ਪੰਜਾਬ ਕੈਬਨਿਟ ਦੀ ਮੀਟਿੰਗ 'ਚ ਅਹਿਮ ਫੈਸਲੇ, ਕਿਸਾਨਾਂ ਨੂੰ 1500 ਰੁਪਏ ਦੇਣ 'ਤੇ ਮੋਹਰ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅੱਜ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਨੇ ਅੱਜ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ 50 ਲੱਖ ਤੋਂ ਵਧਾ ਕੇ ਇੱਕ ਕਰੋੜ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅੱਜ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਕੈਬਨਿਟ ਨੇ ਅੱਜ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ 50 ਲੱਖ ਤੋਂ ਵਧਾ ਕੇ ਇੱਕ ਕਰੋੜ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੈਬਨਿਟ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਸ ਤੋਂ ਇਲਾਵਾ ਪਟਵਾਰੀਆਂ ਦੀ ਘਾਟ ਨੂੰ ਦੂਰ ਕਰਨ ਲਈ ਸੇਵਾ ਮੁਕਤ ਪਟਵਾਰੀ ਰੱਖੇ ਜਾਣਗੇ। ਕੈਬਨਿਟ ਨੇ ਇੱਕ ਸਾਲ ਲਈ 1700 ਦੇ ਕਰੀਬ ਪਟਵਾਈ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਜਲਦੀ ਹੀ 1090 ਨਵੇਂ ਪਟਵਾਰੀ ਰੱਖੇ ਜਾਣਗੇ।
ਮੀਟਿੰਗ ਮਗਰੋਂ ਟਵੀਟ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਮੰਤਰੀ ਸਾਹਿਬਾਨ ਨਾਲ ਅਹਿਮ ਕੈਬਨਿਟ ਮੀਟਿੰਗ ਕੀਤੀ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500 ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ। ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਧੀ ਬਿਜਾਈ ਨੂੰ ਅਪਣਾਈਏ..ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ। ਧਰਤੀ-ਪਾਣੀ ਬਚਾਉਣ ਲਈ ਹੰਭਲਾ ਮਾਰੀਏ।
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਦਾ ਐਲਾਨ ਸੀਐਮ ਭਗਵੰਤ ਮਾਨ ਪਹਿਲਾਂ ਹੀ ਕਰ ਚੁੱਕੇ ਹਨ। ਉਸ ਦਾ ਕਹਿਣਾ ਹੈ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਮਾਲ ਮੰਤਰੀ ਜ਼ਿੰਪਾ ਨੇ ਕਿਹਾ ਕਿ ਸਰਕਾਰ ਨੂੰ ਯਕੀਨ ਹੈ ਕਿ ਜੇਕਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤਾਂ ਇੱਕ ਸਾਲ ਵਿੱਚ 30 ਤੋਂ 35 ਫੀਸਦੀ ਪਾਣੀ ਦੀ ਬਚਤ ਹੋਵੇਗੀ।
ਪੰਜਾਬ ਵਿੱਚ ਹੁਣ ਸ਼ਹੀਦ ਜਵਾਨਾਂ ਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮਿਲੇਗਾ ਇੱਕ ਕਰੋੜ ਦਾ ਮੁਆਵਜ਼ਾ। ਇਸ ਨੂੰ ਮਾਨ ਸਰਕਾਰ ਨੇ ਵੀ ਪ੍ਰਵਾਨਗੀ ਦੇ ਦਿੱਤੀ ਹੈ। ਹਾਲ ਹੀ 'ਚ ਇਕ ਫੌਜੀ ਦੀ ਸ਼ਹਾਦਤ 'ਤੇ ਸੀਐੱਮ ਭਗਵੰਤ ਮਾਨ ਨੇ ਇਕ ਕਰੋੜ ਰੁਪਏ ਜਾਰੀ ਕਰਨ ਲਈ ਕਿਹਾ ਸੀ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਚੋਣਾਂ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨਾਲ ਇਹ ਵਾਅਦਾ ਕੀਤਾ ਸੀ।