Punjab Heat Wave : ਪੰਜਾਬ ਅਤੇ ਚੰਡੀਗੜ੍ਹ ਇਸ ਸਮੇਂ ਤੇਜ਼ ਗਰਮੀ ਦਾ ਸਾਹਮਣਾ ਕਰ ਰਹੇ ਹਨ ਅਤੇ ਆਉਣ ਵਾਲੇ ਦਿਨਾਂ 'ਚ ਤੇਜ਼ ਗਰਮੀ ਅਤੇ ਗਰਮੀ ਦੀਆਂ ਲਹਿਰਾਂ ਆਉਣ ਦੀ ਸੰਭਾਵਨਾ ਹੈ। ਇਸ ਸੀਜ਼ਨ ਵਿਚ ਪਹਿਲੀ ਵਾਰ ਤਾਪਮਾਨ 45.2 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਫਰੀਦਕੋਟ ਸਭ ਤੋਂ ਗਰਮ ਰਿਹਾ ਹੈ। 

Continues below advertisement

ਸੂਬੇ ਦਾ ਤਾਪਮਾਨ ਆਮ ਨਾਲੋਂ 4.9 ਡਿਗਰੀ ਵੱਧ ਰਿਹਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਅੱਜ ਗਰਮੀ ਦੀ ਲਹਿਰ ਅਤੇ ਗਰਮ ਰਾਤ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਅਪ੍ਰੈਲ ਤੋਂ 30 ਅਪ੍ਰੈਲ ਤੱਕ ਗਰਮੀ ਦੀ ਲਹਿਰ, ਗਰਮ ਰਾਤ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਸੰਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ ਵਿੱਚ ਦੋ ਦਿਨਾਂ ਲਈ ਹੀਟਵੇਵ ਲਈ ਓਰੇਂਜ ਅਲਰਟ ਜਾਰੀ ਹੈ। ਇਸ ਸਮੇਂ ਦੌਰਾਨ ਹਵਾ ਦੀ ਗਤੀ 40-50 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਦੇ ਵਿਚਕਾਰ ਆਪਣੇ ਘਰਾਂ ਤੋਂ ਘੱਟ ਤੋਂ ਘੱਟ ਬਾਹਰ ਜਾਣ ਅਤੇ ਆਪਣੇ ਖਾਣੇ ਅਤੇ ਸਿਹਤ ਦਾ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ। ਅੱਜ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ।

Continues below advertisement

12 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਅਤੇ 7 ਜ਼ਿਲ੍ਹਿਆਂ ਵਿੱਚ ਗਰਮ ਰਾਤ ਦਾ ਅਲਰਟ ਜਾਰੀ ਹੈ। ਇਸ ਸਮੇਂ ਦੌਰਾਨ ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਰਨਾਲਾ, ਮੁਕਤਸਰ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਗਰਮੀ ਦੀ ਚੇਤਾਵਨੀ ਜਾਰੀ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਰਨਾਲਾ ਅਤੇ ਲੁਧਿਆਣਾ ਵਿੱਚ ਰਾਤਾਂ ਗਰਮ ਰਹਿਣਗੀਆਂ।

 ਕੱਲ ਤੋਂ ਬਦਲੇਗਾ ਮੌਸਮ!   

ਇੱਕ ਪਾਸੇ ਦੇਸ਼ ਭਰ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉੱਤਰੀ ਭਾਰਤ ਧੁੱਪ ਦੀ ਤੇਜ਼ ਅਤੇ ਕੜਕਦੀ ਰੌਸ਼ਨੀ ਨਾਲ ਤਪ ਰਿਹਾ ਹੈ, ਉਥੇ ਇੱਕ ਪੱਛਮੀ ਗੜਬੜੀ ਸਰਗਰਮ ਹੈ। ਇਸ ਦੌਰਾਨ ਪੱਛਮੀ ਹਵਾਵਾਂ ਵੀ ਚੱਲ ਰਹੀਆਂ ਹਨ। ਸਮੁੰਦਰ ਉੱਤੇ ਬਣਿਆ ਘੱਟ ਦਬਾਅ ਵਾਲਾ ਖੇਤਰ ਵੀ ਮੌਸਮ ਨੂੰ ਪ੍ਰਭਾਵਿਤ ਕਰ ਰਿਹਾ ਹੈ। 

ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਪੂਰਬੀ ਭਾਰਤ ਵਿੱਚ 28 ਅਪ੍ਰੈਲ ਤੋਂ 1 ਮਈ ਤੇ ਉੱਤਰ-ਪੱਛਮੀ ਭਾਰਤ ਵਿੱਚ 27 ਤੋਂ 29 ਅਪ੍ਰੈਲ ਦੇ ਵਿਚਕਾਰ ਕਈ ਥਾਵਾਂ 'ਤੇ ਤੇਜ਼ ਹਨ੍ਹੇਰੀ-ਤੂਫਾਨ ਵਰਗੀ ਸਥਿਤੀ ਬਣ ਸਕਦੀ ਹੈ। ਮੱਧ ਭਾਰਤ ਵਿੱਚ ਵੀ 28 ਤੋਂ 30 ਅਪ੍ਰੈਲ ਦੇ ਵਿਚਕਾਰ ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਹਨ੍ਹੇਰੀ-ਤੂਫਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ

ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਰਾਜ ਇਸ ਸਮੇਂ ਭਿਆਨਕ ਗਰਮੀ ਦੀ ਲਪੇਟ ਵਿੱਚ ਹੈ, ਤਾਪਮਾਨ ਹਾਲ ਹੀ ਵਿੱਚ 42 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। 2 ਮਈ ਤੱਕ ਮੌਸਮ ਬਦਲਣ ਨਾਲ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੌਰਾਨ ਆਸਮਾਨ ਵਿਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਚੱਲਣਗੀਆਂ, ਜਿਸ ਨਾਲ ਤਾਪਮਾਨ 4 ਤੋਂ 6 ਡਿਗਰੀ ਤੱਕ ਗਿਰਾਵਟ ਆਉਣ ਦੀ ਉਮੀਦ ਹੈ। ਸਵੇਰੇ ਅਤੇ ਸ਼ਾਮ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਗਰਮੀ ਤੋਂ ਕੁਝ ਰਾਹਤ ਮਿਲੇਗੀ।