ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਅੱਜ ਹੋ ਰਹੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਹੋਣ ਆਸਾਰ ਹਨ। ਇਨ੍ਹਾਂ ਵਿੱਚ ਗੈਰਕਾਨੂੰਨੀ ਕਲੋਨੀਆਂ ਤੇ ਇਮਾਰਤਾਂ ਨੂੰ ਯਕਮੁਸ਼ਤ ਸਕੀਮ ਤਹਿਤ (ਓਟੀਐਸ) ਰੈਗੂਲਰ ਕਰਨ ਤੇ ਸਹਿਕਾਰੀ ਬੈਂਕਾਂ ਦੇ ਰਲੇਵੇਂ, ਖੰਡ ਮਿੱਲਾਂ ਵਿੱਚ ਗੰਨੇ ਦੀ ਪਿੜਾਈ ਤੇ ਅਧਿਆਪਕਾਂ ਦੀ ਤਨਖਾਹ ਕਟੌਤੀ ਦੇ ਮਾਮਲੇ ਸ਼ਾਮਲ ਹਨ।
ਯਾਦ ਰਹੇ ਇਹ ਮੀਟਿੰਗ ਕਾਫੀ ਸਮੇਂ ਤੋਂ ਲਟਕਦੀ ਆ ਰਹੀ ਹੈ। ਪੰਚਾਇਤੀ ਚੋਣਾਂ ਤੇ ਉਸ ਤੋਂ ਬਾਅਦ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਕਈ ਅਹਿਮ ਫੈਸਲੇ ਕਰਕੇ ਲੋਕਾਂ ਦਾ ਗੁੱਸਾ ਸ਼ਾਂਤ ਕਰਨਾ ਚਾਹੁੰਦੀ ਹੈ।
ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਕਾਫ਼ੀ ਚਿਰ ਤੋਂ ਲਟਕ ਰਹੇ ਗੈਰਕਾਨੂੰਨੀ ਕਲੋਨੀਆਂ ਤੇ ਇਮਾਰਤਾਂ ਨੂੰ ਰੈਗੂਲਰ ਕਰਨ ਦੇ ਏਜੰਡੇ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸਹਿਕਾਰੀ ਵਿਭਾਗ ਦੇ ਜ਼ਿਲ੍ਹਿਆਂ ਤੇ ਚੰਡੀਗੜ੍ਹ ਵਿਚਲੇ ਸਹਿਕਾਰੀ ਬੈਂਕ ਦੇ ਰਲੇਵੇਂ ਦੇ ਏਜੰਡੇ ’ਤੇ ਵੀ ਚਰਚਾ ਹੋ ਸਕਦੀ ਹੈ।
ਇਸ ਤੋਂ ਇਲਾਵਾ ਕਸਬਾ ਡੇਰਾ ਬਾਬਾ ਨਾਨਕ ਦੇ ਵਿਕਾਸ, ਕੁਝ ਵਿਭਾਗਾਂ ਦੀਆਂ ਰਿਪੋਰਟਾਂ ਤੇ ਹੋਰ ਮਾਮਲਿਆਂ ਬਾਰੇ ਵੀ ਗੌਰ ਕੀਤੀ ਜਾਵੇਗੀ। ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ।