ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ ਦੌਰਾਨ ਐਲਾਨ ਕੀਤਾ ਕਿ ਅਗਲੇ 2-3 ਮਹੀਨਿਆਂ 'ਚ ਅਧਿਆਪਕਾਂ ਦੀ ਟ੍ਰੇਨਿੰਗ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਟ੍ਰੇਨਿੰਗ ਵਿਦੇਸ਼ਾਂ 'ਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵੀ ਅਧਿਆਪਕਾਂ ਦੀ ਵਿਦੇਸ਼ਾਂ 'ਚ ਟ੍ਰੇਨਿੰਗ ਕਰਵਾਉਂਦੀ ਹੈ।

ਦੱਸ ਦਈਏ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸਿੱਖਿਆ ਸੁਧਾਰ ਲਈ ਇਹ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਲੁਧਿਆਣਾ 'ਚ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਵੱਲੋਂ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁੱਖ ਅਧਿਆਪਕਾਂ ਦੀ ਸੂਬਾ ਪੱਧਰੀ ਮੀਟਿੰਗ ਅੱਜ ਲੁਧਿਆਣਾ ’ਚ ਸੱਦੀ ਗਈ ਸੀ। ਜ਼ਿਲ੍ਹਾ ਸਿੱਖਿਆ ਅਧਿਕਾਰੀ, ਉੱਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੇ ਬਲਾਕ ਸਿੱਖਿਆ ਅਧਿਕਾਰੀ ਵੀ ਮੀਟਿੰਗ ’ਚ ਪਹੁੰਚੇ ਸੀ। ਮੀਟਿੰਗ ’ਚ 2500 ਦੇ ਕਰੀਬ ਅਧਿਆਪਕਾਂ ਤੇ ਅਧਿਕਾਰੀਆਂ ਦੇ ਸ਼ਾਮਲ ਹੋਣ ਦਾ ਅੰਦਾਜਾ ਹੈ। 






 


ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਿੱਖਿਆ ’ਚ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਵੱਲੋਂ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਜਦੋਂ ਸੂਬੇ ਦੇ ਮੁੱਖ ਮੰਤਰੀ ਵੱਲੋਂ ਸਕੂਲਾਂ ਦੇ ਮੁੱਖ ਅਧਿਆਪਕਾਂ, ਪ੍ਰਿੰਸੀਪਲਾਂ ਤੇ ਜ਼ਿਲ੍ਹੇ ਦੇ ਹਰੇਕ ਸਿੱਖਿਆ ਅਧਿਕਾਰੀ ਨਾਲ ਮੀਟਿੰਗ ਕੀਤੀ ਜਾ ਰਹੀ ਹੈ।