ਚੰਡੀਗੜ੍ਹ : ਅੱਜ ਫਿਰ ਪੰਜਾਬ ਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੰਥਨ ਹੋਵੇਗਾ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਵਿੱਚ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿੱਚ ਹੋਵੇਗੀ। ਜਿਸ ਵਿੱਚ ਖੇਡ ਮੰਤਰੀ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਸ਼ਿਰਕਤ ਕਰਨਗੇ। ਪਿਛਲੀ ਮੀਟਿੰਗ ਵਿੱਚ ਅਧਿਕਾਰੀਆਂ ਨੇ ਆਪਣੇ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਦਾ ਰਿਕਾਰਡ ਨਹੀਂ ਦਿੱਤਾ ਸੀ। ਜਿਸ ਲਈ ਕਮੇਟੀ ਨੇ ਉਸ ਨੂੰ ਤਾੜਨਾ ਵੀ ਕੀਤੀ। ਇਸ ਤੋਂ ਬਾਅਦ ਅਧਿਕਾਰੀਆਂ ਨੂੰ ਪੂਰਾ ਰਿਕਾਰਡ ਦੇਣ ਲਈ 2 ਦਿਨ ਦਾ ਸਮਾਂ ਦਿੱਤਾ ਗਿਆ।
'ਆਪ' ਸਰਕਾਰ ਵੱਲੋਂ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ
'ਆਪ' ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਕਿ ਪੰਜਾਬ 'ਚ ਕੰਮ ਕਰਦੇ 36 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਇਸ ਬਾਰੇ ਸੋਚ-ਵਿਚਾਰ ਕਰਕੇ ਨੀਤੀ ਤਿਆਰ ਕੀਤੀ ਜਾ ਰਹੀ ਹੈ। ਇਸ ਦੇ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਗਵਾਈ ਹੇਠ ਸਬ-ਕਮੇਟੀ ਬਣਾਈ ਗਈ ਹੈ। ਜਿਸ ਵਿੱਚ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਵੀ ਰੱਖਿਆ ਗਿਆ ਹੈ।
ਚੰਨੀ ਸਰਕਾਰ ਰਾਜਪਾਲ ਦੇ ਇਤਰਾਜ਼ ਦੂਰ ਨਹੀਂ ਕਰ ਸਕੀ
ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ। ਤਤਕਾਲੀ ਸੀਐਮ ਚਰਨਜੀਤ ਚੰਨੀ ਦੀ ਅਗਵਾਈ ਵਿੱਚ ਸਰਕਾਰ ਨੇ ਕੈਬਨਿਟ ਵਿੱਚ ਮਤਾ ਪਾਸ ਕਰਕੇ ਰਾਜਪਾਲ ਨੂੰ ਭੇਜਿਆ ਸੀ। ਹਾਲਾਂਕਿ ਇਸ ਨੂੰ ਰਾਜਪਾਲ ਦੀ ਮਨਜ਼ੂਰੀ ਨਹੀਂ ਮਿਲੀ। ਗਵਰਨਰ ਦਫ਼ਤਰ ਵੱਲੋਂ ਕਈ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ’ਤੇ ਇਤਰਾਜ਼ ਜਤਾਇਆ ਗਿਆ ਸੀ ਅਤੇ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਗਿਆ ਸੀ। ਇਸ ਤੋਂ ਪਹਿਲਾਂ ਵੀ ਕਾਂਗਰਸ ਸਰਕਾਰ ਨੇ ਪੰਜਾਬ ਭਰ ਵਿੱਚ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬੋਰਡ ਲਾਏ ਸਨ।