ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਵਿਸ਼ਵਾਸ ਮਤ ਲਿਆਉਣ ਤੋਂ ਪਹਿਲਾਂ ਅੱਜ ਕੈਬਨਿਟ ਦੀ ਮੀਟਿੰਗ ਸੱਦੀ ਗਈ। ਮੀਟਿੰਗ ਵਿੱਚ ਮੰਤਰੀ ਮੰਡਲ ਨੇ ਇੱਕ ਦਿਨ ਦਾ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਇਜਲਾਸ 22 ਸਤੰਬਰ ਨੂੰ ਸਵੇਰੇ 11:00 ਵਜੇ ਬੁਲਾਇਆ ਜਾਵੇਗਾ। ਇਸ ਮੀਟਿੰਗ ਵਿੱਚ ਵਿਧਾਨ ਸਭਾ ਵਿੱਚ ਸਾਰੇ ਮੰਤਰੀਆਂ ਵੱਲੋਂ ਵਿਸ਼ਵਾਸ ਮਤ ਹਾਸਲ ਕਰਨ ਤੋਂ ਇਲਾਵਾ ਪਾਰਟੀ ’ਤੇ ਲੱਗ ਰਹੇ  ਹੋਰ ਆਰੋਪਾਂ ਦਾ ਜਵਾਬ ਦੇਣ ਦੀ ਰਣਨੀਤੀ ਵੀ ਬਣਾਈ ਗਈ।

 

 ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਦਰਅਸਲ 'ਚ ਅਪ ਸਰਕਾਰ ਵੱਲੋਂ ਭਰੋਸੇ ਦਾ ਮਤਾ ਲਿਆਉਣ ਲਈ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਹੈ। 'ਆਪ੍ਰੇਸ਼ਨ ਲੋਟਸ' ਦੇ ਰੌਲੇ ਕਾਰਨ ਪੰਜਾਬ ਸਰਕਾਰ ਆਪਣੇ ਵਿਧਾਇਕਾਂ ਦਾ ਭਰੋਸਾ ਜਿੱਤਣਾ ਚਾਹੁੰਦੀ ਹੈ। ਆਪ ਆਗੂਆਂ ਦਾ ਕਹਿਣਾ ਹੈ ਕਿ ਇਸ ਵਿਸ਼ੇਸ਼ ਇਜਲਾਸ ਵਿਚ ਪੰਜਾਬ ਵਿਚ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਦਾ ਪਰਦਾਫਾਸ਼ ਕੀਤਾ ਜਾਵੇਗਾ।

 

ਭਗਵੰਤ ਮਾਨ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਲਿਆ ਹੈ, ਜਿਸ ਵਿੱਚ ਪੰਜਾਬ ਸਰਕਾਰ ਭਰੋਸੇ ਦਾ ਮਤਾ ਲੈ ਕੇ ਆਵੇਗੀ। ਇਸ ਗੱਲ ਦਾ ਪ੍ਰਗਟਾਵਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕੀਤਾ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਵਿਸ਼ਵਾਸ ਮਤਾ ਪੇਸ਼ ਕਰਕੇ ਕਾਨੂੰਨੀ ਤੌਰ ’ਤੇ ਇਹ ਗੱਲ ਸਾਬਿਤ ਕਰ ਦਿੱਤੀ ਜਾਵੇਗੀ।

 

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਵੱਲੋਂ ਇਲਜ਼ਾਮ ਲਗਾਏ ਗਏ ਸਨ ਕਿ ਪੰਜਾਬ ਵਿਚ ਭਾਜਪਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਸੰਪਰਕ ਕਰਕੇ ਉਹਨਾਂ ਨੂੰ ਕਰੋੜਾਂ ਦੇ ਆਫ਼ਰ ਦੇ ਰਹੀ ਹੈ ਅਤੇ ਭਾਜਪਾ ਵਿਚ ਸ਼ਾਮਿਲ ਕਰਨਾ ਚਾਹੁੰਦੀ ਹੈ। ਜਿਸ ਤੋਂ ਬਾਅਦ ਸਿਆਸਤ ਵਿੱਚ ਭੂਚਾਲ ਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਸਥਿਰ ਕਰਨ ਦੇ ਨਾਪਾਕ ਮਨਸੂਬੇ ਬੁਰੀ ਤਰ੍ਹਾਂ ਫੇਲ੍ਹ ਹੋ ਗਏ ਹਨ ਕਿਉਂਕਿ ਸਾਡੀ ਪਾਰਟੀ ਦੇ ਵਿਧਾਇਕ ਸੂਬੇ ਦੇ ਲੋਕਾਂ ਪ੍ਰਤੀ ਵਫ਼ਾਦਾਰ ਹਨ।