Punjab News : ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਹੈ। ਮੰਤਰੀ ਧਾਲੀਵਾਲ ਨੇ ਵਿਸ਼ੇਸ਼ ਪ੍ਰਸਤਾਵ ਲਈ ਸਿੰਧੀਆ ਨਾਲ ਮੁਲਾਕਾਤ ਕੀਤੀ। ਧਾਲੀਵਾਲ ਨੇ ਸਿੰਧੀਆ ਨੂੰ ਮੰਗ ਪੱਤਰ ਸੌਂਪਿਆ ,ਜਿਸ ਵਿੱਚ ਅੰਮ੍ਰਿਤਸਰ ਹਵਾਈ ਅੱਡੇ ਅਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੈਨੇਡਾ ਅਤੇ ਅਮਰੀਕੀ ਸ਼ਹਿਰਾਂ ਜਿਵੇਂ ਨਿਊਯਾਰਕ, ਲਾਸ ਏਂਜਲਸ ਆਦਿ ਲਈ ਸਿੱਧੀਆਂ ਉਡਾਣਾਂ ਦੀ ਮੰਗ ਕੀਤੀ ਗਈ। ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਨਾਲ ਦੋਵੇਂ ਪਾਸੇ ਵੱਡੀ ਗਿਣਤੀ ਵਿੱਚ ਯਾਤਰੀਆਂ ਨੂੰ ਕਾਫੀ ਸੁਬਿਧਾ ਮਿਲੇਗੀ।

 


 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੀਟਿੰਗ ਦੌਰਾਨ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਦੱਸਿਆ ਕਿ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ (ਓਸੀਆਈ) ਕਾਰਡ ਧਾਰਕ ਕੈਨੇਡਾ ਅਤੇ ਅਮਰੀਕਾ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਹਨ। ਧਾਲੀਵਾਲ ਨੇ ਪੰਜਾਬ ਸਰਕਾਰ ਦੀ ਤਰਫੋਂ ਅਪੀਲ ਕੀਤੀ ਕਿ ਅੰਮ੍ਰਿਤਸਰ ਅਤੇ ਮੋਹਾਲੀ ਸਥਿਤ ਹਵਾਈ ਅੱਡਿਆਂ ਨੂੰ ਕੈਨੇਡਾ ਅਤੇ ਅਮਰੀਕੀ ਸ਼ਹਿਰਾਂ ਨਿਊਯਾਰਕ, ਲਾਸ ਏਂਜਲਸ, ਸ਼ਿਕਾਗੋ, ਸਿਆਟਲ ਅਤੇ ਸੈਨ ਫਰਾਂਸਿਸਕੋ, ਟੋਰਾਂਟੋ ਅਤੇ ਵੈਨਕੂਵਰ ਆਦਿ ਲਈ ਸਿੱਧੀਆਂ ਉਡਾਣਾਂ ਵਿੱਚ ਸ਼ਾਮਲ ਕੀਤਾ ਜਾਵੇ।


 ਇਹ ਵੀ ਪੜ੍ਹੋ :  ਆਮ ਆਦਮੀ ਕਲੀਨਿਕਾਂ ਨੂੰ ਝਟਕਾ ! ਮੁਫਤ ਟੈਸਟਾਂ ਸੇਵਾਵਾਂ ਹੋ ਸਕਦੀਆਂ ਪ੍ਰਭਾਵਿਤ, ਕ੍ਰਿਸ਼ਨਾ ਡਾਇਗਨੌਸਟਿਕਸ ਵੱਲੋਂ ਸੇਵਾਵਾਂ ਦੇਣ ਤੋਂ ਇਨਕਾਰ, ਖਹਿਰਾ ਨੇ ਸਾਧਿਆ AAP 'ਤੇ ਨਿਸ਼ਾਨਾ

ਯਾਤਰੀਆਂ ਨੂੰ ਹੋ ਰਹੀ ਹੈ ਪ੍ਰੇਸ਼ਾਨੀ  



ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਲ ਦਸੰਬਰ ਵਿੱਚ ਐਨ.ਆਰ.ਆਈ. ਦਾ ਆਯੋਜਨ ਕੀਤਾ ਗਿਆ ਸੀ। ਇਸ ਮੀਟਿੰਗ ਦੌਰਾਨ ਇਨ੍ਹਾਂ ਮੁਲਕਾਂ ਵਿੱਚ ਵਸਦੇ ਪੰਜਾਬੀਆਂ ਨੇ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਸੀ। ਕੈਬਨਿਟ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸਿੱਧੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿਉਂਕਿ ਕੈਨੇਡਾ ਅਤੇ ਅੰਮ੍ਰਿਤਸਰ 'ਚ ਰਹਿਣ ਵਾਲੇ ਯਾਤਰੀਆਂ ਨੂੰ ਪਹਿਲਾਂ ਦਿੱਲੀ ਜਾਂ ਹੋਰ ਸ਼ਹਿਰਾਂ ਦੇ ਏਅਰਪੋਰਟ 'ਤੇ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੰਤਰੀ ਦੀ ਤਰਫੋਂ ਕਿਹਾ ਗਿਆ ਹੈ ਕਿ ਯਾਤਰੀਆਂ ਦੀ ਗਿਣਤੀ ਇੰਨੀ ਜ਼ਿਆਦਾ ਹੈ ਕਿ ਇੱਕ ਹਫ਼ਤੇ ਵਿੱਚ ਘੱਟੋ-ਘੱਟ 5 ਵੱਡੇ ਜਹਾਜ਼ਾਂ ਦੀ ਜ਼ਰੂਰਤ ਹੈ।

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਕੈਬਨਿਟ ਮੰਤਰੀ ਧਾਲੀਵਾਲ ਦੀ ਮੰਗ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਨ ਦਾ ਭਰੋਸਾ ਦਿੱਤਾ ਹੈ ਅਤੇ ਕਿਹਾ ਹੈ ਕਿ ਇਸ ਮੁੱਦੇ ਦੇ ਹੱਲ ਲਈ ਸੁਹਿਰਦ ਯਤਨ ਕੀਤੇ ਜਾਣਗੇ।