ਅਸਾਮ ਪਹੁੰਚ ਕੇ ਸੀਐਮ ਭਗਵੰਤ ਮਾਨ ਨੇ ਕੀਤਾ ਦਾਅਵਾ, 'ਅਸੀਂ ਪੰਜਾਬ 'ਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ'...
ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਅਸੀਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਅਸੀਂ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਅਸੀਂ ਭ੍ਰਿਸ਼ਟਾਚਾਰੀਆਂ ਨੂੰ ਨੱਥ ਪਾਉਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ, ਜਿਸ ਤੋਂ ਬਾਅਦ 500 ਤੋਂ ਵੱਧ ਭ੍ਰਿਸ਼ਟ ਅਧਿਕਾਰੀਆਂ, ਕਰਮਚਾਰੀਆਂ ਤੇ ਨੇਤਾਵਾਂ ਵਿਰੁੱਧ ਕਾਰਵਾਈ ਕੀਤੀ ਗਈ। ਹੁਣ ਭ੍ਰਿਸ਼ਟ ਲੋਕਾਂ ਦੇ ਮਨਾਂ ਵਿੱਚ ਇੱਕ ਡਰ ਹੈ।
ਦਰਅਸਲ ਅਸਾਮ 'ਚ ਐਤਵਾਰ ਨੂੰ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ-ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਸੀਂ ਦੂਜੀਆਂ ਪਾਰਟੀਆਂ ਦੇ ਨੇਤਾਵਾਂ ਵਾਂਗ ਸੱਤਾ 'ਚ ਆਉਣ ਤੋਂ ਬਾਅਦ ਵਪਾਰ ਨਹੀਂ ਕਰਦੇ, ਅਸੀਂ ਲੋਕ ਭਲਾਈ ਤੇ ਵਿਕਾਸ ਦੇ ਕੰਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜਿਸ ਰਾਜ ਦਾ ਰਾਜਾ ਵਪਾਰੀ ਹੋਵੇ, ਉਸ ਰਾਜ ਦੇ ਲੋਕ ਭਿਖਾਰੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਸਾਮ ਵਿੱਚ ਪਹਿਲੇ ਪੰਜ ਸਾਲ ਭਾਜਪਾ ਤੇ ਕਾਂਗਰਸ ਇਕੱਠੇ ਰਾਜ ਕਰਦੇ ਸਨ। ਹੁਣ ਇੱਥੇ ਵੀ ਲੋਕਾਂ ਕੋਲ ਦਿੱਲੀ ਤੇ ਪੰਜਾਬ ਵਾਂਗ ਆਮ ਆਦਮੀ ਪਾਰਟੀ ਦੇ ਰੂਪ ਵਿੱਚ ਇੱਕ ਇਮਾਨਦਾਰ ਅਤੇ ਚੰਗੀ ਪਾਰਟੀ ਦਾ ਵਿਕਲਪ ਹੈ।
ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਵਿੱਚ ਬਿਜਲੀ ਮੁਫਤ ਕੀਤੀ। ਅੱਜ 90% ਤੋਂ ਵੱਧ ਘਰਾਂ ਦੇ ਬਿਜਲੀ ਬਿੱਲ ਜ਼ੀਰੋ 'ਤੇ ਆ ਰਹੇ ਹਨ। ਅਸੀਂ ਪੰਜਾਬ ਵਿੱਚ ਗਰੰਟੀ ਦਿੱਤੀ ਸੀ ਕਿ ਸਰਕਾਰ ਬਣਨ ’ਤੇ ਹਰ ਪਿੰਡ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਇੱਕ ਸਾਲ ਦੇ ਅੰਦਰ, ਅਸੀਂ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ। ਇਸ ਤੋਂ ਇਲਾਵਾ ਅਸੀਂ ਇੱਕ ਸਾਲ ਦੇ ਅੰਦਰ ਪੰਜਾਬ ਦੇ 28,472 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਮਾਨ ਨੇ ਕਿਹਾ ਕਿ ਭਾਜਪਾ ਵਾਲੇ ਨਫਰਤ ਦੀਆਂ ਗੱਲਾਂ ਕਰਦੇ ਹਨ। ਅਸੀਂ ਸਕੂਲਾਂ ਤੇ ਹਸਪਤਾਲਾਂ ਦੀ ਗੱਲ ਕਰਦੇ ਹਾਂ। ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਨਵਾਂ ਰੂਪ ਦਿੱਤਾ ਹੈ ਤੇ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ। ਪੰਜਾਬ ਵਿੱਚ ਵੀ ਅਸੀਂ ਸਕੂਲਾਂ ਦੀ ਕਾਇਆ ਕਲਪ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਪ੍ਰਾਈਵੇਟ ਸਕੂਲਾਂ ਦੇ ਬੱਚੇ ਉੱਥੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈ ਰਹੇ ਹਨ। ਅੱਜ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚੇ ਡਾਕਟਰ, ਇੰਜੀਨੀਅਰ, ਵਕੀਲ ਤੇ ਵੱਡੇ ਅਫਸਰ ਬਣ ਰਹੇ ਹਨ।
ਭਾਰਤੀ ਜਨਤਾ ਪਾਰਟੀ ਦਿੱਲੀ ਦੀ ਸਿੱਖਿਆ ਅਤੇ ਸਿਹਤ ਕ੍ਰਾਂਤੀ ਤੋਂ ਡਰੀ ਹੋਈ ਹੈ। ਇਸੇ ਲਈ ਉਨ੍ਹਾਂ ਨੇ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਸਾਜ਼ਿਸ਼ ਤਹਿਤ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹ ਵਿੱਚ ਡੱਕ ਦਿੱਤਾ। ਮਾਨ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਨਰਿੰਦਰ ਮੋਦੀ ਬਚਪਨ 'ਚ ਰੇਲਵੇ ਸਟੇਸ਼ਨ 'ਤੇ ਚਾਹ ਵੇਚਦੇ ਸਨ। ਸਰਕਾਰ ਬਣਨ ਤੋਂ ਬਾਅਦ ਉਸ ਰੇਲਵੇ ਨੂੰ ਹੀ ਵੇਚ ਦਿੱਤਾ। ਉਹ ਸ਼ਾਇਦ ਭੁੱਲ ਗਏ ਹਨ ਕਿ ਲੋਕਤੰਤਰ ਵਿੱਚ ਜਨਤਾ ਕਿਸੇ ਨੂੰ ਵੀ ਅਰਸ਼ ਤੋਂ ਫਰਸ਼ 'ਤੇ ਲਿਆ ਸਕਦੀ ਹੈ।
ਮੁੱਖ ਮੰਤਰੀ ਮਾਨ ਨੇ ਅਸਾਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ। ਅਸੀਂ ਦਿੱਲੀ ਤੇ ਪੰਜਾਬ ਵਾਂਗ ਇੱਥੇ ਵੀ ਬਦਲਾਅ ਲਿਆਵਾਂਗੇ। ਸਕੂਲਾਂ ਤੇ ਹਸਪਤਾਲਾਂ ਦੀ ਕਾਇਆ ਕਲਪ ਕਰੇਗਾ ਤੇ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਾਂਗੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
