ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਵਿੱਚ ਅਣ-ਅਧਿਕਾਰਤ ਕਲੋਨੀਆਂ ਨਿਯਮਤ ਕਰਨ ਲਈ ਕਾਨੂੰਨ ਤੇ ਨੀਤੀ ਨੂੰ ਅੰਤਮ ਰੂਪ ਦੇਣ ਲਈ ਪੰਜ ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਹੈ।
ਇਹ ਸਬ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕੰਮ ਕਰੇਗੀ ਜਿਸ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਮੈਂਬਰ ਹੋਣਗੇ। ਕਮੇਟੀ ਆਪਣੀ ਰਿਪੋਰਟ 30 ਦਿਨਾਂ ਵਿੱਚ ਪੇਸ਼ ਕਰੇਗੀ।
ਇਹ ਸਬ ਕਮੇਟੀ ਸਬੰਧਤ ਕਾਨੂੰਨ ਤੇ ਨੀਤੀ ਨੂੰ ਅੰਤਮ ਰੂਪ ਦੇਣ ਤੋਂ ਇਲਾਵਾ ਅਣ-ਅਧਿਕਾਰਤ ਰਿਹਾਇਸ਼ੀ ਕਲੋਨੀਆਂ ਨੂੰ ਵੱਖ-ਵੱਖ ਸ਼੍ਰੇਣੀਆਂ ਤਹਿਤ ਨਿਯਮਤ ਕਰਨ ਲਈ ਸਹਿਮਤੀ (ਕੰਪੋਜੀਸ਼ਨ) ਫੀਸ ਦੇ ਰੇਟ ਤੈਅ ਕਰੇਗੀ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਤਜਵੀਜ਼ਤ ਕਾਨੂੰਨ ਅਨੁਸਾਰ ਗੈਰ-ਯੋਜਨਾਬੱਧ ਇਲਾਕਿਆਂ ਨੂੰ ਯੋਜਨਾਬੱਧ ਢਾਂਚੇ ਵਿੱਚ ਲਿਆਂਦਾ ਜਾਵੇਗਾ ਤਾਂ ਜੋ ਇਨ੍ਹਾਂ ਕਲੋਨੀਆਂ ਦੇ ਬਾਸ਼ਿੰਦਿਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਕੌਮਾਂਤਰੀ ਪ੍ਰਸਿੱਧੀ ਹਾਸਲ ਰਾਈਫਲ ਸ਼ੂਟਰ ਅਜੀਤੇਸ਼ ਕੌਸ਼ਲ ਨੂੰ ਪੰਜਾਬ ਪੁਲਿਸ ਵਿੱਚ ਸਬ ਇੰਸਪੈਕਟਰ ਨਿਯੁਕਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਅਜੀਤੇਸ਼ ਕੌਸ਼ਲ ਨੇ ਸੂਬਾਈ, ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਹੁਣ ਤੱਕ 85 ਤਮਗੇ ਹਾਸਲ ਕੀਤੇ ਹਨ।
ਇੱਕ ਵੱਖਰੀ ਮੀਟੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸ਼ੁਰੂਆਤੀ ਧੁਰਾ (ਪੰਜਾਬ ਸਟਾਰਟ ਅੱਪ ਹੱਬ) ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤਹਿਤ ਮੁਹਾਲੀ ਵਿੱਚ ਅਤਿਆਧੁਨਿਕ ਸ਼ੁਰੂਆਤੀ ਕੇਂਦਰ ਸਥਾਪਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸੂਬੇ ਭਰ ਵਿੱਚ ਸਨਅਤੀ ਧੁਰੇ ਸਥਾਪਤ ਕਰਨ ਲਈ ਪੰਚਾਇਤੀ ਜ਼ਮੀਨਾਂ ਖਾਲੀ ਕਰਵਾਏ ਜਾਣ ਦੀ ਪ੍ਰਕਿਆ ਦੌਰਾਨ ਪ੍ਰਭਾਵਿਤ ਹੋਣ ਵਾਲੇ ਵਿਅਕਤੀਆਂ ਦੇ ਮੁੜ ਵਸੇਬੇ ਵਾਸਤੇ ਖਰੜਾ ਪ੍ਰਸਤਾਵ ਤਿਆਰ ਕਰਨ ਲਈ ਉੱਚ ਪੱਧਰੀ ਕਮੇਟੀ ਗਠਿਤ ਕਰਨ ਲਈ ਵੀ ਸਹਿਮਤੀ ਦੇ ਦਿੱਤੀ ਹੈ। ਇਸ ਕਮੇਟੀ ਵਿਚ ਵਿੱਤ ਕਮਿਸ਼ਨਰ ਮਾਲ, ਪ੍ਰਮੁੱਖ ਸਕੱਤਰ ਦਿਹਾਤੀ ਵਿਕਾਸ ਤੇ ਪੰਚਾਇਤ ਅਤੇ ਪ੍ਰਮੁੱਖ ਸਕੱਤਰ ਵਿੱਤ ਹੋਣਗੇ।
ਮੁੱਖ ਮੰਤਰੀ ਨੇ ਇਹ ਹਦਾਇਤਾਂ ਪੰਜਾਬ ਉਦਯੋਗਕ ਤੇ ਬਿਜ਼ਨਸ ਵਿਕਾਸ ਬੋਰਡ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜਾਰੀ ਕੀਤੀਆਂ। ਇਸ ਬੋਰਡ ਦਾ ਗਠਨ ਨਵੀਂ ਸਨਅਤੀ ਨੀਤੀ ਨੂੰ ਬਿਨਾਂ ਕਿਸੇ ਅੜਚਣ ਤੇ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਾਸਤੇ ਕੀਤਾ ਗਿਆ ਹੈ।