ਚੰਡੀਗੜ੍ਹ: ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨੂੰ ਮੁੜ ਨਿਰਾਸ਼ ਕੀਤਾ ਹੈ। ਬੁੱਧਵਾਰ ਨੂੰ ਹੋਈ ਹੋਈ ਕੈਬਨਿਟ ਮੀਟਿੰਗ ਵਿੱਚ ਵੀ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਬਾਰੇ ਕੋਈ ਫੈਸਲਾ ਨਹੀਂ ਹੋਇਆ। ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਉਮੀਦ ਸੀ ਕਿ ਇਸ ਵਾਰ ਕੈਪਟਨ ਸਰਕਾਰ ਉਨ੍ਹਾਂ ਨੂੰ ਤੋਹਫਾ ਜ਼ਰੂਰ ਦੇਵੇਗੀ ਪਰ ਕੈਬਨਿਟ ਮੀਟਿੰਗ ਵਿੱਚ ਛੇਵੇਂ ਤਨਖਾਹ ਕਮਿਸ਼ਨ ਦਾ ਏਜੰਡਾ ਤੱਕ ਨਹੀਂ ਆਇਆ।
ਉਂਝ ਇਸ ਗੱਲ ਦੀ ਚਰਚਾ ਸੀ ਕਿ ਕੈਬਨਿਟ ਮੀਟਿੰਗ ਵਿੱਚ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਬਾਰੇ ਹਰੀ ਝੰਡੀ ਦਿੱਤੀ ਜਾਵੇਗੀ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਵੀ ਪੰਜਾਬ ਸਿਵਲ ਸਕੱਤਰੇਤ ਵਿੱਚ ਕਾਫ਼ੀ ਜ਼ਿਆਦਾ ਖੁਸ਼ੀ ਦਾ ਮਾਹੌਲ ਸੀ। ਜਦੋਂ ਦੁਪਹਿਰ ਵੇਲ਼ੇ ਤੱਕ ਨਾ ਤਾਂ ਤਨਖਾਹ ਕਮਿਸ਼ਨ ਦੀ ਰਿਪੋਰਟ ਸਕੱਤਰੇਤ ਦੀਆਂ ਸ਼ਾਖਾਵਾਂ ਵਿੱਚ ਪਹੁੰਚੀ ਤੇ ਨਾ ਹੀ ਮੀਟਿੰਗ ਦਾ ਏਜੰਡਾ ਕੈਬਨਿਟ ਅਫ਼ੇਅਰ ਬਰਾਂਚ ਵਿੱਚ ਪਹੁੰਚਿਆ ਤਾਂ ਮੁਲਾਜ਼ਮਾਂ ਵਿੱਚ ਨਿਰਾਸ਼ਾ ਫੈਲ ਗਈ।
ਸਰਕਾਰ ਦੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਇਸ ਬੇਰੁਖੀ ਉਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਸਾਂਝਾ ਮੁਲਾਜ਼ਮ ਮੰਚ ਪੰਜਾਬ ਤੇ ਯੂਟੀ ਚੰਡੀਗੜ੍ਹ ਦੇ ਕਨਵੀਨਰ ਸੁਖਚੈਨ ਸਿੰਘ ਖਹਿਰਾ, ਕਨਵੀਨਰ ਤੇ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਤੇ ਹੋਰਨਾਂ ਨੇ ਕਿਹਾ ਕਿ ਸਰਕਾਰ ਆਪਣੇ ਮੰਤਰੀਆਂ-ਸੰਤਰੀਆਂ ਤੇ ਚਹੇਤਿਆਂ ਨੂੰ ਖੁਸ਼ ਕਰਨ ਵਿੱਚ ਲੱਗੀ ਹੋਈ ਹੈ ਪਰ ਸਰਕਾਰ ਕੱਚੇ ਤੇ ਪੱਕੇ ਮੁਲਾਜ਼ਮਾਂ ਸਮੇਤ ਬੇਰੁਜ਼ਗਾਰਾਂ ਨਾਲ ਕੀਤੇ ਗਏ ਚੋਣ ਵਾਅਦਿਆਂ ਨੂੰ ਪੂਰਾ ਕਰਨ ਤੋਂ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਕਾਫੀ ਸਮੇਂ ਤੋਂ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਤੋਂ ਟਾਲਾ ਵੱਟ ਰਹੀ ਹੈ। ਇਸ ਲਈ ਮੁਲਾਜ਼ਮਾਂ ਵਿੱਚ ਕਾਫੀ ਰੋਸ ਹੈ। ਮਲਾਜ਼ਮਾਂ ਨੂੰ ਉਮੀਦ ਸੀ ਕਿ ਚੋਣ ਵਰ੍ਹਾ ਹੋਣ ਕਰਕੇ ਸਰਕਾਰ ਜਲਦੀ ਹੀ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰ ਦੇਵੇਗੀ ਪਰ ਇਹ ਅਜੇ ਵੀ ਲਟਕਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Monsoon 2021: ਮੌਨਸੂਨ ਦੀ ਆਮਦ ਨਾਲ ਅੱਜ ਤੋਂ ਬਾਰਸ਼ ਦਾ ਦੌਰ ਸ਼ੁਰੂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin