ਸ਼ੰਕਰ ਦਾਸ ਦੀ ਰਿਪੋਰਟ


ਚੰਡੀਗੜ੍ਹ: ਪੰਜਾਬ 'ਚ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦੀ ਸਰਕਾਰ ਜਾਗ ਗਈ ਹੈ। ਸੀਐਮ ਭਗਵੰਤ ਮਾਨ ਨੇ ਸੂਬੇ ਦੇ ਪੁਲਿਸ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਚੰਡੀਗੜ੍ਹ ਦੇ ਪੰਜਾਬ ਭਵਨ 'ਚ ਪੁਲਿਸ ਸੂਬੇ ਦੀ ਅਮਨ-ਕਾਨੂੰਨ ਤੇ ਸੂਬੇ 'ਚ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਚਾਰਾਂ ਕਰੇਗੀ।

ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਤੇ ਪੁਲਿਸ ਕਮਿਸ਼ਨਰ ਨੂੰ ਬੁਲਾਇਆ ਗਿਆ ਹੈ। ਮੀਟਿੰਗ ਵਿੱਚ ਡੀਜੀਪੀ ਵੀਕੇ ਭਾਵਰਾ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਰਹਿਣਗੇ। ਸੀਐਮ ਮਾਨ ਦੀ ਪੁਲਿਸ ਅਧਿਕਾਰੀਆਂ ਨਾਲ ਇਹ ਪਹਿਲੀ ਮੀਟਿੰਗ ਹੋਵੇਗੀ। ਹਾਲ ਹੀ ਵਿੱਚ ਉਨ੍ਹਾਂ ਨੇ ਕਈ ਜ਼ਿਲ੍ਹਿਆਂ ਦੇ ਐਸਐਸਪੀ ਬਦਲੇ ਦਿੱਤੇ ਸਨ।

ਕਾਂਗਰਸ ਨੇ ਪੰਜਾਬ 'ਚ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਦਾ ਬਣਾ ਰੱਖਿਆ ਹੈ। ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਇਹ ਵੀ ਮੁੱਦਾ ਉਠਾਇਆ ਕਿ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ 'ਚ 5 ਕਾਂਗਰਸੀਆਂ ਦਾ ਕਤਲ ਹੋ ਚੁੱਕਾ ਹੈ। ਕੱਲ੍ਹ ਲੁਧਿਆਣਾ ਵਿੱਚ ਕਾਂਗਰਸ ਦੇ ਵਾਰਡ ਪ੍ਰਧਾਨ ਦਾ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਨੇ ਇਸ ਨੂੰ ਜੰਗਲ ਰਾਜ ਕਰਾਰ ਦਿੱਤਾ। ਸਿੱਧੂ ਨੇ ਚੇਤਾਵਨੀ ਵੀ ਦਿੱਤੀ ਕਿ ਜੇਕਰ ਕਾਤਲਾਂ ਨੂੰ ਨਾ ਫੜਿਆ ਗਿਆ ਤਾਂ ਕਾਂਗਰਸ ਲੀਡਰਸ਼ਿਪ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦੇਵੇਗੀ।

ਪੰਜਾਬ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਇਸ ਤੋਂ ਬਾਅਦ ਟਰੱਕ ਯੂਨੀਅਨ ਨੂੰ ਲੈ ਕੇ ਸੂਬੇ 'ਚ ਕਈ ਥਾਵਾਂ 'ਤੇ ਝਗੜੇ ਸਾਹਮਣੇ ਆ ਰਹੇ ਹਨ। ਇਸ ਦੇ ਨਾਲ ਹੀ ਪਿਛਲੀਆਂ ਸਰਕਾਰਾਂ ਵਿੱਚ ਹਾਕਮ ਧਿਰ ਦੇ ਆਗੂਆਂ ਵੱਲੋਂ ਪੁਲਿਸ ’ਤੇ ਪੂਰਾ ਦਬਾਅ ਪਾਇਆ ਗਿਆ।

ਚੋਣਾਂ ਦੌਰਾਨ ‘ਆਪ’ ਨੇ ਵਾਅਦਾ ਕੀਤਾ ਸੀ ਕਿ ਅਧਿਕਾਰੀਆਂ ਦੇ ਕੰਮਕਾਜ ਵਿੱਚ ਕੋਈ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੋਵੇਗੀ। ਹਾਲਾਂਕਿ ਹੁਣ ਤੱਕ ਪੁਲਿਸ ਅਧਿਕਾਰੀਆਂ ਕੋਲ ਇਸ ਬਾਰੇ ਕੋਈ ਸਪੱਸ਼ਟ ਸੰਦੇਸ਼ ਨਹੀਂ ਸੀ। ਸੀਐਮ ਮਾਨ ਨਾਲ ਮੀਟਿੰਗ ਤੋਂ ਬਾਅਦ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਿੰਨੀ ਤਰਹੀਜ਼ ਦੇਣੀ ਹੈ।


 


ਇਹ ਵੀ ਪੜ੍ਹੋ : ਇਮਰਾਨ ਖਾਨ ਦੀ ਪਾਰਟੀ ਨੇ ਇਸਲਾਮਾਬਾਦ 'ਚ ਕੀਤਾ ਸ਼ਕਤੀ ਪ੍ਰਦਰਸ਼ਨ, ਅੱਜ ਸੁਪਰੀਮ ਕੋਰਟ ਤੋਂ ਆ ਸਕਦਾ ਕੋਈ ਵੱਡਾ ਫੈਸਲਾ