ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼ੁਰੂ ਤੋਂ ਹੀ ਕਹਿੰਦੀ ਰਹੀ ਹੈ ਕਿ ਬਾਦਲ ਪਰਿਵਾਰ ਤੇ ਕੈਪਟਨ ਅਮਰਿੰਦਰ ਸਿੰਘ ਆਪਸ 'ਚ ਰਲੇ ਹੋਏ ਹਨ। ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਅੰਦਰ ਕਾਂਗਰਸੀ ਮੰਤਰੀਆਂ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਜਟ ਵਿੱਚ ਲੋਕਾਂ ਤੇ ਸੂਬੇ ਲਈ ਕੁਝ ਨਵਾਂ ਨਹੀਂ ਰੱਖਿਆ ਗਿਆ ਜਿਸ ਦਾ ਵਿਸ਼ੇਸ਼ ਜ਼ਿਕਰ ਕੀਤਾ ਜਾ ਸਕੇ।

ਪੰਜਾਬ ਵਿਧਾਨ ਸਭਾ 'ਚ ਬਜਟ ਸੈਸ਼ਨ ਦੇਖਣ ਪੁੱਜੇ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਮੁਲਤਵੀ ਹੋਏ ਸਦਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਕਾਂਗਰਸੀ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਰ੍ਹੇਆਮ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਿਕੰਮੀ ਹੈ। ਇਸੇ ਕਰਕੇ ਬਿਕਰਮ ਮਜੀਠੀਆ ਵਰਗੇ ਲੀਡਰ ਖੁੱਲ੍ਹੇ ਘੁੰਮ ਰਹੇ ਹਨ। ਉੱਧਰ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੀ ਬਿਕਰਮ ਮਜੀਠੀਆ ਨੂੰ ਚਿੱਟੇ ਦੇ ਵਪਾਰੀ ਦੱਸਦਿਆਂ ਮੁੱਖ ਮੰਤਰੀ ਨੂੰ ਇੱਥੋਂ ਤਕ ਕਹਿ ਗਏ ਕਿ ਇਹ ਆਪਸ 'ਚ ਰਲੇ ਹੋਏ ਹਨ।

ਮਾਨ ਨੇ ਕਿਹਾ ਕਿ ਕਈ ਹੋਰ ਮੰਤਰੀਆਂ ਅਤੇ ਵਿਧਾਇਕਆਂ ਨੇ ਵੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਆਖ਼ਰਕਾਰ ਬਾਦਲ ਪਰਿਵਾਰ ਤੇ ਮਜੀਠੀਆ ਉੱਤੇ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ? ਉਨ੍ਹਾਂ ਕਿਹਾ ਕਿ ਜੇ ਕੈਪਟਨ ਬਾਦਲਾਂ ਨਾਲ ਮਿਲੇ ਨਾ ਹੁੰਦੇ ਤਾਂ ਉਨ੍ਹਾਂ ਦੇ ਆਪਣੇ ਕੈਬਨਿਟ ਮੰਤਰੀਆਂ ਦੇ ਸਾਹਮਣੇ ਖੜ੍ਹੇ ਹੋ ਕੇ ਅਜਿਹਾ ਕਹਿਣ ਦੀ ਹਿੰਮਤ ਨਾ ਪੈਂਦੀ ਤੇ ਖ਼ੁਦ ਵੀ ਕੈਪਟਨ ਚੁੱਪ ਚਾਪ ਬੈਠਣ ਦੀ ਥਾਂ ਗਰਜ਼ ਕੇ ਉਨ੍ਹਾਂ ਨੂੰ ਜਵਾਬ ਦਿੰਦੇ। ਉਨ੍ਹਾਂ ਕਿਹਾ ਕਿ ਜੇ ਕੈਪਟਨ ਇੰਨੇ ਬੇਵੱਸ ਹੋ ਚੁੱਕੇ ਹਨ ਤਾਂ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ।