Punjab News: ਪੰਜਾਬੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝਾ ਰੱਖਣ ਲਈ ਕੇਂਦਰ ਨੇ ਰੋਕਿਆ 1000 ਕਰੋੜ, CM ਮਾਨ ਨੇ ਕਿਹਾ-ਮੂੰਹ ਤੋੜ ਜਵਾਬ ਦਿਆਂਗੇ
ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਲੈ ਕੇ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪਾਏ ਗਏ ਯੋਗਦਾਨ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੇ ਫੰਡ ਰੋਕ ਰੱਖੇ ਹਨ ਤਾਂ ਕਿ ਪੰਜਾਬੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੀ ਪਹੁੰਚ ਤੋਂ ਵਾਂਝਾ ਰੱਖਿਆ ਜਾ ਸਕੇ।
ਸੂਬੇ ਲਈ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਪਰ ਕੇਂਦਰ ਸਰਕਾਰ ਪੰਜਾਬੀਆਂ ਨੂੰ ਇਨ੍ਹਾਂ ਸਹੂਲਤਾਂ ਤੋਂ ਵਿਰਵਾ ਰੱਖਣ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ।
ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਤੇ ਵਧੀਆ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹਾਂ, ਪ੍ਰੈੱਸ ਕਾਨਫਰੰਸ ਚੰਡੀਗੜ੍ਹ ਤੋਂ Live.. https://t.co/Gi8TDJEDbY
— Bhagwant Mann (@BhagwantMann) July 28, 2024
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਤਾਰਪੀਡੋ ਕਰਨ ਲਈ ਕੌਮੀ ਸਿਹਤ ਮਿਸ਼ਨ ਤਹਿਤ ਸੂਬੇ ਦੇ 1000 ਕਰੋੜ ਰੁਪਏ ਦੀ ਗਰਾਂਟ ਜਾਰੀ ਨਹੀਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਕਦਮ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸੇ ਨਾ ਕਿਸੇ ਬਹਾਨੇ ਗੈਰ-ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਅਫਸੋਸ ਅਤੇ ਹੈਰਾਨੀ ਜ਼ਾਹਰ ਕੀਤੀ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਲੈ ਕੇ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਦੀ ਰਾਖੀ ਲਈ ਪਾਏ ਗਏ ਯੋਗਦਾਨ ਦੇ ਬਾਵਜੂਦ ਕੇਂਦਰੀ ਬਜਟ ਵਿੱਚ ਪੰਜਾਬ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨਾਲ ਕੀਤਾ ਜਾ ਰਿਹਾ ਇਹ ਮਤਰੇਈ ਮਾਂ ਵਾਲਾ ਸਲੂਕ ਕੇਂਦਰ ਸਰਕਾਰ ਦੀ ਸੂਬੇ ਪ੍ਰਤੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੰਜਾਬ ਵਾਸੀ ਇਸ ਦਾ ਮੂੰਹ ਤੋੜਵਾਂ ਜਵਾਬ ਦੇਣਗੇ।
ਮੁੱਖ ਮੰਤਰੀ ਨੇ ਪੰਜਾਬੀਆਂ ਵੱਲੋਂ ਹਰ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬੇ ਵਾਸਤੇ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਵੀ ਦੁਹਰਾਈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਕਿ ਪੰਜਾਬ ਹਰ ਖੇਤਰ ਵਿੱਚ ਸ਼ਾਨਦਾਰ ਤਰੱਕੀ ਕਰੇ ਜਿਸ ਸਦਕਾ ਸੂਬੇ ਦੀ ਪ੍ਰਗਤੀ ਅਤੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਮੌਜੂਦਾ ਸਮੇਂ ਵਿਚ ਦੂਜੇ ਸੂਬਿਆਂ ਨੂੰ ਦਿੱਤੀ ਗਈ ਵਿਸ਼ੇਸ਼ ਟੈਕਸ ਛੋਟ ਸੂਬੇ ਦੇ ਉਦਯੋਗਿਕ ਵਿਕਾਸ ਵਿਚ ਵੱਡੀ ਰੁਕਾਵਟ ਬਣ ਰਹੀ ਹੈ ਕਿਉਂਕਿ ਇਸ ਕਾਰਨ ਉਦਯੋਗਿਕ ਇਕਾਈਆਂ ਦੂਜੇ ਸੂਬਿਆਂ ਵੱਲ ਹਿਜਰਤ ਕਰ ਰਹੀਆਂ ਹਨ।