ਕੈਪਟਨ ਨੇ ਕੇਂਦਰੀ ਮੰਤਰੀ ਦਾਨਵੇ ਕੋਲੋਂ ਕੀਤੀ ਬਿਨਾਂ ਸ਼ਰਤ ਮਾਫੀ ਦੀ ਮੰਗ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਕੋਲੋਂ ਸੰਸਦ ਵਿੱਚ ਖੇਤੀਬਾੜੀ ਆਰਡੀਨੈਂਸਾਂ ਸਬੰਧੀ ਦੇਸ਼ ਨੂੰ ਗੁੰਮਰਾਹਕੁਨ ਜਾਣਕਾਰੀ ਦੇਣ ਦੇ ਮੁੱਦੇ ਸਬੰਧੀ ਬਿਨਾਂ ਸ਼ਰਤ ਮਾਫੀ ਦੀ ਮੰਗ ਕੀਤੀ ਹੈ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਕੋਲੋਂ ਸੰਸਦ ਵਿੱਚ ਖੇਤੀਬਾੜੀ ਆਰਡੀਨੈਂਸਾਂ ਸਬੰਧੀ ਦੇਸ਼ ਨੂੰ ਗੁੰਮਰਾਹਕੁਨ ਜਾਣਕਾਰੀ ਦੇਣ ਦੇ ਮੁੱਦੇ ਸਬੰਧੀ ਬਿਨਾਂ ਸ਼ਰਤ ਮਾਫੀ ਦੀ ਮੰਗ ਕੀਤੀ ਹੈ। ਇਸ ਨੂੰ ਸੰਸਦੀ ਮਰਿਆਦਾ ਤੇ ਅਸੂਲਾਂ ਦੀ ਪੂਰਨ ਉਲੰਘਣਾ ਗਰਦਾਨਿਆ ਹੈ।
ਦਾਨਵੇ ਵੱਲੋਂ ਬੀਤੇ ਦਿਨੀਂ ਲੋਕ ਸਭਾ ਵਿੱਚ ਕਿਸਾਨ ਵਿਰੋਧੀ ਆਰਡੀਨੈਂਸਾਂ ਸਬੰਧੀ ਪੰਜਾਬ ਦੀ ਸਹਿਮਤੀ ਹੋਣ ਬਾਰੇ ਦਿੱਤੇ ਗਏ ਬਿਆਨ ਨੂੰ ਪੂਰੀ ਤਰ੍ਹਾਂ ਗਲਤ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਉਪਭੋਗਤਾ ਮਾਮਲੇ, ਖੁਰਾਕ ਤੇ ਜਨਤਕ ਵੰਡ ਰਾਜ ਮੰਤਰੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਂਗਰਸ ਪਾਰਟੀ ਤੇ ਸੂਬਾ ਸਰਕਾਰ ਨੂੰ ਮਿੱਥ ਕੇ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸੋਮਵਾਰ ਨੂੰ ਇਸ ਮੁੱਦੇ ਉਤੇ ਗਲਤ ਬਿਆਨੀ ਕਰ ਕੇ ਸੰਸਦ ਦੀਆਂ ਰਵਾਇਤਾਂ ਨੂੰ ਢਾਹ ਲਾਉਣ ਲਈ ਕੇਂਦਰੀ ਮੰਤਰੀ ਦੀ ਕਰੜੀ ਆਲੋਚਨਾ ਕੀਤੀ ਤੇ ਇਸ ਨੂੰ ਗੁੰਮਰਾਹਕੁਨ ਸੂਚਨਾ ਦੇ ਆਸਰੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਨੀਵਾਂ ਦਿਖਾਉਣ ਦੀ ਸਾਜਿਸ਼ ਦੱਸਿਆ।