Punjab Cabinet Meeting: ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਜਲੰਧਰ ਵਿੱਚ ਹੋਈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਕਈ ਫੈਸਲਿਆਂ ਉੱਪਰ ਮੋਹਰ ਲਾਈ ਗਈ। 'ਸਰਕਾਰ ਤੁਹਾਡੇ ਦੁਆਰ' ਤਹਿਤ ਇਹ ਮੀਟਿੰਗ ਜਲੰਧਰ ਦੇ ਸਰਕਟ ਹਾਊਸ ਵਿਖੇ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਬਾਰੇ ਜਾਣਕਾਰੀ ਦਿੱਤੀ।









bb


ਉਨ੍ਹਾਂ ਕਿਹਾ ਕਿ ਅੱਜ ਦੀ ਕੈਬਨਿਟ 'ਚ ਕੁਝ ਅਹਿਮ ਫ਼ੈਸਲੇ ਲਏ ਗਏ ਹਨ। ਆਬਕਾਰੀ ਵਿਭਾਗ 'ਚ 18 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਮਾਲ ਪਟਵਾਰੀਆਂ ਦੀ ਟ੍ਰੇਨਿੰਗ ਦਾ ਸਮਾਂ 1.5 ਸਾਲ ਤੋਂ ਘਟਾ ਕੇ 1 ਸਾਲ ਕਰ ਦਿੱਤਾ ਗਿਆ ਹੈ। ਟ੍ਰੇਨਿੰਗ ਦੇ 1 ਸਾਲ ਦਾ ਸਮਾਂ ਉਨ੍ਹਾਂ ਦੀ ਨੌਕਰੀ 'ਚ ਗਿਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ 497 ਸਫ਼ਾਈ ਕਰਮਚਾਰੀਆਂ ਨੂੰ ਇੱਕੋ ਜਿਹੀ ਤਨਖ਼ਾਹ ਮਿਲੇਗੀ। GADVASU ਦੇ ਅਧਿਆਪਕਾਂ ਨੂੰ UGC ਦੇ ਸੋਧੇ ਹੋਏ ਤਨਖ਼ਾਹ ਸਕੇਲ ਮੁਤਾਬਕ ਤਨਖ਼ਾਹ ਮਿਲੇਗੀ।


ਉਨ੍ਹਾਂ ਕਿਹਾ ਕਿ ਸਰਕਾਰੀ ਆਯੁਰਵੈਦਿਕ ਕਾਲਜ ਤੇ ਫਾਰਮੈਸੀ ਪਟਿਆਲਾ ਦੇ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ 'ਚ ਮਿਲਾਪ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਯੁਰਵੈਦਿਕ ਸਾਡੇ ਦੇਸ਼ ਦੀ ਪੁਰਾਤਨ ਵਿਧੀ ਹੈ ਤੇ ਅਸੀਂ ਪੰਜਾਬ ਦੇ ਲੋਕਾਂ ਨੂੰ ਇਸ ਨਾਲ ਜੋੜਨ ਦਾ ਯਤਨ ਕਰਾਂਗੇ। ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਗੋਬਿੰਦਪੂਰਾ ‘ਚ ਸੋਲਰ ਪਲਾਂਟ ਲੱਗੇਗਾ।


 


ਇਸ ਤੋਂ ਪਹਿਲਾਂ ਸੀਐਮ ਮਾਨ ਨੇ ਟਵੀਟ ਕਰਕੇ ਕਿਹਾ ਕਿ ਜਲੰਧਰ ਚੋਣ ਦੇ ਪ੍ਰਚਾਰ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਆਏ...ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰਾ ਦਿਆਂਗੇ...ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦੇਵਾਂਗੇ..ਜੋ ਕਹਿੰਦੇ ਹਾਂ, ਉਹ ਕਰਦੇ ਹਾਂ...।