ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਅਕਾਲੀ-ਬੀਜੇਪੀ ਸਰਕਾਰ ਨੇ ਮੁਲਾਜ਼ਮਾਂ ਨੂੰ ਖੁਸ਼ ਕਰਨ ਦੀ ਕਵਾਇਦ ਵਿੱਢ ਦਿੱਤੀ ਹੈ। ਅੱਜ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ ਦਿੱਤਾ ਹੈ। ਸੂਬੇ ਦੇ 27,000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਲਿਆ ਗਿਆ। ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਕੱਚੇ ਮੁਲਾਜ਼ਮ ਪਿਛਲੇ ਕਾਫੀ ਸਮੇਂ ਤੋਂ ਪੱਕੇ ਕਰਨ ਦੀ ਮੰਗ ਕਰ ਰਹੇ ਸੀ। ਪੰਜਾਬ ਸਰਕਾਰ ਇਸ ਮੰਗ ਨੂੰ ਲਗਾਤਾਰ ਟਾਲਦੀ ਆ ਰਹੀ ਸੀ। ਹੁਣ ਚੋਣਾਂ ਤੋਂ ਐਨ ਪਹਿਲਾਂ ਵੱਡਾ ਫੈਸਲਾ ਲੈਂਦਿਆਂ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕੀਤਾ ਹੈ। ਉਂਝ, ਸਰਕਾਰ ਸਿਰਫ ਉਨ੍ਹਾਂ ਮੁਲਾਜ਼ਮਾਂ ਨੂੰ ਹੀ ਪੱਕਾ ਕਰੇਗੀ ਜਿਨ੍ਹਾਂ ਦੀ ਸਰਵਿਸ ਤਿੰਨ ਸਾਲ ਹੋ ਗਈ ਹੈ। ਇਨ੍ਹਾਂ ਵਿੱਚ ਜ਼ਿਆਦਾਤਰ ਮੁਲਾਜ਼ਮ ਸਿੱਖਿਆ ਵਿਭਾਗ ਦੇ ਹੀ ਹਨ।