਤ ਕਰ ਦਿੱਤਾ ਗਿਆ ਹੈ।
ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਤਿੰਨ ਨਾਮਾਂ ਦਾ ਪੈਨਲ ਮੰਗਿਆ ਸੀ, ਜਿਸ ਤੋਂ ਬਾਅਦ ਸੁਰਿੰਦਰ ਲਾਂਬਾ ਨੂੰ ਤਰਨਤਾਰਨ ਖੇਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਹੁਣ ਸੁਰਿੰਦਰ ਲਾਂਬਾ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਇਸ ਖੇਤਰ ਵਿੱਚ ਤਾਇਨਾਤ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।