Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰਾਂ ਉੱਪਰ ਜੰਮ ਕੇ ਨਿਸ਼ਾਨੇ ਲਾਏ। ਉਨ੍ਹਾਂ ਨੇ ਬੀਜੇਪੀ, ਕਾਂਗਰਸ ਤੇ ਅਕਾਲੀ ਦਲ ਨੂੰ ਖਰੀਆਂ-ਖਰੀਆਂ ਸੁਣਾਈਆਂ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ’ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਉਹ ਭਗਵਾਂ ਪਾਰਟੀ ਦੇ ਹੱਥਾਂ ਦੀ ਕਠਪੁਤਲੀ ਬਣ ਗਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਨੂੰ ਹੁਣ ਪ੍ਰਤਾਪ ਸਿੰਘ ‘ਭਾਜਪਾ’ ਵਜੋਂ ਜਾਣਿਆ ਜਾਵੇਗਾ ਕਿਉਂਕਿ ਸੂਬੇ ਵਿੱਚ ਲੋਕਤੰਤਰ ਦਾ ਘਾਣ ਕਰਨ ਵਿੱਚ ਉਨ੍ਹਾਂ ਦੀ ਸ਼ੱਕੀ ਭੂਮਿਕਾ ਦਾ ਪਰਦਾਫਾਸ਼ ਹੋ ਗਿਆ ਹੈ। 


ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਸਾਬਕਾ ਮੁੱਖ ਮੰਤਰੀ ਆਪਣੇ ਸਾਥੀਆਂ ਨਾਲ ਭਾਜਪਾ ’ਚ ਸਾਮਲ ਹੋਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬਰਗਾੜੀ ਬੇਅਦਬੀ ਕਾਂਡ ਸਮੇਤ ਕੋਟਕਪੂਰਾ ਅਤੇ ਬਹਿਬਲ ਕਲਾਂ ’ਚ ਹੋਏ ਪੁਲੀਸ ਗੋਲੀ ਕਾਂਡਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਵਚਨਬੱਧ ਹੈ ਤੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਨੂੰਨੀ ਪੱਧਰ ’ਤੇ ਵੀ ਹਰ ਸੰਭਵ ਯਤਨ ਕਰ ਰਹੀ ਹੈ। 









ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਦੇ ਵਿਸ਼ਵਾਸ ਦੀ ਜਿੱਤ ਹੋਈ ਹੈ ਤੇ ਲੋਕਾਂ ਵੱਲੋਂ ਦਿੱਤੇ ਗਏ ਫਤਵੇ ਨੂੰ ਖਰੀਦਣ ਦੀਆਂ ਕੋਝੀਆਂ ਚਾਲਾਂ ਚੱਲਣ ਵਾਲੀਆਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਇਹ ਦੱਸਣ ਲਈ ਲਿਆਂਦਾ ਗਿਆ ਸੀ ਕਿ ਸਰਕਾਰ ਵਿਚ ਲੋਕਾਂ ਦਾ ਪੂਰਨ ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਮਤੇ ਦੇ ਪਾਸ ਹੋਣ ਨਾਲ ਸਾਬਤ ਹੋ ਗਿਆ ਹੈ ਕਿ ਦੇਸ਼ ਦੀ ਜਮਹੂਰੀਅਤ ਨੂੰ ਪੈਸੇ ਜਾਂ ਧੌਂਸ ਨਾਲ ਨਹੀਂ ਖਰੀਦਿਆ ਜਾ ਸਕਦਾ। ਇਸ ਇਤਿਹਾਸਕ ਫਤਵੇ ਨਾਲ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਹੋਰ ਵੀ ਤਨਦੇਹੀ ਨਾਲ ਉਪਰਾਲੇ ਕਰੇਗੀ।