Farmers Protest: ਸ਼ੰਭੂ ਤੇ ਖਨੌਰੀ ਬਾਰਡਰ ਉਪਰ ਪੁਲਿਸ ਐਕਸ਼ਨ ਮਗਰੋਂ ਸੰਯੁਕਤ ਕਿਸਾਨ ਮੋਰਚਾ (ਆਲ ਇੰਡੀਆ) ਵੀ ਮੈਦਾਨ ਵਿੱਚ ਆ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਸੀਚੇਵਾਲ, ਦਰਸ਼ਨ ਪਾਲ ਤੇ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਅੱਜ ਬੈਠਕ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੁਲਿਸ ਦੀ ਕਾਰਵਾਈ ਨੂੰ ਅਸਧਾਰਨ ਦੱਸਦਿਆਂ ਦੇਸ਼ ਭਰ ਦੀਆਂ ਕਿਸਾਨ ਯੂਨੀਅਨਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।
ਉਧਰ, ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਵੀਰਵਾਰ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦੇਸ਼ਿਵਆਪੀ ਰੋਸ ਪ੍ਰਦਰਸ਼ਨਾਂ ਕਰਦਿਆ ਐਲਾਨ ਕੀਤਾ ਹੈ ਕਿ ਅੰਦਲੋਨ ਅਜੇ ਜਾਰੀ ਰਹੇਗਾ। ਇਸ ਦੌਰਾਨ ਪੁਲਿਸ ਨੇ ਰੋਸ ਮੁਜ਼ਾਹਰਿਆਂ ਨੂੰ ਰੋਕਣ ਲਈ ਕਈ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਇਸ ਨਾਲ ਕਿਸਾਨ ਹੋਰ ਭੜਕ ਗਏ ਹਨ। ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਦੇ ਬੁਲਾਰੇ ਗੁਰਦੀਪ ਸਿੰਘ ਨੇ ਕਿਹਾ ਕਿ ਹਿਰਾਸਤ ਵਿੱਚ ਲਏ ਕਿਸਾਨਾਂ ਨੇ ਪੁਲਿਸ ਹਿਰਾਸਤ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਹਾਲਾਤ ਨਾਜ਼ੁਕ ਹੁੰਦੇ ਵੇਖ ਸੰਗਰੂਰ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਪਟਿਆਲਾ ਤੇ ਨਾਲ ਲੱਗਦੇ ਇਲਾਕਿਆਂ ਵਿਚ ਬੁੱਧਵਾਰ ਸ਼ਾਮ ਤੋਂ ਹੀ ਇੰਟਰਨੈੱਟ ਬੰਦ ਹੈ। ਪੁਲਿਸ ਫੋਰਸ ਪੂਰੀ ਤਰ੍ਹਾਂ ਅਲਰਟ ਹੈ। ਅੱਜ ਮਾਝੇ, ਮਾਲਵੇ ਤੇ ਦੁਆਬੇ ਵਿੱਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਗਏ। ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮ 7.30 ਵਜੇ ਐਮਰਜੰਸੀ ਮੀਟਿੰਗ ਬੁਲਾ ਲਈ ਹੈ।
ਪੰਜਾਬ ਪੁਲਿਸ ਨੇ ਬੁੱਧਵਾਰ ਰਾਤੀਂ ਸ਼ੰਭੂ ਤੇ ਢਾਬੀ ਗੁੱਜਰਾਂ ਬਾਰਡਰ ਖਾਲੀ ਕਰਵਾਉਣ ਮੌਕੇ ਹਿਰਾਸਤ ਵਿੱਚ ਲਏ ਗਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਣੇ 102 ਕਿਸਾਨਾਂ ਨੂੰ ਲੰਘੀ ਅੱਧੀ ਰਾਤੀਂ ਕੇਂਦਰੀ ਜੇਲ੍ਹ ਪਟਿਆਲਾ ਤਬਦੀਲ ਕਰ ਦਿੱਤਾ ਗਿਆ ਹੈ। ਜੇਲ੍ਹ ਭੇਜੇ ਗਏ ਇਨ੍ਹਾਂ ਕਿਸਾਨ ਆਗੂਆਂ ਵਿੱਚ 12 ਮਹਿਲਾਵਾਂ ਵੀ ਸ਼ਾਮਲ ਹਨ। ਸ਼ੰਭੂ ਬਾਰਡਰ ’ਤੇ 13 ਮਹੀਨੇ ਚੱਲੇ ਕਿਸਾਨ ਮੋਰਚੇ ਦੀ ਅਗਵਾਈ ਕਰਨ ਵਾਲੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਸਰਵਣ ਸਿੰਘ ਪੰਧੇਰ ਨੂੰ ਬੁੱਧਵਾਰ ਸ਼ਾਮੀਂ ਜ਼ੀਰਕਪੁਰ ਬੈਰੀਅਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।