ਬਰਨਾਲਾ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਪਕੌੜਾ ਰੂਪੀ ਸਵੈ-ਰੁਜ਼ਗਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਨ ਵਾਲੀ ਕਾਂਗਰਸ ਪਾਰਟੀ ਦੇ ਮੰਤਰੀ ਨੇ ਵੀ ਕੈਪਟਨ ਸਰਕਾਰ ਦੀ ਘਰ-ਘਰ ਨੌਕਰੀ ਦਾ ਮਤਲਬ ਵੀ ਸਮਝਾ ਦਿੱਤਾ ਹੈ। ਪੰਜਾਬ ਸਰਕਾਰ ਦੇ ਪਸ਼ੂ ਪਾਲਨ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਦੀ ਘਰ-ਘਰ ਨੌਕਰੀ ਸਕੀਮ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਤੋਰਨ ਦੇ ਸਮਰੱਥ ਬਣਾਉਣਾ ਹੈ।


ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਕਿੱਤੇ ਲਾਉਣ ਲਈ ਹਰ ਸੰਭਵ ਸਹਾਇਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੀ ਆਮਦਨ ਵਧਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤੇ ਸਬਸਿਡੀ 'ਤੇ ਕਰਜ਼ਾ ਵੀ ਮੁਹੱਈਆ ਕਰਵਾਇਆ ਜਾਵੇਗਾ।


ਅੱਜ ਬਰਨਾਲਾ ਪਹੁੰਚੇ ਕੈਬਨਿਟ ਮੰਤਰੀ ਨੇ ਬਹਿਬਲ ਕਲਾਂ ਗੋਲੀ ਕਾਂਡ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਜਦੋਂ ਇਸ ਸਬੰਧੀ ਰਿਪੋਰਟ ਵਿਧਾਨ ਸਭਾ 'ਚ ਆਵੇਗੀ ਤਾਂ ਸਭ ਦੇ ਭੁਲੇਖੇ ਦੂਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਕਾਸ਼ ਸਿੰਘ ਬਾਦਲ ਹੋਵੇ ਜਾਂ ਸੁਖਬੀਰ ਬਾਦਲ ਕਾਨੂੰਨ ਤੋਂ ਉੱਤੇ ਕੋਈ ਨਹੀਂ ਹੈ।


ਉਨ੍ਹਾਂ ਅਕਾਲੀ ਦਲ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸੱਤਾ ਵਿੱਚ ਹੋਣ ਸਮੇਂ ਉਹ ਲੋਕਾਂ ਦਾ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਅਜਿਹੇ ਫੈਸਲੇ ਲੈਂਦੇ ਰਹੇ ਹਨ। ਸਿੱਧੂ ਅੱਜ ਨੈਸ਼ਨਲ ਡੇਅਰੀ ਪਲਾਨ ਤਹਿਤ ਬਰਨਾਲਾ ਦੇ ਪਸ਼ੂ ਪਾਲਨ ਵਿਭਾਗ ਵੱਲੋਂ ਟ੍ਰੇਨਿੰਗ ਲੈਣ ਵਾਲੇ ਤੇ ਇਸ ਖੇਤਰ 'ਚ ਚੰਗਾ ਕੰਮ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ।