Vidhan Sabha: ਵੱਖਰੀ ਹਾਈਕੋਰਟ ਤੋਂ ਬਾਅਦ ਹੁਣ ਪੰਜਾਬ ਹਰਿਆਣਾ ਦੀ ਵਿਧਾਨਸਭਾ ਨੂੰ ਲੈ ਕੇ ਮੁੱਦਾ ਗਰਮਾਉਂਦਾ ਨਜ਼ਰ ਆ ਰਿਹੈ ਹੈ। ਹਰਿਆਣਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਵੀ ਵੱਖਰੀ ਵਿਧਾਨ ਸਭਾ ਦੀ ਮੰਗ ਕੀਤੀ ਗਈ ਹੈ। ਪੰਜਾਬ ਸੀਐੱਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨੂੰ ਵੀ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ 'ਚ ਜ਼ਮੀਨ ਅਲਾਟ ਕੀਤੀ ਜਾਵੇ। ਸੀਐੱਮ ਮਾਨ ਵੱਲੋਂ ਪੋਸਟ ਪਾ ਕੇ ਕਿਹਾ ਗਿਆ ਹੈ ਕਿ-
"ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਰਿਆਣਾ ਦੀ ਤਰਜ਼ ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਜਾਵੇ..ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ -ਹਰਿਆਣਾ ਹਾਈਕੋਰਟ ਨੂੰ ਵੱਖ-ਵੱਖ ਕੀਤਾ ਜਾਵੇ ..ਇਸਦੇ ਲਈ ਵੀ ਕਿਰਪਾ ਕਰਕੇ ਕੇਂਦਰ ਸਰਕਾਰ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ .."
ਦਸ ਦਈਏ ਕਿ ਅੱਜ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਵੱਲੋਂ ਪੋਸਟ ਪਾ ਕੇ ਜਾਣਕਾਰੀ ਦਿੱਤੀ ਗਈ ਕਿ ਕੇਂਦਰ ਸਰਕਾਰ ਵੱਲੋਂ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਬਣਾਉਣ ਦੀ ਮੰਗ ਸਵੀਕਾਰ ਕਰ ਲਈ ਗਈ ਹੈ ਅਤੇ ਚੰਡੀਗੜ੍ਹ 'ਚ ਜ਼ਮੀਨ ਅਲਾਟ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਭੂਚਾਲ ਆ ਗਿਆ ਜਾਪਦਾ ਹੈ।
ਪੰਜਾਬ ਦੀਆਂ ਰਾਜਸੀ ਪਾਰਟੀਆਂ ਵੱਲੋਂ ਜਿੱਥੇ ਕੇਂਦਰ ਸਰਕਾਰ ਦਾ ਵਿਰੋਧ ਕੀਤਾ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹਰਿਆਣਾ ਵਿਧਾਨ ਸਭਾ ਲਈ ਹਰਿਆਣਾ 'ਚ ਜ਼ਮੀਨ ਅਲਾਟ ਕੀਤੀ ਜਾਵੇ ਉੱਥੇ ਹੀ ਹੁਣ ਪੰਜਾਬ ਸੀਐੱਮ ਵੱਲੋਂ ਪੰਜਾਬ ਦੀ ਵੱਖਰੀ ਵਿਧਾਨ ਸਭਾ ਬਣਾਉਣ ਦੀ ਮੰਗ ਕੀਤੀ ਗਈ ਹੈ।