ਚੰਡੀਗੜ੍ਹ: ਆਖਰ ਮੋਦੀ ਸਰਕਾਰ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਰਗਰਮ ਹੋ ਗਏ ਹੈ। ਇਸ ਬਾਰੇ ਪਹਿਲ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਸੂਬਾ ਸਰਕਾਰ ਕੋਲ ਪਏ 6200 ਕਰੋੜ ਰੁਪਏ ਖਰਚਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਪੰਜਾਬ ਸਰਕਾਰ ਨੂੰ ਰਾਹਤ ਕਾਰਜਾਂ ਨੂੰ ਤੇਜ਼ ਕਰਨ ਵਿਚ ਮਦਦ ਮਿਲੇਗੀ।

ਦਰਅਸਲ ਹੜ੍ਹ ਪੀੜਤ ਰਾਜਾਂ ਦੀ ਸੂਚੀ ਵਿੱਚ ਪੰਜਾਬ ਨੂੰ ਸ਼ਾਮਲ ਨਾ ਕੀਤੇ ਜਾਣ ਮਗਰੋਂ ਮੋਦੀ ਸਰਕਾਰ ਦੀ ਕਾਫੀ ਅਲੋਚਨਾ ਹੋਈ ਸੀ। ਇਸ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਨੂੰ ਘੇਰਿਆ ਸੀ। ਇਸ ਮਗਰੋਂ ਕੇਂਦਰ ਸਰਕਾਰ ਨੇ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਵਿੱਛ ਟੀਮ ਭੇਜਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹਰ ਤਰ੍ਹਾਂ ਦੀ ਮਾਲੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ।

ਸੂਤਰਾਂ ਮੁਤਾਬਕ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲ ਹੜ੍ਹ ਪੀੜਤਾਂ ਨੂੰ ਰਾਹਤ ਦੇਣ ਦਾ ਮਾਮਲਾ ਉਠਾਇਆ ਸੀ। ਇਸ ’ਤੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਰਾਜ ਸਰਕਾਰ ਕੋਲ ਕੁਦਰਤੀ ਆਫ਼ਤਾਂ ਤੋਂ ਰਾਹਤ ਲਈ ਪੈਸਾ ਪਿਆ ਹੈ। ਇਸ ਪੈਸੇ ਨੂੰ ਵਰਤ ਲਿਆ ਜਾਵੇ। ਲੋੜ ਪੈਣ ’ਤੇ ਹੋਰ ਪੈਸਾ ਵੀ ਦੇ ਦਿੱਤਾ ਜਾਵੇਗਾ।

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਕੋਲ ਮਾਮਲਾ ਉਠਾਇਆ ਹੈ ਕਿ ਸਰਕਾਰੀ ਇਮਾਰਤਾਂ, ਖ਼ਾਸ ਕਰਕੇ ਵਿੱਦਿਅਕ ਅਦਾਰਿਆਂ ਦੀਆਂ ਇਮਾਰਤਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਇਹ ਨੁਕਸਾਨ ਕੁਦਰਤੀ ਆਫ਼ਤਾਂ ਅਧੀਨ ਨਹੀਂ ਆਉਂਦਾ। ਇਸ ਨੁਕਸਾਨ ਦੀ ਭਰਪਾਈ ਲਈ ਕੇਂਦਰੀ ਟੀਮ ਜਦੋਂ ਪੰਜਾਬ ਦਾ ਦੌਰਾ ਕਰੇਗੀ ਤਾਂ ਦੌਰੇ ਦੌਰਾਨ ਇਸ ਨੁਕਸਾਨ ਦਾ ਜਾਇਜ਼ਾ ਵੀ ਲਵੇਗੀ।