ਸ਼ੰਕਰ ਦੀ ਰਿਪੋਰਟ
Russia Ukraine War ਯੂਕਰੇਨ 'ਤੇ ਰੂਸ ਦੇ ਹਮਲੇ ਤੋਂ ਬਾਅਦ ਉੱਥੇ ਫਸੇ ਭਾਰਤੀ ਵਿਦਿਆਰਥੀਆਂ ਦੀ ਸੁਰੱਖਿਆ ਦਾ ਮੁੱਦਾ ਗਰਮਾ ਗਿਆ ਹੈ। ਪੰਜਾਬ ਦੇ ਹਜ਼ਾਰਾਂ ਵਿਦਿਆਰਥੀ ਯੂਕਰੇਨ (Ukraine) ਵਿੱਚ ਡਾਕਟਰੀ ਦੀ ਪੜ੍ਹਾਈ ਕਰ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਵਿਦੇਸ਼ ਮੰਤਰਾਲੇ ਨੂੰ ਉੱਥੇ ਫਸੇ ਪੰਜਾਬ ਦੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਸ ਸਬੰਧੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਪੱਤਰ ਵੀ ਲਿਖਿਆ ਹੈ। ਚਰਨਜੀਤ ਸਿੰਘ ਚੰਨੀ ਨੇ ਆਪਣੇ ਪੱਤਰ ਵਿੱਚ ਲਿਖਿਆ, “ਪੰਜਾਬ ਸਰਕਾਰ ਭਾਰਤੀ ਮੂਲ ਦੇ ਵਿਦਿਆਰਥੀਆਂ ਤੇ ਉੱਥੇ ਮੌਜੂਦ ਹੋਰਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਅਸੀਂ ਉਨ੍ਹਾਂ ਦੀ ਵਾਪਸੀ ਲਈ ਕੇਂਦਰ ਸਰਕਾਰ ਦੇ ਦਖਲ ਦੀ ਮੰਗ ਕੀਤੀ ਹੈ।

ਭਾਰਤ ਯੂਕਰੇਨ ਤੋਂ ਆਪਣੇ ਨਾਗਰਿਕਾਂ ਨੂੰ ਕੱਢਣ ਲਈ ਬਦਲਵੇਂ ਹਵਾਈ ਮਾਰਗਾਂ ਨੂੰ ਸਰਗਰਮ ਕਰਨ ਸਮੇਤ ਅਚਨਚੇਤ ਯੋਜਨਾਵਾਂ 'ਤੇ ਕੰਮ ਕਰ ਰਿਹਾ ਹੈ। ਵਿਦੇਸ਼ ਮੰਤਰਾਲੇ ਨੇ ਯੂਕਰੇਨ ਵਿੱਚ ਤੇਜ਼ੀ ਨਾਲ ਬਦਲ ਰਹੀ ਸਥਿਤੀ ਦੇ ਮੱਦੇਨਜ਼ਰ ਕੁਝ ਅਚਨਚੇਤੀ ਯੋਜਨਾਵਾਂ ਨੂੰ ਲਾਗੂ ਕਰਨ ਲਈ ਉੱਚ ਪੱਧਰੀ ਮੀਟਿੰਗਾਂ ਕੀਤੀਆਂ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਯੂਕਰੇਨੀ ਹਵਾਈ ਖੇਤਰ ਨੂੰ ਨਾਗਰਿਕ ਜਹਾਜ਼ਾਂ ਲਈ ਬੰਦ ਕਰ ਦਿੱਤਾ ਗਿਆ ਹੈ।

CM ਚੰਨੀ ਨੇ ਪੀਐਮ ਮੋਦੀ ਤੋਂ ਵੀ ਮੰਗੀ ਮਦਦ  
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਤੋਂ ਪਹਿਲਾਂ ਯੂਕਰੇਨ ਵਿੱਚ ਫਸੇ ਪੰਜਾਬੀਆਂ ਸਮੇਤ ਭਾਰਤੀਆਂ ਨੂੰ ਬਚਾਉਣ ਅਤੇ ਸੁਰੱਖਿਅਤ ਵਾਪਸੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖਲ ਦੀ ਮੰਗ ਕੀਤੀ ਹੈ। ਚੰਨੀ ਨੇ ਟਵੀਟ ਕੀਤਾ, ''ਰੂਸ-ਯੂਕਰੇਨ ਵਿਚਾਲੇ ਜੰਗ ਨੂੰ ਲੈ ਕੇ ਬਹੁਤ ਚਿੰਤਤ ਹਾਂ। ਮੈਂ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਅਪੀਲ ਕਰਦਾ ਹਾਂ ਕਿ ਉਹ ਭਾਰਤੀਆਂ ਤੇ ਖਾਸ ਤੌਰ 'ਤੇ ਪੰਜਾਬੀਆਂ, ਜੋ ਯੁੱਧਗ੍ਰਸਤ ਯੂਕਰੇਨ ਵਿੱਚ ਫਸੇ ਹੋਏ ਹਨ, ਨੂੰ ਬਚਾਉਣ ਅਤੇ ਸੁਰੱਖਿਅਤ ਵਾਪਸੀ ਲਈ ਦਖਲ ਦੇਣ।

ਦੱਸ ਦੇਈਏ ਕਿ ਰੂਸ ਯੂਕਰੇਨ ਵਿੱਚ ਫੌਜੀ ਕਾਰਵਾਈ ਕਰ ਰਿਹਾ ਹੈ। ਇਸ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਨੇ ਭਾਰਤੀਆਂ ਨੂੰ ਸ਼ਾਂਤ ਰਹਿਣ ਅਤੇ ਜਿੱਥੇ ਵੀ ਹਨ ਸੁਰੱਖਿਅਤ ਰਹਿਣ ਲਈ ਕਿਹਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਲਗਭਗ 18 ਹਜ਼ਾਰ ਭਾਰਤੀ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ।